ਡੀਸੀ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਦੀ ਤਿਆਰੀ ਸਬੰਧੀ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿੱਚ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਨਬਜ਼-ਏ-ਪੰਜਾਬ, ਮੁਹਾਲੀ, 3 ਜਨਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਗਣਤੰਤਰ ਦਿਵਸ ਮਨਾਇਆ ਜਾਵੇਗਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀ ਲਈ ਅੱਜ ਸਿਵਲ ਪ੍ਰਸ਼ਾਸਨ, ਪੁਲੀਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਡਿਊਟੀਆਂ ਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਡੀਸੀ ਆਸ਼ਿਕਾ ਜੈਨ ਨੇ ਦੇਸ਼ ਭਗਤੀ ਅਤੇ ਜੋਸ਼ ਭਰਪੂਰ ਸਭਿਆਚਾਰਕ ਗਤੀਵਿਧੀਆਂ ’ਤੇ ਜ਼ੋਰ ਦਿੰਦਿਆਂ ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੂੰ ਸਭਿਆਚਾਰਕ ਪ੍ਰੋਗਰਾਮ ਤਿਆਰ ਕਰਵਾਉਣ ਦੀ ਡਿਊਟੀ ਸੌਂਪੀ ਗਈ। ਉਨ੍ਹਾਂ ਨਾਲ ਟੀਮ ਵਿੱਚ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਸਮਾਗਮ ਵਾਲੇ ਦਿਨ ਇਸ ਟੀਮ ਨੂੰ ਵਿਕਾਸ ਅਤੇ ਭਲਾਈ ਸਕੀਮਾਂ ਬਾਰੇ ਝਾਕੀਆਂ ਤਿਆਰ ਕਰਵਾਉਣ ਲਈ ਕਿਹਾ ਗਿਆ। ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੂੰ ਆਜ਼ਾਦੀ ਘੁਲਾਟੀਆਂ ਦੇ ਬੈਠਣ ਦੇ ਪ੍ਰਬੰਧਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਲ੍ਹਾ ਪੁਲੀਸ ਨੂੰ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਮਾਰਚ ਪਾਸਟ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਸਹਾਇਕ ਕਮਿਸ਼ਨਰ (ਜਨਰਲ) ਨੂੰ ਡਿਊਟੀ ਪਾਸ ਜਾਰੀ ਕਰਨ ਅਤੇ ਸੱਦਾ ਪੱਤਰ ਦੇਣ ਲਈ ਪਾਬੰਦ ਕੀਤਾ ਗਿਆ।

ਡੀਸੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਰਿਹਰਸਲ ਅਤੇ ਪ੍ਰੋਗਰਾਮ ਵਾਲੇ ਦਿਨ ਲਈ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ। ਆਰਟੀਏ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਵਾਜਾਈ ਸਾਧਨਾਂ ਦਾ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਅਤੇ ਆਰਜ਼ੀ ਵਾਸ਼ਰੂਮਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਰਿਹਰਸਲ ਅਤੇ ਪ੍ਰੋਗਰਾਮ ਦੌਰਾਨ ਕਿਸੇ ਨੂੰ ਕੋਈ ਦਿੱਕਤ ਨਾ ਆਵੇ। ਐਸਡੀਐਮ ਚੰਦਰਜੋਤੀ ਸਿੰਘ ਸਮਾਗਮ ਦੇ ਸਮੁੱਚੇ ਇੰਚਾਰਜ ਹੋਣਗੇ ਜਦਕਿ ਏਡੀਸੀ (ਜਨਰਲ) ਵਿਰਾਜ ਐਸ ਤਿੜਕੇ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਸਮੇਤ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਸਬੰਧਤ ਦਫ਼ਤਰਾਂ ਦੇ ਮੁਖੀ 10 ਜਨਵਰੀ ਤੱਕ ਸਿਫ਼ਾਰਸ਼ਾਂ ਭੇਜ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…