Share on Facebook Share on Twitter Share on Google+ Share on Pinterest Share on Linkedin ਸਫ਼ਾਈ ਸੇਵਕਾਂ ਵੱਲੋਂ ਹੜਤਾਲ ’ਤੇ ਜਾਣ ਅਤੇ ਸ਼ੁੱਕਰਵਾਰ ਨੂੰ ਮੀਟਿੰਗ ਦਾ ਘਿਰਾਓ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮੁਹਾਲੀ, 20 ਦਸੰਬਰ: ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕਮਿਸ਼ਨਰ ਨਵਜੋਤ ਕੌਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਸ਼ਹਿਰ ਦੇ ਸਫ਼ਾਈ ਸੇਵਕਾਂ ਨੇ ਭਲਕੇ 21 ਦਸੰਬਰ ਨੂੰ ਹੜਤਾਲ ’ਤੇ ਜਾਣ ਅਤੇ 22 ਦਸੰਬਰ ਨੂੰ ਹਾਊਸ ਦੀ ਮੀਟਿੰਗ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਇੱਥੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੀ ਹੋਈ ਹੰਗਾਮੀ ਮੀਟਿੰਗ ਵਿੱਚ ਲਿਆ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਪਵਨ ਗੋਡਯਾਲ ਨੇ ਦੱਸਿਆ ਕਿ ਨਵੰਬਰ ਮਹੀਨੇ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਦੋ ਵਾਰ ਹੜਤਾਲ ਦਾ ਜਾਣ ਦਾ ਫ਼ੈਸਲਾ ਲਿਆ ਗਿਆ ਸੀ ਪ੍ਰੰਤੂ ਐਨ ਮੌਕੇ ਮੇਅਰ ਜੀਤੀ ਸਿੱਧੂ ਅਤੇ ਕਮਿਸ਼ਨ ਮੈਡਮ ਨੇ ਜਥੇਬੰਦੀ ਦੇ ਮੋਹਰੀ ਆਗੂਆਂ ਨਾਲ ਮੀਟਿੰਗ ਕਰਕੇ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੰਦੇ ਹੋਏ ਮਤੇ ਪਾਸ ਕਰਵਾਉਣ ਦੀ ਗੱਲ ਕਹੀ ਗਈ ਸੀ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੇਅਰ ਅਤੇ ਅਧਿਕਾਰੀ ਝੂਠੇ ਲਾਰੇ ਲਗਾ ਕੇ ਡੰਗ ਟਪਾਉਂਦੇ ਆ ਰਹੇ ਹਨ। ਲੇਕਿਨ ਹੁਣ ਉਹ ਆਪਣੀਆਂ ਮੰਗਾਂ ਲਾਗੂ ਕਰਵਾ ਕੇ ਦਮ ਲੈਣਗੇ। ਪਵਨ ਗੋਡਯਾਲ ਨੇ ਦੱਸਿਆ ਕਿ ਜਥੇਬੰਦੀ ਦੇ ਧਿਆਨ ਵਿੱਚ ਆਇਆ ਹੈ ਕਿ ਸ਼ੁੱਕਰਵਾਰ ਨੂੰ ਨਗਰ ਨਿਗਮ ਦੇ ਮੈਂਬਰਾਂ ਦੀ ਹੋਣ ਜਾ ਰਹੀ ਮੀਟਿੰਗ ਵਿੱਚ ਵੀ ਸਫ਼ਾਈ ਸੇਵਕਾਂ ਨਾਲ ਸਬੰਧਤ ਕੋਈ ਮਤਾ ਹਾਊਸ ਵਿੱਚ ਨਹੀਂ ਲਿਆਂਦਾ ਜਾ ਰਿਹਾ ਹੈ, ਸਗੋਂ ਇਸ ਦੇ ਉਲਟ ਅਫ਼ਸਰਸ਼ਾਹੀ ਵੱਲੋਂ ਜਥੇਬੰਦੀ ਦੀ ਅੰਬੇਡਕਰਵਾਦੀ ਸੋਚ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਬਦਲਾਊ ਕਾਰਵਾਈ ਕਰਦੇ ਹੋਏ ਬਿਨਾਂ ਕਾਰਨ ਸ਼ਹਿਰ ਦੀ ਸਫ਼ਾਈ ਦੀ ਦੇਖਰੇਖ ਕਰਨ ਵਾਲੇ ਸਾਰੇ ਫ਼ੀਲਡ ਅਫ਼ਸਰਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਲਿਖਤੀ ਬੇਨਤੀ ਦੇ ਬਾਵਜੂਦ ਜਥੇਬੰਦੀ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ। ਆਗੂਆਂ ਨੇ ਦੱਸਿਆ ਕਿ ਸਵੱਛ ਭਾਰਤ ਅਤੇ ਸੈਗਰੀਗੇਸ਼ਨ ਨੂੰ ਕਾਮਯਾਬ ਕਰਨਾ ਸਾਰੇ ਸ਼ਹਿਰ ਵਾਸੀਆਂ ਦੀ ਜ਼ਿੰਮੇਵਾਰੀ ਹੈ ਪ੍ਰੰਤੂ ਨਗਰ ਨਿਗਮ ਦੀ ਅਫ਼ਸਰਸ਼ਾਹੀ ਮਨੂਵਾਦੀ ਸੋਚ ਰੱਖਦੇ ਹੋਏ ਵਾਲਮੀਕੀ ਸਮਾਜ ਨਾਲ ਸਬੰਧਤ ਵੇਸਟ ਕੁਲੈਕਟਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਅੱਜ ਵੀ ਗੁਲਾਮਾਂ ਵਾਂਗ ਕੰਮ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਰੋਸ ਵਜੋਂ ਭਲਕੇ 21 ਦਸੰਬਰ ਤੋਂ ਸਫ਼ਾਈ ਦਾ ਕੰਮ ਮੁਕੰਮਲ ਬੰਦ ਕਰਕੇ ਹੜਤਾਲ ਕੀਤੀ ਜਾਵੇਗੀ ਅਤੇ 22 ਦਸੰਬਰ ਨੂੰ ਹੋਣ ਵਾਲੀ ਹਾਊਸ ਦੀ ਮੀਟਿੰਗ ਦੌਰਾਨ ਦਫ਼ਤਰ ਦੇ ਬਾਹਰ ਕੂੜਾ ਸੁੱਟ ਕੇ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਲਈ ਮੁਹਾਲੀ ਨਿਗਮ ਦੀ ਅਫ਼ਸਰਸ਼ਾਹੀ ਜ਼ਿੰਮੇਵਾਰ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ