ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸਬੰਧੀ ਚੁੱਪੀ ਸਾਧਨ ਦੇ ਰੋਸ ਵਜੋਂ ਅੱਜ ਇੱਥੋਂ ਦੇ ਸੈਕਟਰ-68 ਤੇ ਸੈਕਟਰ-69 ਟਰੈਫ਼ਿਕ ਲਾਈਟ ਚੌਂਕ ਵਿੱਚ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਫੂਕੀਆਂ ਅਤੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਡਾ. ਐਨ.ਕੇ. ਕਲਸੀ ਅਤੇ ਕਰਤਾਰ ਸਿੰਘ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ਦੇ ਪਹਿਲੇ ਪੰਨੇ ’ਤੇ ਸਰਦਾਰ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਫੋਟੋਆਂ ਲੱਗੀਆਂ ਹੋਣ ਕਾਰਨ ਉਨ੍ਹਾਂ ਫੋਟੋਆਂ ਨੂੰ ਡਿਲੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀਆਂ ਫੋਟੋਆਂ ਲਗਾ ਕੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਅਜਿਹਾ ਅੜੀਅਲ ਵਤੀਰਾ ਜਾਰੀ ਰੱਖਿਆ ਗਿਆ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਨਿਪਟਾਰਾ ਨਹੀਂ ਕੀਤਾ ਗਿਆ ਤਾਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਆਗਾਮੀ ਲੋਕ ਸਭਾ ਦੀਆਂ ਚੋਣਾਂ ਦੌਰਾਨ ਜੋ ਵੀ ਸਾਂਝਾ ਫ਼ੈਸਲਾ ਲਿਆ ਜਾਵੇਗਾ, ਉਸ ਨੂੰ ਸਿਰੇ ਚੜ੍ਹਾਉਣ ਲਈ ਮੁਹਾਲੀ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੌਂਸਲਰ ਸੁੱਚਾ ਸਿੰਘ ਕਲੌੜ, ਜਰਨੈਲ ਸਿੰਘ ਸਿੱਧੂ, ਗੁਰਬਖ਼ਸ਼ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ ਸੇਠੀ ਪ੍ਰਧਾਨ ਖਰੜ, ਗੁਰਮੀਤ ਸਿੰਘ ਖੋਖਰ, ਸੁਰਿੰਦਰ ਕੁਮਾਰ ਵਰਮਾ, ਪ੍ਰੇਮ ਚੰਦ ਸ਼ਰਮਾ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਸੂਬਾ ਸਰਕਾਰ ਦੇ ਵਤੀਰੇ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ।
ਉਧਰ, ਅਧਿਆਪਕ ਜਥੇਬੰਦੀਆਂ ਨੇ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਬਜਟ ਵਿੱਚ ਕੋਈ ਤਜਵੀਜ਼ ਨਾ ਰੱਖਣ ਅਤੇ ਮਿਡਲ ਸਕੂਲਾਂ ਨੂੰ ਬੰਦ ਬੰਦ ਕਰਕੇ ਆਮ ਲੋਕਾਂ ਤੋਂ ਮੁੱਢਲੀ ਸਿੱਖਿਆ ਦਾ ਹੱਕ ਖੋਹਣ ਖ਼ਿਲਾਫ਼ ਮੁਹਾਲੀ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਬਜਟ ਦੀਆਂ ਕਾਪੀਆਂ ਸਾੜੀਆਂ। ਇਹ ਜਾਣਕਾਰੀ ਅਧਿਆਪਕ ਜਥੇਬੰਦੀ ਦੇ ਆਗੂ ਐਨਡੀ ਤਿਵਾੜੀ ਨੇ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…