ਸਿੱਖ ਆਈਪੀਐਸ ਅਧਿਕਾਰੀਆਂ ਨੂੰ ਖਾਲਿਸਤਾਨੀ ਕਹਿਣਾ ਮੰਦਭਾਗਾ: ਕੁਲਜੀਤ ਬੇਦੀ

ਕਿਸਾਨ ਸੰਘਰਸ਼ ਦੌਰਾਨ ਨੌਜਵਾਨ ਦੀ ਮੌਤ ਭਾਜਪਾ ਦੇ ਮੱਥੇ ’ਤੇ ਕਾਲਾ ਧੱਬਾ: ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 21 ਫਰਵਰੀ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਅਤੇ ਕਾਂਗਰਸ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਲੜਾਉਣ ਲਈ ਬਣਾਈ ਗਈ ਵਾਰ ਰੂਮ ਕਮੇਟੀ ਦੇ ਕੋ-ਚੇਅਰਮੈਨ ਕੁਲਜੀਤ ਸਿੰਘ ਬੇਦੀ ਨੇ ਖਨੌਰੀ ਵਿਖੇ ਕਿਸਾਨ ਸੰਘਰਸ਼ ਦੌਰਾਨ ਹਰਿਆਣਾ ਪੁਲੀਸ ਵੱਲੋਂ ਦਾਗੇ ਜਾ ਰਹੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਬੁਲਟ ਨਾਲ ਇੱਕ ਨੌਜਵਾਨ ਦੀ ਮੌਤ ਅਤੇ 25 ਕਿਸਾਨਾਂ ਦੇ ਜ਼ਖ਼ਮੀ ਹੋਣ ਲਈ ਸਿੱਧੇ ਤੌਰ ’ਤੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਭਾਜਪਾ ਦੇ ਮੱਥੇ ’ਤੇ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ 25 ਕਿਸਾਨਾਂ ਦੇ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਲਈ ਭਾਜਪਾ ਆਪਣੀ ਜ਼ਿੰਮੇਵਾਰ ਤੋਂ ਪੱਲਾ ਨਹੀਂ ਝਾੜ ਸਕਦੀ ਹੈ।
ਅੱਜ ਇੱਥੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਭਾਜਪਾ ਨੂੰ ਸਿੱਖ ਵਿਰੋਧੀ ਪਾਰਟੀ ਗਰਦਾਨਦਿਆਂ ਕਿਹਾ ਹੈ ਕਿ ਇਹ ਪਾਰਟੀ ਨਾ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਸਗੋਂ ਹੁਣ ਦੇਸ਼ ਦੇ ਆਈਪੀਐਸ ਸਿੱਖ ਅਧਿਕਾਰੀਆਂ ਨੂੰ ਵੀ ਖਾਲਿਸਤਾਨੀ ਦੱਸਣ ਲੱਗ ਪਈ ਹੈ। ਹਰਿਆਣਾ ਬਾਰਡਰ ਉੱਤੇ ਪੁੱਜੇ ਕਿਸਾਨਾਂ ਉੱਤੇ ਦੇਸ਼ ਦੇ ਦੁਸ਼ਮਣਾਂ ਵਾਂਗ ਕੀਤੀ ਜਾ ਰਹੀ ਹਮਲਾਵਰ ਕਾਰਵਾਈ ਦੀ ਨਿਖੇਧੀ ਕਰਦਿਆਂ ਕੁਲਜੀਤ ਬੇਦੀ ਨੇ ਕਿਹਾ ਕਿ ਹਰਿਆਣਾ ਦੀ ਖੱਟਰ ਸਰਕਾਰ ਕਿਸਾਨਾਂ ਦੇ ਸਰੀਰਾਂ ਨੂੰ ਗੋਲੀਆਂ ਦੇ ਛਰਿਆਂ ਨਾਲ ਜ਼ਖ਼ਮੀ ਕਰਨ ਦੇ ਨਾਲ ਨਾਲ ਲੋਕਤੰਤਰ ਦੀ ਆਤਮਾ ਨੂੰ ਜ਼ਖਮੀ ਕਰ ਰਹੀ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੀ ਪੰਜਾਬ ਦੇ ਕਿਸਾਨਾਂ ਉੱਤੇ ਇਸ ਤਰ੍ਹਾਂ ਦੀ ਹਮਲਾਵਰ ਕਾਰਵਾਈ ਸਬੰਧੀ ਹਰਿਆਣਾ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ ਜਦੋਂਕਿ ਹਰਿਆਣਾ ਪੁਲੀਸ ਵੱਲੋਂ ਭਾਜਪਾ ਸਰਕਾਰ ਦੇ ਇਸ਼ਾਰੇ ਉੱਤੇ ਇਹ ਹਮਲੇ ਪੰਜਾਬ ਦੇ ਕਿਸਾਨਾਂ ਉੱਤੇ ਪੰਜਾਬ ਦੀ ਧਰਤੀ ਵਿੱਚ ਕੀਤੇ ਜਾ ਰਹੇ ਹਨ।
ਉਧਰ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਭਾਜਪਾ ਦੇ ਸੀਨੀਅਰ ਆਗੂ ਸੁਵੇਂਦੂ ਅਧਿਕਾਰੀ ਵੱਲੋਂ ਪੱਛਮ ਬੰਗਾਲ ਵਿੱਚ ਇੱਕ ਸੀਨੀਅਰ ਸਿੱਖ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣਾ ਭਾਜਪਾ ਦੀ ਦੋਗਲੀ ਨੀਤੀ ਨੂੰ ਉਜਾਗਰ ਕਰਦਾ ਹੈ। ਇੱਕ ਪਾਸੇ ਭਾਜਪਾ ਸਿੱਖਾਂ ਦੀ ਹਿਤੈਸ਼ੀ ਬਣਨ ਦਾ ਦਾਅਵਾ ਕਰਦੀ ਹੈ ਪਰ ਅਸਲ ਵਿੱਚ ਇਹ ਭੇੜ ਦੀ ਖੱਲ ਵਿੱਚ ਛੁਪੇ ਹੋਏ ਭੇੜੀਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਦੇਸ਼ ਭਰ ਦੇ ਸਿੱਖਾਂ ਖ਼ਿਲਾਫ਼ ਜ਼ਹਿਰ ਫੈਲਾਇਆ ਜਾ ਰਿਹਾ ਹੈ। ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਖਾਲਿਸਤਾਨੀ ਕਹਿਣ ਵਾਲੀ ਭਾਜਪਾ ਸਰਕਾਰ ਹੁਣ ਦੇਸ਼ ਦੇ ਆਈਪੀਐਸ ਅਫ਼ਸਰਾਂ ਨੂੰ ਵੀ ਖਾਲਿਸਤਾਨੀ ਕਹਿਣ ਲੱਗ ਪਈ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਇਸ ਮਸਲੇ ਉੱਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਫੌਰੀ ਤੌਰ ’ਤੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਸੁਵੇਂਦੂ ਅਧਿਕਾਰੀ ਵਰਗੇ ਆਗੂਆਂ ਨੂੰ ਤੁਰੰਤ ਪਾਰਟੀ ’ਚੋਂ ਬਰਖ਼ਾਸਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸੁਵੇਂਦੂ ਨੂੰ ਬਰਖ਼ਾਸਤ ਨਹੀਂ ਕਰਦੀ ਤਾਂ ਸਪੱਸ਼ਟ ਹੈ ਕਿ ਭਾਜਪਾ ਦੀਆਂ ਨੀਤੀਆਂ ਦੇ ਆਧਾਰ ’ਤੇ ਹੀ ਉਸ ਦੇ ਆਗੂ ਸਿੱਖਾਂ ਖ਼ਿਲਾਫ਼ ਗਿਣੀ ਮਿਥੀ ਸਾਜਿਸ਼ ਤਹਿਤ ਨਫ਼ਰਤ ਫੈਲਾਉਣ ਦੀ ਸਾਜਿਸ਼ ਕਰ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…