ਲੰਬਿਤ ਇੰਤਕਾਲ ਦਰਜ ਕਰਨ ਲਈ ਸੋਮਵਾਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਡੀਸੀ

ਡੀਸੀ ਆਸ਼ਿਕਾ ਜੈਨ ਵੱਲੋਂ ਲੋਕਾਂ ਨੂੰ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਨਬਜ਼-ਏ-ਪੰਜਾਬ, ਮੁਹਾਲੀ, 13 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਪਿਛਲੇ ਹਫ਼ਤੇ (6 ਜਨਵਰੀ) ਨੂੰ ਚਲਾਈ ਮੁਹਿੰਮ ਨੂੰ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਸੂਬੇ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀਆਂ ਹਦਾਇਤਾਂ ਅਨੁਸਾਰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਵਿਸ਼ੇਸ਼ ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਨੇ ਲੋਕਾਂ ਨੂੰ ਇਸ ਦੂਸਰੇ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ’ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਬਾਬਤ ਜਾਰੀ ਹੈਲਪਲਾਈਨ ਨੰਬਰ 8184900002 ਉੱਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨਆਰਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ’ਤੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…