ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਵੱਲੋਂ ਭਾਰਤ ਬੰਦ ਤੇ ਸਨਅਤੀ ਹੜਤਾਲ ਨੂੰ ਸਫਲ ਬਣਾਉਣ ਦੀ ਅਪੀਲ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਬਾਰ ਐਸੋਸੀਏਸ਼ਨਾਂ ਨੂੰ ਅਦਾਲਤਾਂ ਦਾ ਕੰਮ ਠੱਪ ਰੱਖ ਕੇ ਸਮਰਥਨ ਦੇਣ ਦੀ ਅਪੀਲ

ਨਬਜ਼-ਏ-ਪੰਜਾਬ, ਮੁਹਾਲੀ, 13 ਫਰਵਰੀ:
ਵਕੀਲਾਂ ਦੀ ਜਥੇਬੰਦੀ ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਦੇ ਪੰਜਾਬ ਯੂਨਿਟ ਦੀ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਵਿਖੇ ਸੂਬਾ ਪ੍ਰਧਾਨ ਜਸਪਾਲ ਸਿੰਘ ਦੱਪਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 16 ਫਰਵਰੀ ਨੂੰ ‘ਭਾਰਤ ਬੰਦ ਅਤੇ ਸਨਅਤੀ ਹੜਤਾਲ’ ਨੂੰ ਸਫਲ ਬਣਾਉਣ ਲਈ ਵਿਚਾਰ-ਚਰਚਾ ਕੀਤੀ ਗਈ।
ਸ੍ਰੀ ਦੱਪਰ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਅੰਦੋਲਨ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਨਹੀਂ ਬਲਕਿ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਹੈ ਕਿ ਕਿਸੇ ਵੀ ਲੋਕਤੰਤਰੀ ਦੇਸ਼ ਨੂੰ ਸਰਮਾਏਦਾਰਾਂ ਦੇ ਹੱਥਾਂ ਵਿੱਚ ਵੇਚਣ ਨਾਲ ਕੋਈ ਮੁਲਕ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬੇਰੁਜ਼ਗਾਰ ਕਰਨਾ ਚਾਹੁੰਦੀ ਹੈ, ਜਿਸ ਨੂੰ ਦੇਸ਼ ਦਾ ਵਕੀਲ ਭਾਈਚਾਰਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ।
ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਹਰ ਤਬਕਾ ਦੁਖੀ ਹੈ ਅਤੇ ਲੋਕਾਂ ਨੂੰ ਧਰਮ, ਖ਼ਿੱਤੇ ਤੇ ਜਾਤ-ਪਾਤ ਦੇ ਨਾਮ ’ਤੇ ਲੜਾ ਕੇ ਦੇਸ਼ ਵਿੱਚ ਖ਼ੌਫ਼ਨਾਕ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੱਟ ਐਂਡ ਰਨ ਕਾਨੂੰਨ ਬਹੁਤ ਹੀ ਖ਼ਤਰਨਾਕ ਹੈ ਅਤੇ ਵਕੀਲ ਭਾਈਚਾਰਾ ਇਸ ਕਾਨੂੰਨ ਅਤੇ ਲੋਕ ਵਿਰੋਧੀ ਹੋਰ ਨਵੇਂ ਕਾਨੂੰਨ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦੇਵੇਗਾ। ਜੇਕਰ ਲੋੜ ਪਈ ਤਾਂ ਦੇਸ਼ ਭਰ ਦੇ ਵਕੀਲ ਇੱਕਜੁੱਟ ਹੋ ਕੇ ਸੜਕਾਂ ’ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇਸ਼ ਵਿੱਚ ਪੁਲੀਸ ਨੂੰ ਵੱਧ ਅਧਿਕਾਰ ਦੇ ਕੇ ਲੋਕਤੰਤਰ ਨੂੰ ਖ਼ਤਮ ਕਰਕੇ ਪੁਲੀਸ ਰਾਜ ਦੀ ਸਥਾਪਨਾ ਕਰਨਾ ਚਾਹੁੰਦੀ ਹੈ, ਜੋ ਅੰਗਰੇਜ਼ਾਂ ਦੇ ਰਾਜ ਤੋਂ ਵੀ ਵੱਧ ਖ਼ਤਰਨਾਕ ਹੋਵੇਗਾ। ਉਨ੍ਹਾਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਕਿ ਉਹ 16 ਫਰਵਰੀ ਨੂੰ ਅਦਾਲਤਾਂ ਦਾ ਕੰਮ ਠੱਪ ਕਰਕੇ ਭਾਰਤ ਬੰਦ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਸੀਨੀਅਰ ਐਡਵੋਕੇਟ ਤਾਰਾ ਸਿੰਘ ਚਾਹਲ, ਨਟਰਾਜਨ ਕੌਸ਼ਲ, ਕੌਮੀ ਸਕੱਤਰ ਹਰਚੰਦ ਸਿੰਘ ਬਾਠ, ਜ਼ਿਲ੍ਹਾ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਲੌਂਗੀਆਂ, ਸਨੇਹਪ੍ਰੀਤ ਸਿੰਘ, ਵਿਕਰਮ ਸਿੰਘ, ਹਰਸਿਮਰਨਜੀਤ ਸਿੰਘ, ਬਿਲਾਵਲ ਸਿੰਘ, ਅਜੈ ਸ਼ੰਕਰ, ਯਸ਼ਜੋਤ ਸਿੰਘ ਧਾਲੀਵਾਲ, ਜਸਪਾਲ ਸਿੰਘ ਪੰਨੂ, ਰੋਹਿਤ ਕੁਮਾਰ, ਕਾਰਤਿਕ ਬੈਕਟਰ, ਸਲਮਾਨ ਖਾਨ, ਅਨਮੋਲ, ਐਚਐਸ ਰੱਕੜ, ਪ੍ਰਦੀਪ ਰਾਣਾ ਅਤੇ ਜਸਵੰਤ ਸਿੰਘ ਤੂੜ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…