Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਵੱਲੋਂ ਗਮਾਡਾ ਵਿੱਚ ਤਿੰਨ ਨਵੇਂ ਡਾਇਰੈਕਟਰ ਨਿਯੁਕਤ, ਵਿਰੋਧੀਆਂ ਨੇ ਸਵਾਲ ਚੁੱਕੇ ਦੋ ਕੈਬਨਿਟ ਮੰਤਰੀਆਂ ਅਤੇ ਆਪ ਆਗੂਆਂ ਦੀ ਮੌਜੂਦਗੀ ਵਿੱਚ ਗਮਾਡਾ ਦੇ ਤਿੰਨ ਨਵੇਂ ਡਾਇਰੈਕਟਰਾਂ ਨੇ ਅਹੁਦੇ ਸੰਭਾਲੇ ਨਬਜ਼-ਏ-ਪੰਜਾਬ, ਮੁਹਾਲੀ, 8 ਫਰਵਰੀ: ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵਿੱਚ ਤਿੰਨ ਨਵੇਂ ਡਾਇਰੈਕਟਰਾਂ ਗੁਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਜਸਵਿੰਦਰ ਸਿੰਘ ਸਿੱਧੂ ਦੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਅਤੇ ਗਮਾਡਾ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਪੁੱਡਾ\ਗਮਾਡਾ ਵਿੱਚ ਡਾਇਰੈਕਟਰਜ਼ ਦੀ ਕੋਈ ਅਸਾਮੀ ਜਾਂ ਸਿਆਸੀ ਅਹੁਦਾ ਨਹੀਂ ਹੈ। ਜਦੋਂਕਿ ਚੇਅਰਮੈਨ ਖ਼ੁਦ ਮੌਜੂਦਾ ਮੁੱਖ ਮੰਤਰੀ ਹੁੰਦੇ ਹਨ। ਇਨ੍ਹਾਂ ਦੋਵੇਂ ਅਦਾਰਿਆਂ ਵਿੱਚ ਹਮੇਸ਼ਾ ਹੀ ਮੁੱਖ ਪ੍ਰਸ਼ਾਸਕ, ਵਧੀਕ ਮੁੱਖ ਪ੍ਰਸ਼ਾਸਕ, ਅਸਟੇਟ ਅਫ਼ਸਰ ਦੀਆਂ ਹੀ ਪ੍ਰਵਾਨਿਤ ਅਸਾਮੀਆਂ ਹਨ। ਜਿਨ੍ਹਾਂ ਉੱਤੇ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ ਚਹੇਤੇ ਅਫ਼ਸਰਾਂ ਨੂੰ ਤਾਇਨਾਤ ਕੀਤਾ ਜਾਂਦਾ ਹੈ, ਪਰ ਡਾਇਰੈਕਟਰਾਂ ਦੀਆਂ ਨਿਯੁਕਤੀਆਂ ਪਹਿਲੀ ਵਾਰ ਹੋਈਆਂ ਹਨ। ਇਸ ਮੁੱਦੇ ’ਤੇ ਵਿਰੋਧੀ ਧਿਰਾਂ ਨੇ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਪਰੋਕਤ ਨਿਯੁਕਤੀਆਂ ਨੂੰ ਸਰਕਾਰੀ ਖਜਾਨੇ ’ਤੇ ਬੋਝ ਦੱਸਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਜਸਵਿੰਦਰ ਸਿੰਘ ਸਿੱਧੂ ਨੂੰ ਗਮਾਡਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਜਿਨ੍ਹਾਂ ਨੇ ਪੁੱਡਾ ਭਵਨ ਵਿਖੇ ਇੱਕ ਸਾਦੇ ਸਮਾਰੋਹ ਦੌਰਾਨ ਆਪਣੇ ਅਹੁਦੇ ਸੰਭਾਲ ਲਏ ਹਨ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਕਈ ਵਿਧਾਇਕ ਮੌਜੂਦ ਸਨ। ਇਸ ਮੌਕੇ ਗੁਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਜਸਵਿੰਦਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ਼ ਆਪਣੇ ਰਿਸ਼ਤੇਦਾਰ ਜਾਂ ਚਹੇਤਿਆਂ ਨੂੰ ਹੀ ਵੱਡੀ ਜ਼ਿੰਮੇਵਾਰੀਆਂ ਦਿੰਦੀਆਂ ਸਨ ਪ੍ਰੰਤੂ ਆਮ ਆਦਮੀ ਪਾਰਟੀ ਨੇ ਸਾਧਾਰਨ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਹੈ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਲਾਡੀ ਢੋਂਸ, ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਲੁਧਿਆਣਾ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਅਹਬਾਬ ਸਿੰਘ ਗਰੇਵਾਲ ਐਡਵੋਕੇਟ ਜਸਮਨ ਸਿੰਘ ਗਿੱਲ, ਹਰ ਭੁਪਿੰਦਰ ਸਿੰਘ ਧਰੋੜ, ਮਾ. ਹਰੀ ਸਿੰਘ ਮੌਜੂਦ ਸਨ। ਸਾਬਕਾ ਸਿਹਤ ਮੰਤਰੀ ਤੇ ਸੀਨੀਅਰ ਕਾਂਗਰਸ ਆਗੂ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਦੇ ਤਿੰਨ ਨਵੇਂ ਡਾਇਰੈਕਟਰਾਂ ਦੀਆਂ ਨਿਯੁਕਤੀਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖ਼ਾਹਾਂ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਪੈਨਸ਼ਨਾਂ ਦੇਣ ਲਈ ਤਾਂ ਪੈਸੇ ਨਹੀਂ ਹਨ, ਪ੍ਰੰਤੂ ਹੁਣ ਤਿੰਨ ਨਵੇਂ ਡਾਇਰੈਕਟਰ ਲਗਾ ਕੇ ਸਰਕਾਰੀ ਖਜਾਨੇ ’ਤੇ ਹੋਰ ਬੋਝ ਪਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਗਮਾਡਾ\ਪੁੱਡਾ ਨੂੰ ਸਹੀ ਢੰਗ ਨਾਲ ਚਲਾਉਣ ਵਿੱਚ ਫੇਲ੍ਹ ਸਾਬਤ ਹੋਈ ਹੈ। ਲੋਕ ਕੰਮਾਂ-ਕਾਰਾਂ ਲਈ ਖੱਜਲ-ਖੁਆਰ ਹੋ ਰਹੇ ਹਨ। ਮੁਲਜ਼ਮਾਂ ਨੂੰ ਤਨਖ਼ਾਹਾਂ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਪੈਨਸ਼ਨ ਤੇ ਹੋਰ ਲਾਭ ਲੈਣ ਲਈ ਧਰਨੇ ਦੇਣੇ ਪੈ ਰਹੇ ਹਨ ਪ੍ਰੰਤੂ ਹੁਣ ਮੁੱਖ ਮੰਤਰੀ ਨੇ ਆਪਣੇ ਚਹੇਤਿਆਂ ਨੂੰ ਖ਼ੁਸ਼ ਕਰਨ ਲਈ ਨਿਯਮ ਛਿੱਕੇ ’ਤੇ ਟੰਗ ਕੇ ਤਿੰਨ ਨਵੇਂ ਡਾਇਰੈਕਟਰ ਨਿਯੁਕਤ ਕੀਤੇ ਗਏ ਹਨ। ਭਾਜਪਾ ਦੇ ਸੀਨੀਅਰ ਆਗੂ ਕਮਲਦੀਪ ਸਿੰਘ ਸੈਣੀ ਨੇ ਕਿਹਾ ਕਿ ਪੁੱਡਾ\ਗਮਾਡਾ ਇੱਕ ਵਿਕਾਸ ਅਥਾਰਟੀ ਹੈ ਪ੍ਰੰਤੂ ਵਿਕਾਸ ਤਾਂ ਕਿੱਧਰੇ ਨਜ਼ਰ ਨਹੀਂ ਆ ਰਿਹਾ। ਉਲਟਾ ਸਰਕਾਰ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ। ਗਮਾਡਾ ਦੇ ਤਿੰਨ ਨਵੇਂ ਡਾਇਰੈਕਟਰ ਵੀ ਇਸੇ ਕੜੀ ਦਾ ਹਿੱਸਾ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ