Share on Facebook Share on Twitter Share on Google+ Share on Pinterest Share on Linkedin ਪੁਰਾਣੀ ਪੈਨਸ਼ਨ ਬਹਾਲੀ ਲਈ ਯੋਜਨਾ-ਬੱਧ ਤੇ ਲੜੀਵਾਰ ਤਿੱਖੇ ਸੰਘਰਸ਼ ਕਰਨ ਦੀ ਲੋੜ: ਡਾ. ਘੁੰਮਣ ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਪੈਨਸ਼ਨਰਜ਼ ਦਿਵਸ ਮਨਾਇਆ ਸਿੱਖਿਆ ਬੋਰਡ ਦੇ ਚਾਰ ਸੇਵਾਮੁਕਤ ਅਫ਼ਸਰਾਂ ਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 20 ਦਸੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਬੋਰਡ ਦੇ ਆਡੀਟੋਰੀਅਮ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਗਿਆ। ਜਿਸ ਵਿੱਚ ਬੋਰਡ ਦੇ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਬੀਐਸ ਘੁੰਮਣ ਮੁੱਖ ਮਹਿਮਾਨ ਸਨ ਜਦੋਂਕਿ ਪ੍ਰਧਾਨਗੀ ਬੋਰਡ ਦੇ ਸਕੱਤਰ ਅਵਿਕੇਸ ਗੁਪਤਾ ਨੇ ਕੀਤੀ। ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਵਾਤਾਵਰਨ ਪ੍ਰੇਮੀ ਗੁਰਮੇਲ ਸਿੰਘ ਮੌਜੇਵਾਲ ਨੇ ਪੈਨਸ਼ਨਰ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕਰਦਿਆਂ ਬੋਰਡ ਦੀ ਮੌਜੂਦਾ ਵਿੱਤੀ ਹਾਲਤ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਬੋਰਡ ਦੇ ਸਕੱਤਰ ਨੂੰ ਮੰਗ ਪੱਤਰ ਦਿੱਤਾ। ਡਾ. ਬੀਐਸ ਘੁੰਮਣ ਨੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਯੋਜਨਾ-ਬੱਧ ਅਤੇ ਲੜੀਵਾਰ ਤਿੱਖੇ ਸੰਘਰਸ਼ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਕਾਰਪੋਰੇਟ-ਪੱਖੀ ਨੀਤੀਆਂ ਅਪਣਾ ਕੇ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀਆਂ ਹਨ। ਲਿਹਾਜ਼ਾ ਇਨਸਾਫ਼ ਪ੍ਰਾਪਤੀ ਲਈ ਏਕੇ ਦੀ ਜ਼ਰੂਰਤ ਹੈ। ਉਨ੍ਹਾਂ ਨੇ ਮੌਜੂਦਾ ਆਗੂਆਂ ਨੂੰ ਆਪਣੇ ਪੁਰਾਣੇ ਸਾਥੀਆਂ ਦਾ ਸਨਮਾਨ ਕਰਨ ਦਾ ਸੁਝਾਅ ਵੀ ਦਿੱਤਾ। ਸਿੱਖਿਆ ਬੋਰਡ ਦੇ ਸਕੱਤਰ ਅਵਿਕੇਸ ਗੁਪਤਾ ਨੇ ਕਿਹਾ ਕਿ ਬੋਰਡ ਦੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਲਈ ਬੋਰਡ ਮੈਨੇਜਮੈਂਟ ਵੱਲੋਂ ਸਾਰਥਿਕ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਥਿਤੀ ਠੀਕ ਹੋ ਜਾਵੇਗੀ। ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਆਪਣੀ ਸਮੁੱਚੀ ਟੀਮ ਨਾਲ ਸ਼ਿਰਕਤ ਕੀਤੀ ਅਤੇ ਬੋਰਡ ਦੀ ਆਰਥਿਕਤਾ ਬਾਰੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਸਮੇਤ ਬੋਰਡ ਦੇ ਚਾਰ ਸਾਬਕਾ ਅਧਿਕਾਰੀਆਂ ਡਾ. ਜਗੀਰ ਸਿੰਘ, ਹਰਬੰਸ ਕੌਰ ਗਿੱਲ, ਸਵਰਨ ਕੌਰ ਅਤੇ ਰਜਨੀਸ਼ ਸ਼ਰਮਾ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉੱਘੇ ਨਾਟਕਕਾਰ ਅਨੀਤਾ ਸ਼ਬਦੀਸ਼ ਵੱਲੋਂ ਨਾਟਕ ‘ਗੁੰਮ-ਸ਼ੁਦਾ ਅੌਰਤ’ ਦੀ ਲਾ-ਮਿਸਾਲ ਪੇਸ਼ਕਾਰੀ ਕੀਤੀ। ਉਨ੍ਹਾਂ ਨੇ ਪੜ੍ਹੀ ਲਿਖੀ ਅੌਰਤ ਦੀ ਮਾਨਸਿਕ ਅਤੇ ਸਰੀਰਕ ਗੁਲਾਮੀ ਦੀ ਦਾਸਤਾਨ ਪੇਸ਼ ਕਰਕੇ ਦਰਸ਼ਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ। ਯੂਨੀਅਨ ਆਗੂ ਨਛੱਤਰ ਸਿੰਘ ਖਿਆਲਾ ਨੇ ਲੰਗਰ ਦਾ ਪ੍ਰਬੰਧ ਕੀਤਾ। ਅੰਤ ਵਿੱਚ ਯੂਨੀਅਨ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੌਰ ਨੇ ਬਾਖ਼ੂਬੀ ਨਿਭਾਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ