ਵਿਦਿਆਰਥੀਆਂ ਨੇ ਸਿਵਲ ਸੇਵਾਵਾਂ ਪ੍ਰਸ਼ਾਸਨਿਕ ਕੰਮਾਂ ਬਾਰੇ ਡੀਸੀ, ਏਡੀਸੀ ਤੇ ਹੋਰ ਅਧਿਕਾਰੀਆਂ ਨੂੰ ਸਵਾਲ ਪੁੱਛੇ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦੀ ‘ਐਕਸਪੋਜਰ ਵਿਜ਼ਟ’ ਦੌਰਾਨ ਪ੍ਰਸ਼ਾਸਨਿਕ ਕੰਮਾਂ ਵਿੱਚ ਦਿਖਾਈ ਡੂੰਘੀ ਦਿਲਚਸਪੀ

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਆਪਣੇ ਦੌਰੇ ਦੌਰਾਨ ਆਪਣੇ ਭਵਿੱਖ ਬਾਰੇ ਉਤਸੁਕ

ਨਬਜ਼-ਏ-ਪੰਜਾਬ, ਮੁਹਾਲੀ, 29 ਦਸੰਬਰ:
ਵਿਦਿਆਰਥੀਆਂ ਦੀ ਦੂਰ-ਦ੍ਰਿਸ਼ਟੀ ਨੂੰ ਜਾਣਕਾਰੀ ਅਤੇ ਉਨ੍ਹਾਂ ਨੂੰ ਵੱਖ-ਵੱਖ ਪੇਸ਼ੇਵਰ ਖੇਤਰਾਂ, ਕਰੀਅਰ ਕੌਂਸਲਿੰਗ ਅਤੇ ਟੀਚਿਆਂ ਦੀ ਪ੍ਰਾਪਤੀ ਲਈ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਵਿੱਚ ਮਦਦ ਕਰਨ ਲਈ ਸਕੂਲ ਆਫ਼ ਐਮੀਨੈਂਸ ਫੇਜ਼-3ਬੀ1 ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਐਕਸਪੋਜ਼ਰ ਵਿਜ਼ਟ ਦੌਰਾਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਗੱਲਬਾਤ ਕਰਦਿਆਂ ਸਿਵਲ ਸੇਵਾਵਾਂ ਵਿੱਚ ਉਨ੍ਹਾਂ ਦੇ ਸਫ਼ਰ ਬਾਰੇ ਜਾਣਨ ਦੇ ਨਾਲ-ਨਾਲ ਪਰਿਵਾਰਕ ਮਾਮਲਿਆਂ ਦੀ ਦੇਖ-ਰੇਖ ਅਤੇ ਦਫ਼ਤਰੀ ਜ਼ਿੰਮੇਵਾਰੀਆਂ ਨਿਭਾਉਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਡੀਸੀ ਆਸ਼ਿਕਾ ਜੈਨ ਨੇ ਵਿਦਿਆਰਥੀਆਂ ਦੀ ਉਤਸੁਕਤਾ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਹਰ ਕਿਸੇ ਨੂੰ ਆਪਣੀ ਜ਼ਿੰਦਗੀ ਵਿੱਚ ਕੁਝ ਨਾ ਕੁਝ ਹਾਸਲ ਕਰਨ ਦਾ ਟੀਚਾ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਅੱਠਵੀਂ ਜਮਾਤ ਦੀ ਪੜ੍ਹਾਈ ਦੌਰਾਨ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਦਾ ਟੀਚਾ ਮਿੱਥ ਕੇ ਆਪਣੀ ਕਰੀਅਰ ਯਾਤਰਾ ਸ਼ੁਰੂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਿਤਾ ਤੋਂ ਪ੍ਰੇਰਿਤ ਹੋ ਕੇ ਐਲਐਲਬੀ ਕਰਨ ਲਈ ਮਨ ਬਣਾਇਆ। ਉਪਰੰਤ ਇੱਕ ਲਾਅ ਫਰਮ ਜਿਸਨੇ 20 ਲੱਖ ਰੁਪਏ ਦੇ ਸਾਲਾਨਾ ਪੈਕੇਜ ਦੀ ਪੇਸ਼ਕਸ਼ ਕੀਤੀ ਸੀ, ਦੀ ਪੇਸ਼ਕਸ਼ ਨੂੰ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਨਾਂਹ ਕੇ ਦਿੱਤੀ। ਉਸ ਨੇ ਯੂਪੀਐਸਸੀ ਵਿੱਚ ਸ਼ਾਮਲ ਹੋਣ ਦੀ ਆਪਣੀ ਇੱਛਾ ਦਾ ਟੀਚਾ ਬਰਕਰਾਰ ਰੱਖਿਆ ਅਤੇ ਅੰਤ ਵਿੱਚ ਇਸ ਨੂੰ ਪ੍ਰਾਪਤ ਕਰ ਲਿਆ।
ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਇੱਕ ਟੀਚਾ ਨਿਰਧਾਰਤ ਕਰਨ ਅਤੇ ਇਸ ਦੇ ਪੂਰਾ ਹੋਣ ਤੱਕ ਪੂਰੀ ਲਗਨ ਨਾਲ ਇਸ ਦੀ ਪ੍ਰਾਪਤੀ ਤੱਕ ਮਿਹਨਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸਮਾਂ ਸਾਰਣੀ ਤਿਆਰ ਕਰਨ ਅਤੇ ਉਸ ਅਨੁਸਾਰ ਅਧਿਐਨ ਕਰਨ। ਅਧਿਐਨ ਕਰਨ ਦਾ ਸਭ ਤੋਂ ਵਧੀਆ ਸਮਾਂ ਸਵੇਰ ਦਾ ਹੈ। ਪਰਿਵਾਰ ਨੂੰ ਸੰਭਾਲਣ ਦੇ ਨਾਲ-ਨਾਲ ਜ਼ਿਲ੍ਹਾ ਪ੍ਰਬੰਧਕੀ ਮੁਖੀ ਦੀ ਜ਼ਿੰਮੇਵਾਰੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਮਾਂ, ਪਤਨੀ, ਧੀ ਅਤੇ ਡਿਪਟੀ ਕਮਿਸ਼ਨਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਸੰਭਾਲ ਕੇ ਪੇਸ਼ੇਵਰ ਤੌਰ ’ਤੇ ਘਰ ਤੇ ਦਫ਼ਤਰ ਉੱਤੇ ਧਿਆਨ ਕੇਂਦਰਿਤ ਕਰਦੇ ਹਨ।
ਸ੍ਰੀਮਤੀ ਆਸ਼ਿਕਾ ਜੈਨ ਨੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਉਹ ਰੈਗੂਲੇਟਰੀ ਸ਼ਕਤੀਆਂ ਦੇ ਨਾਲ-ਨਾਲ ਜਨਤਕ ਭਲਾਈ ਸੇਵਾਵਾਂ ਜਿਵੇਂ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਿਹਤ ਅਤੇ ਵਿੱਦਿਅਕ ਸੇਵਾਵਾਂ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਕਦਮ ਚੁੱਕਦੇ ਹਨ।
ਇਸ ਤੋਂ ਪਹਿਲਾਂ ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਅਤੇ ਸਹਾਇਕ ਕਮਿਸ਼ਨਰ (ਅੰਡਰ ਟਰੇਨੀ) ਡੇਵੀ ਗੋਇਲ ਨਾਲ ਗੱਲਬਾਤ ਕਰਦਿਆਂ ਵਿਦਿਆਰਥੀਆਂ ਨੇ ਦੋਵਾਂ ਨੂੰ ਕਈ ਸਵਾਲ ਪੁੱਛੇ ਅਤੇ ਉਨ੍ਹਾਂ ਦੇ ਕਠਿਨ ਸਫ਼ਰ ’ਤੇ ਚੱਲਣ ਲਈ ਡੂੰਘੀ ਦਿਲਚਸਪੀ ਦਿਖਾਈ। ਏਡੀਸੀ ਸੋਨਮ ਚੌਧਰੀ ਨੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਬ ਡਵੀਜ਼ਨ ਪੱਧਰ ’ਤੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਪੱਧਰ ’ਤੇ ਏਡੀਸੀ ਸਮੇਤ ਕੰਮ ਕਰਦੇ ਪ੍ਰਸ਼ਾਸਨਿਕ ਢਾਂਚੇ ’ਤੇ ਚਾਨਣਾ ਪਾਇਆ।
ਇਸੇ ਦੌਰਾਨ ਵਿਦਿਆਰਥੀਆਂ ਨੇ ਸੇਵਾ ਕੇਂਦਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਸਿਟੀਜ਼ਨ ਓਰੀਐਂਟਿਡ ਸਰਵਿਸਿਜ਼ ਡਿਲੀਵਰੀ ਦੇ ਨਾਲ-ਨਾਲ 1076 ’ਤੇ ਡਾਇਲ ਕਰਕੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਦੇ ਤਹਿਤ 43 ਸੇਵਾਵਾਂ ਦੀ ਹੋਮ ਡਿਲੀਵਰੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਐਸਡੀਐਮ ਚੰਦਰਜੋਤੀ ਸਿੰਘ, ਏਡੀਸੀ ਸ਼ਹਿਰੀ ਵਿਕਾਸ ਅਤੇ ਜਨਰਲ ਦੇ ਦਫ਼ਤਰਾਂ ਦਾ ਵੀ ਦੌਰਾ ਕੀਤਾ ਅਤੇ ਪ੍ਰਸ਼ਾਸਨਿਕ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਨਵੇਂ ਉਪਰਾਲੇ ਵਿੱਚ ਵਿਦਿਆਰਥੀਆਂ ਦੀ ਅਗਵਾਈ ਕਰ ਰਹੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਲਈ ਐਕਸਪੋਜ਼ਰ ਵਿਜ਼ਟ ਦੀ ਲੜੀ ਚਲਾ ਰਿਹਾ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਐਕਸਪੋਜਰ ਵਿਜ਼ਟ ਦੌਰਾਨ ਡੀਏਸੀ ਮੁਹਾਲੀ, ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ, ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਟੈਕਨਾਲੋਜੀ ਐਂਡ ਰਿਸਰਚ ਦਾ ਵੀ ਦੌਰਾ ਕੀਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…