ਕਾਂਗਰਸ ਪਾਰਟੀ ਨੇ ਡਿਪਟੀ ਮੇਅਰ ਕੁਲਜੀਤ ਬੇਦੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਲੋਕ ਸਭਾ ਚੋਣਾਂ ਲਈ ਗਠਿਤ ਕੀਤੀ ਵਾਰਰੂਮ ਕਮੇਟੀ ਦਾ ਕੋ-ਚੇਅਰਮੈਨ ਥਾਪਿਆ

ਨਬਜ਼-ਏ-ਪੰਜਾਬ, ਮੁਹਾਲੀ, 9 ਫਰਵਰੀ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਆਗਾਮੀ ਲੋਕ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਵਾਰਰੂਮ ਕਮੇਟੀ ਦਾ ਕੋ-ਚੇਅਰਮੈਨ ਨਿਯੁਕਤ ਕੀਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਦੇ ਇੰਚਾਰਜ ਦਵਿੰਦਰ ਯਾਦਵ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਵਿੱਚ ਚੇਅਰਮੈਨ ਹਰਦੀਪ ਸਿੰਘ ਕਿੰਗਰ ਦੇ ਨਾਲ ਕੁਲਜੀਤ ਸਿੰਘ ਬੇਦੀ ਨੂੰ ਕੋ-ਚੇਅਰਮੈਨ ਦੀ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ।
ਇੱਥੇ ਇਹ ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ ਲਈ ਵੱਡੇ ਪੱਧਰ ’ਤੇ ਜਿੱਤ ਹਾਸਲ ਕਰਨ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਲੋਕ ਸਭਾ ਚੋਣਾਂ ਲੜਾਉਣ ਲਈ ਵਾਰਰੂਮ ਕਮੇਟੀ ਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਕਾਂਗਰਸ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਜਿਸ ਨੂੰ ਨਿਭਾਉਣ ਲਈ ਉਹ ਹਰ ਸੰਭਵ ਉਪਰਾਲਾ ਕਰਨਗੇ ਅਤੇ ਪੂਰੀ ਤਨਦੇਹੀ ਨਾਲ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਾਰਰੂਮ ਕਮੇਟੀ ਦੇ ਚੇਅਰਮੈਨ ਹਰਦੀਪ ਸਿੰਘ ਕਿੰਗਰ ਦੀ ਅਗਵਾਈ ਹੇਠ ਉਚਿੱਤ ਵਿਊਂਤਬੰਦੀ ਕਰਨਗੇ। ਬੇਦੀ ਨੇ ਕਿਹਾ ਕਿ ਦੇਸ਼ ਦੇ ਲੋਕ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਇਸ ਵਾਰ ਕਾਂਗਰਸ ਦੇ ਹੱਥਾਂ ਵਿੱਚ ਹੀ ਮੁਲਕ ਦੀ ਵਾਗਡੋਰ ਦੇਣੀ ਹੈ ਕਿਉਂਕਿ ਭਾਜਪਾ ਮਹਿਜ਼ ਜੁਮਲੇਬਾਜ ਪਾਰਟੀ ਬਣ ਕੇ ਰਹਿ ਗਈ ਹੈ ਜੋ ਦੇਸ਼ ਵਿੱਚ ਨਫ਼ਰਤ ਫੈਲਾ ਰਹੀ ਹੈ ਅਤੇ ਧਰਮ ਦੇ ਨਾਂ ’ਤੇ ਲੋਕਾਂ ਵਿੱਚ ਵੰਡੀਆਂ ਪਾਉਂਦੀ ਆ ਰਹੀ ਹੈ। ਜਦੋਂਕਿ ਕਾਂਗਰਸ ਪੂਰੀ ਤਰ੍ਹਾਂ ਇੱਕ ਧਰਮ ਨਿਰਪੱਖ ਪਾਰਟੀ ਹੈ। ਜਿਸ ਦਾ ਮਕਸਦ ਸਦਭਾਵਨਾ ਹੈ ਅਤੇ ਲੋਕਾਂ ਵਿੱਚ ਪਿਆਰ ਪੈਦਾ ਕਰਨਾ ਹੈ ਤਾਂ ਜੋ ਦੇਸ਼ ਹੋਰ ਮਜ਼ਬੂਤ ਹੋ ਸਕੇ।
ਕੁਲਜੀਤ ਬੇਦੀ ਨੇ ਕਿਹਾ ਕਿ ਭਾਜਪਾ ਲੋਕਤੰਤਰ ਦੀ ਕਾਤਲ ਪਾਰਟੀ ਬਣ ਚੁੱਕੀ ਹੈ। ਇਸ ਦੀ ਮਿਸਾਲ ਚੰਡੀਗੜ੍ਹ ਦੇ ਮੇਅਰ ਦੀ ਇੱਕ ਛੋਟੀ ਜਿਹੀ ਚੋਣ ਹੈ, ਜਿੱਥੇ ਜਿੱਤ ਹਾਸਲ ਕਰਨ ਲਈ ਭਾਜਪਾ ਵੱਲੋਂ ਸ਼ਰ੍ਹੇਆਮ ਲੋਕਤੰਤਰ ਦੀ ਹੱਤਿਆ ਕੀਤੀ ਗਈ। ਦੇਸ਼ ਦੀ ਸਿੱਖਰਲੀ ਅਦਾਲਤ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਸਾਰੀਆਂ ਸੀਟਾਂ ਉੱਤੇ ਜਿੱਤ ਹਾਸਲ ਕਰੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…