Share on Facebook Share on Twitter Share on Google+ Share on Pinterest Share on Linkedin ਮੁਹਾਲੀ ਜ਼ਿਲ੍ਹੇ ਵਿੱਚ 44 ਹਜ਼ਾਰ 229 ਬੱਚਿਆਂ ਨੂੰ ਪਿਲਾਈਆਂ ਪੋਲੀਓ-ਰੋਕੂ ਬੂੰਦਾਂ ਸਫਲਤਾ ਨਾਲ ਨੇਪਰੇ ਚੜ੍ਹੀ ਪਲਸ ਪੋਲੀਓ ਮੁਹਿੰਮ, ਟੀਚਾ ਪੂਰਾ ਕੀਤਾ: ਡਾ. ਆਦਰਸ਼ਪਾਲ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ: ਤਿੰਨ ਰੋਜ਼ਾ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨਆਈਡੀ) ਮੁਹਿੰਮ ਤਹਿਤ ਜ਼ਿਲ੍ਹਾ ਮੁਹਾਲੀ ਵਿੱਚ ਕੁੱਲ 44,229 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਜ਼ਿਲ੍ਹੇ ਵਿੱਚ 42,120 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਸੀ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ 27 ਜੂਨ ਨੂੰ ਸ਼ੁਰੂ ਹੋਈ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ 0 ਤੋਂ 5 ਸਾਲ ਤੱਕ ਦੀ ਉਮਰ ਦੇ 19,762 ਅਤੇ ਦੂਜੇ ਦਿਨ 16,157 ਅਤੇ ਤੀਜੇ 8310 ਬੱਚਿਆਂ ਨੂੰ ਦਵਾਈ ਪਿਲਾਈ ਗਈ। ਇਸ ਮੁਹਿੰਮ ਤਹਿਤ ਸਿਰਫ਼ ਉੱਚ ਜੋਖ਼ਮ ਵਾਲੇ ਖੇਤਰ, ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਸਮੇਤ ਸਾਰੇ ਖੇਤਰ ਕਵਰ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਯਕੀਨੀ ਬਣਾਇਆ ਹੈ ਕਿ ਕੋਈ ਵੀ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹੇ, ਜੇ ਫਿਰ ਵੀ ਕਿਸੇ ਕਾਰਨ ਕੋਈ ਬੱਚਾ ਦਵਾਈ ਨਹੀਂ ਪੀ ਸਕਿਆ ਤਾਂ ਉਸ ਨੂੰ ਨੇੜਲੇ ਸਿਹਤ ਕੇਂਦਰ ਵਿੱਚ ਲਿਜਾ ਕੇ ਦਵਾਈ ਪਿਲਾਈ ਜਾ ਸਕਦੀ ਹੈ। ਡਾ. ਆਦਰਸ਼ਪਾਲ ਕੌਰ ਨੇ ਮੁਹਿੰਮ ਦੀ ਸਫ਼ਲਤਾ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੀਆਂ ਆਸ਼ਾ ਵਰਕਰਾਂ, ਏਐਨਐਮਜ਼, ਸਿਹਤ ਵਰਕਰਾਂ ਅਤੇ ਡਾਕਟਰਾਂ ਦਾ ਧਨਵਾਦ ਕੀਤਾ ਜਿਨ੍ਹਾਂ ਸਖ਼ਤ ਗਰਮੀ ਵਿਚ ਪੂਰੀ ਮਿਹਨਤ ਅਤੇ ਲਗਨ ਨਾਲ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ‘ਤੇ ਵੀ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਜ਼ਿਲ੍ਹੇ ਵਿੱਚ ਪੋਲੀਓ ਰੋਕੂ ਮੁਹਿੰਮ ਸਫਲਤਾ ਨਾਲ ਨੇਪਰੇ ਚੜ੍ਹੀ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੁੱਲ 361 ਟੀਮਾਂ ਬਣਾਈਆਂ ਗਈਆਂ ਸਨ। ਜਿਨ੍ਹਾਂ ਵਿੱਚ 312 ਹਾਊਸ ਟੂ ਹਾਊਸ ਟੀਮਾਂ ਸਨ। ਕੁੱਲ 51 ਸੁਪਰਵਾਈਜ਼ਰ ਇਨ੍ਹਾਂ ਟੀਮਾਂ ’ਤੇ ਨਿਗਰਾਨੀ ਰੱਖ ਰਹੇ ਹਨ। ਮੋਬਾਈਲ ਟੀਮਾਂ ਦੀ ਗਿਣਤੀ 49 ਜਦਕਿ ਵੈਕਸੀਨੇਟਰਾਂ ਦੀ ਗਿਣਤੀ 722 ਸੀ। ਸਿਵਲ ਸਰਜਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਭਾਵੇਂ ਬੱਚੇ ਦਾ ਕੁਝ ਘੰਟੇ ਪਹਿਲਾਂ ਹੀ ਜਨਮ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ। ਦੇਖਿਆ ਗਿਆ ਹੈ ਕਿ ਜਿਹੜੇ ਬੱਚੇ ਪੋਲੀਓ ਰੋਕੂ ਦਵਾਈ ਪੀਂਦੇ ਹਨ, ਉਹ ਘੱਟ ਬੀਮਾਰ ਹੁੰਦੇ ਹਨ ਅਤੇ ਉਨ੍ਹਾਂ ਦੇ ਕੁਪੋਸ਼ਣ-ਗ੍ਰਸਤ ਹੋਣ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ