ਬਠਿੰਡਾ ਕਤਲ ਕਾਂਡ: ਪੰਜਾਬ ਪੁਲੀਸ ਵੱਲੋਂ 72 ਘੰਟਿਆਂ ਵਿੱਚ ਸ਼ੂਟਰ ਕਾਬੂ, ਇੱਕ ਸ਼ੂਟਰ ਦੇ ਲੱਤ ’ਚ ਲੱਗੀ ਗੋਲੀ

ਗੋਲੀ ਲੱਗਣ ਨਾਲ ਡੀਐਸਪੀ ਪਵਨ ਕੁਮਾਰ ਤੇ ਸ਼ੂਟਰ ਲਵਜੀਤ ਜ਼ਖਮੀ: ਆਈਜੀ ਭੁੱਲਰ

ਅਰਸ਼ ਡੱਲ੍ਹਾ ਗਰੋਹ ਨਾਲ ਸਬੰਧਤ ਹਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ: ਐੱਸਐੱਸਪੀ ਸੰਦੀਪ ਗਰਗ

ਨਬਜ਼-ਏ-ਪੰਜਾਬ, ਮੁਹਾਲੀ, 1 ਨਵੰਬਰ:
ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਬਲਟਾਣਾ ਵਿੱਚ ਹੋਟਨ ਗ੍ਰੈਂਡ ਵਿਸਟਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਬਠਿੰਡਾ ਵਿੱਚ ਕੁਲਚਿਆਂ ਦੀ ਦੁਕਾਨ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਦੇਰ ਸ਼ਾਮ ਮੁਹਾਲੀ ਵਿਖੇ ਰੂਪਨਗਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ। ਇਸ ਮੌਕੇ ਐੱਸਐੱਸਪੀ ਸੰਦੀਪ ਗਰਗ ਵੀ ਮੌਜੂਦ ਸਨ।
ਆਈਜੀ ਭੁੱਲਰ ਨੇ ਦੱਸਿਆ ਕਿ ਗੋਲੀ ਮਾਰਨ ਵਾਲੇ ਦੀ ਪਛਾਣ ਭੀਖੀ, ਮਾਨਸਾ ਦੇ ਰਹਿਣ ਵਾਲੇ ਲਵਜੀਤ ਸਿੰਘ ਵਜੋਂ ਹੋਈ ਹੈ, ਜਦੋਂਕਿ ਉਸਦੇ ਦੋ ਸਾਥੀਆਂ ਦੀ ਪਛਾਣ ਪਰਮਜੀਤ ਸਿੰਘ ਅਤੇ ਕਮਲਜੀਤ ਸਿੰਘ ਦੋਵੇਂ ਵਾਸੀ ਮਾਨਸਾ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ .30 ਬੋਰ ਦੇ ਦੋ ਪਿਸਤੌਲ ਅਤੇ ਕੁੱਝ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਬੀਤੇ ਸ਼ਨਿਚਰਵਾਰ ਨੂੰ ਕੁਲਚਾ ਦੁਕਾਨ ਦੇ ਮਾਲਕ ਹਰਜਿੰਦਰ ਸਿੰਘ ਉਰਫ਼ ਮੇਲਾ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਉਹ ਆਪਣੀ ਦੁਕਾਨ ਦੇ ਬਾਹਰ ਕੁਰਸੀ ’ਤੇ ਬੈਠਾ ਸੀ। ਇਸ ਸਬੰਧੀ ਥਾਣਾ ਕੋਤਵਾਲੀ ਬਠਿੰਡਾ ਵਿੱਚ ਧਾਰਾ 302 ਤੇ 120ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਆਈਜੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਬਲਟਾਣਾ ਦੇ ਇੱਕ ਹੋਟਲ ਵਿੱਚ ਲੁਕੇ ਹੋਏ ਬਠਿੰਡਾ ਕਤਲ ਕਾਂਡ ਨਾਲ ਸਬੰਧਤ ਮੁਲਜ਼ਮਾਂ ਬਾਰੇ ਪੁਖ਼ਤਾ ਇਤਲਾਹ ਤੋਂ ਬਾਅਦ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਅਤੇ ਜ਼ਿਲ੍ਹਾ ਪੁਲੀਸ ਦੀਆਂ ਟੀਮਾਂ ਨੇ ਬਲਟਾਣਾ ਦੇ ਇੱਕ ਹੋਟਲ ਗ੍ਰੈਂਡ ਵਿਸਟਾ ਵਿਖੇ ਮੁਲਜ਼ਮਾਂ ਦੀ ਪੈੜ ਨੱਪਣ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ। ਜਦੋਂ ਪੁਲੀਸ ਨੇ ਹੋਟਲ ਨੂੰ ਘੇਰ ਲਿਆ ਤਾਂ ਇੱਕ ਮੁਲਜ਼ਮ ਨੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਪੁਲੀਸ ਟੀਮ ਦੀ ਅਗਵਾਈ ਕਰ ਰਹੇ ਡੀਐਸਪੀ ਪਵਨ ਕੁਮਾਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲੀਸ ਕਰਮੀਆਂ ਨੇ ਵੀ ਆਤਮ ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ। ਜਿਸ ਦੌਰਾਨ ਇੱਕ ਮੁਲਜ਼ਮ ਲਵਜੀਤ ਸਿੰਘ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਡੀਐਸਪੀ ਪਵਨ ਕੁਮਾਰ ਅਤੇ ਮੁਲਜ਼ਮ ਲਵਜੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਮੁਹਾਲੀ ਦੇ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਅਰਸ਼ ਡੱਲ੍ਹਾ ਗਰੋਹ ਜਿਸ ਨੇ ਹਰਜਿੰਦਰ ਮੇਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ, ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ। ਮੁਲਜ਼ਮਾਂ ਖ਼ਿਲਾਫ਼ ਧਾਰਾ 307, 353, 186 ਤੇ 34 ਅਤੇ ਅਸਲਾ ਐਕਟ ਤਹਿਤ ਜ਼ੀਰਕਪੁਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…