ਕਿਸਾਨ ਅੰਦੋਲਨ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖ਼ਰਚਾ ਚੁੱਕੇਗੀ ‘ਪੰਜਾਬ ਸਰਕਾਰ’: ਸਿਹਤ ਮੰਤਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਖਮੀ ਹੋਏ ਕਿਸਾਨਾਂ ਤੇ ਪੱਤਰਕਾਰਾਂ ਦਾ ਹਾਲ ਜਾਣਨ ਲਈ ਹਸਪਤਾਲਾਂ ਦਾ ਦੌਰਾ ਕੀਤਾ

ਸਿਹਤ ਮੰਤਰੀ ਨੇ ਹਰਿਆਣਾ ਸਰਕਾਰ ਦੀ ਭੂਮਿਕਾ ਦੀ ਨਿਖੇਧੀ ਕਰਦਿਆਂ ਇਸ ਨੂੰ ਗੈਰ-ਸੰਵਿਧਾਨਕ ਤੇ ਗੈਰ-ਕਾਨੂੰਨੀ ਐਲਾਨਿਆ

ਨਬਜ਼-ਏ-ਪੰਜਾਬ, ਮੁਹਾਲੀ, 14 ਫਰਵਰੀ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਡਟ ਕੇ ਖੜ੍ਹੀ ਹੈ ਅਤੇ ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ। ਸਿਹਤ ਮੰਤਰੀ ਅੱਜ ਇੱਥੇ ਡਾ. ਬੀਆਰ ਅੰਬੇਡਕਰ ਸਟੇਟ ਇੰਸਟੀਚਿਊਟ ਫਾਰ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਫੇਜ਼-6 ਵਿਖੇ ਜ਼ਖ਼ਮੀ ਕਿਸਾਨਾਂ, ਪੱਤਰਕਾਰਾਂ ਅਤੇ ਪੁਲੀਸ ਜਵਾਨਾਂ ਦਾ ਹਾਲ ਜਾਣਨ ਲਈ ਪਹੁੰਚੇ ਸਨ। ਬੀਤੇ ਦਿਨੀਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਕਾਰਨ ਕਾਫ਼ੀ ਕਿਸਾਨ, ਪੱਤਰਕਾਰ ਅਤੇ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ, ਮੁਹਾਲੀ ਸਮੇਤ ਵੱਖ-ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ।
ਸਿਹਤ ਮੰਤਰੀ ਨੇ ਏਮਜ਼ ਹਸਪਤਾਲ ਮੁਹਾਲੀ ਵਿਖੇ ਆਪਣੇ ਦੌਰੇ ਦੌਰਾਨ ਐਮਰਜੈਂਸੀ ਕੇਅਰ ਵਿੱਚ ਦਿੱਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਕਿਸੇ ਨੂੰ ਹੋਰ ਦੇਖਭਾਲ ਲਈ ਪੀਜੀਆਈ ਜਾਂ ਸਰਕਾਰੀ ਮੈਡੀਕਲ ਕਾਲਜ-32 ਵਿੱਚ ਰੈਫਰ ਨਾ ਕਰਨਾ ਪਵੇ। ਇਸ ਮਗਰੋਂ ਸਿਹਤ ਮੰਤਰੀ ਨੇ ਸੀਐਚਸੀ ਬਨੂੜ, ਸਿਵਲ ਹਸਪਤਾਲ ਰਾਜਪੁਰਾ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਦਾ ਵੀ ਦੌਰਾ ਕੀਤਾ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਡਾਕਟਰਾਂ ਨੂੰ ਹਸਪਤਾਲਾਂ ਵਿੱਚ ਹੀ ਮੌਜੂਦ ਰਹਿਣ ਲਈ ਕਿਹਾ ਗਿਆ ਹੈ, ਜਦਕਿ ਸਰਹੱਦ ’ਤੇ ਐਂਬੂਲੈਂਸਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਸਥਾਨਕ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਦੇ ਮੱਦੇਨਜ਼ਰ 14 ਐਂਬੂਲੈਂਸਾਂ ਨੂੰ ਲੋੜੀਂਦੇ ਸਟਾਫ਼ ਅਤੇ ਦਵਾਈਆਂ ਸਮੇਤ ਤਿਆਰ ਰੱਖਿਆ ਜਾਵੇ।
ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਰਾਜਪੁਰਾ ਸ਼ੰਭੂ ਬਾਰਡਰ ਦੇ ਨੇੜੇ ਹੋਣ ਕਾਰਨ ਇੱਥੇ ਘੱਟੋ-ਘੱਟ 40 ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ’ਚੋਂ ਦੋ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਧਰਨਾਕਾਰੀ ਕਿਸਾਨਾਂ ’ਤੇ ਹਰਿਆਣਾ ਪੁਲੀਸ ਦੀ ਬੇਲੋੜੀ ਕਾਰਵਾਈ ਲਈ ਹਰਿਆਣਾ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ।
ਉਨ੍ਹਾਂ ਨੇ ਹਰਿਆਣਾ ਸਰਕਾਰ ਦੀ ਭੂਮਿਕਾ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਕੌਮੀ ਰਾਜਮਾਰਗ ਦੇਸ਼ ਦੀ ਸੰਪਤੀ ਹੈ ਅਤੇ ਕਿਸਾਨਾਂ ਨੇ ਹਰਿਆਣਾ ਦੇ ਰਸਤੇ ਤੋਂ ਦਿੱਲੀ ਜਾਣਾ ਸੀ। ਉਨ੍ਹਾਂ ਨੇ ਭਾਜਪਾ ਦੀ ਹਰਿਆਣਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਉਠਾਉਣ ਲਈ ਕੌਮੀ ਰਾਜਧਾਨੀ ਤੱਕ ਜਾਣ ਤੋਂ ਨਾ ਰੋਕਿਆ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…