ਭਾਰਤ ਬੰਦ ਨੂੰ ਲੈ ਕੇ ਕਿਸਾਨਾਂ ’ਚ ਭਾਰੀ ਉਤਸ਼ਾਹ, ਪਿੰਡਾਂ ਵਿੱਚ ਲਾਮਬੰਦੀ ਜ਼ੋਰਾਂ ’ਤੇ

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੁਹਾਲੀ ਦੇ ਪਿੰਡਾਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ

ਨਬਜ਼-ਏ-ਪੰਜਾਬ, ਮੁਹਾਲੀ, 11 ਫਰਵਰੀ:
ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਜਿੱਥੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉੱਥੇ ਮੁਹਾਲੀ ਜ਼ਿਲ੍ਹੇ ਨਾਲ ਲੱਗਦੀਆਂ ਗੁਆਂਢੀ ਸੂਬਿਆਂ ਦੀਆਂ ਸਰਹੱਦਾਂ ’ਤੇ ਜ਼ਬਰਦਸਤ ਬੈਰੀਕੇਟਿੰਗ ਕਰਕੇ ਸੀਲ ਕੀਤਾ ਗਿਆ ਹੈ। ਸੰਭੂ ਬੈਰੀਅਲ ’ਤੇ ਲਾਈਆਂ ਰੋਕਾਂ ਕਾਰਨ ਖਰੜ-ਲਾਂਡਰਾਂ, ਲਾਂਡਰਾਂ ਤੋਂ ਬਨੂੜ ਅਤੇ ਮੁਹਾਲੀ ਏਅਰਪੋਰਟ ਸੜਕ ’ਤੇ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ। ਇਨ੍ਹਾਂ ਸੜਕਾਂ ਤੋਂ ਲੰਘਣ ਵਾਲੇ ਰਾਹਗੀਰ ਟਰੈਫ਼ਿਕ ਜਾਮ ਕਾਰਨ ਡਾਢੇ ਪ੍ਰੇਸ਼ਾਨ ਹਨ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕਿਰਪਾਲ ਸਿੰਘ ਸਿਆਊ ਦੀ ਅਗਵਾਈ ਹੇਠ ਪਿੰਡ ਕੰਡਾਲਾ ਵਿੱਚ ਹੋਈ। ਜਿਸ ਵਿੱਚ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਸਮੇਤ ਹੋਰਨਾਂ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਵਿਚਾਰ-ਚਰਚਾ ਕਰਦਿਆਂ ਕਿਸਾਨ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਭਾਰਤ ਬੰਦ ਦੀ ਅਪੀਲ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਉਧਰ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਦਵਿੰਦਰ ਸਿੰਘ ਦੇਹਕਲਾਂ, ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਪ੍ਰੈਸ ਸਕੱਤਰ ਅੰਗਰੇਜ਼ ਸਿੰਘ, ਕਿਸਾਨ ਯੂਨੀਅਨ (ਪੁਆਧ) ਦੇ ਸੂਬਾ ਪ੍ਰਧਾਨ ਤਿਰਲੋਚਨ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਜਸਪਾਲ ਸਿੰਘ ਦੱਪਰ, ਜਮਹੂਰੀ ਕਿਸਾਨ ਸਭਾ ਦੇ ਰਾਮ ਕ੍ਰਿਸ਼ਨ ਧੁਨਕੀਆ, ਸੈਂਟਰਲ ਟਰੇਡ ਯੂਨੀਅਨ ਦੇ ਇੰਦਰਜੀਤ ਸਿੰਘ ਗਰੇਵਾਲ, ਭਾਰਤੀ ਕਿਸਾਨ ਯੂਨੀਅਨ (ਕਾਦੀਆ) ਦੇ ਕਮਲਜੀਤ ਸਿੰਘ ਲਾਂਡਰਾਂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਕਮਲਜੀਤ ਸਿੰਘ ਨੇ ਵੀ ਵੱਖ-ਵੱਖ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।
ਜਸਪਾਲ ਸਿੰਘ ਨਿਆਮੀਆਂ ਅਤੇ ਅੰਗਰੇਜ਼ ਸਿੰਘ ਨੇ ਕਿਹਾ ਕਿ 16 ਫਰਵਰੀ ਨੂੰ ਭਾਰਤ ਬੰਦ ਕੇਂਦਰ ਸਰਕਾਰ ਦੀਆਂ ਚੂਲਾ ਹਿਲਾ ਕੇ ਰੱਖ ਦੇਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਕਾਲੇ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਕੇਂਦਰ ਨੂੰ ਕਿਸਾਨੀ ਸੰਘਰਸ਼ ਅੱਗੇ ਝੁਕਣਾ ਪਿਆ ਸੀ, ਐਤਕੀਂ ਵੀ ਭਾਰਤ ਬੰਦ ਦੌਰਾਨ ਅੰਨਦਾਤਾ ਦੇਸ਼ ਦੇ ਹੁਕਮਰਾਨਾਂ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ’ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਇਨ੍ਹਾਂ ਮੀਟਿੰਗਾਂ ਵਿੱਚ ਗੁਰਮੁੱਖ ਸਿੰਘ ਸਾਬਕਾ ਸਰਪੰਚ ਨਿਊਂ ਲਾਂਡਰਾਂ, ਜਸਵਿੰਦਰ ਸਿੰਘ ਕੰਡਾਲਾ, ਮਲਕੀਤ ਸਿੰਘ, ਬਲਵੰਤ ਸਿੰਘ, ਹਰਜਿੰਦਰ ਸਿੰਘ, ਮਨਜਿੰਦਰ ਸਿੰਘ, ਜਰਨੈਲ ਸਿੰਘ, ਗੁਰਵਿੰਦਰ ਸਿੰਘ ਸਰਪੰਚ ਨੰਡਿਆਲੀ, ਹਰਭਜਨ ਸਿੰਘ, ਰੁਸਤਮ ਅਲੀ ਜ਼ੀਰਕਪੁਰ ਵਿੱਚ ਸ਼ਿਰਕਤ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਅਜੀਜ਼ਪੁਰ ਟੋਲ ਪਲਾਜਾ, ਮੁਹਾਲੀ ਏਅਰਪੋਰਟ ਸੜਕ, ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ, ਖਰੜ ਬੱਸ ਸਟੈਂਡ ਅਤੇ ਬੜੌਦੀ ਟੋਲ ਪਲਾਜ਼ਾ ’ਤੇ ਵੱਡੇ ਇਕੱਠ ਕੀਤੇ ਜਾਣਗੇ ਅਤੇ ਡਰਾਈਵਰ, ਬਿਜਲੀ ਮੁਲਾਜ਼ਮ, ਅਧਿਆਪਕ, ਸਨਅਤੀ ਕਾਮੇ ਕਿਸਾਨਾਂ ਨਾਲ ਮਿਲ ਕੇ ਸਾਰਾ ਦਿਨ ਸ਼ਾਮ ਚਾਰ ਵਜੇ ਤੱਕ ਟਰੈਫ਼ਿਕ ਜਾਮ ਕਰਨਗੇ। ਇਸ ਦੌਰਾਨ ਸਮੂਹ ਵਿਭਾਗਾਂ ਦੇ ਮੁਲਾਜ਼ਮ ਹੜਤਾਲ ਕਰ ਕੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਵਪਾਰ ਮੰਡਲ ਅਤੇ ਦੁਕਾਨਦਾਰ ਵੀ ਭਾਰਤ ਬੰਦ ਵਿੱਚ ਸ਼ਾਮਲ ਹੋਣਗੇ। ਕਿਸਾਨਾਂ ਨੇ ਦੱਸਿਆ ਕਿ ਭਾਰਤ ਬੰਦ ਦੌਰਾਨ ਐਂਬੂਲੈਂਸਾਂ, ਬਰਾਤਾਂ, ਭੋਗਾਂ ਵਗੈਰਾ ’ਤੇ ਜਾਣ ਵਾਲਿਆਂ ਨੂੰ ਜਾਮ ਤੋਂ ਛੋਟ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…