Share on Facebook Share on Twitter Share on Google+ Share on Pinterest Share on Linkedin ਹਿਊਮਨ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪੰਜਾਬ ਸਿਹਤ ਨਿਗਮ ਦੇ ਬਾਹਰ ਰੋਸ ਮੁਜ਼ਾਹਰਾ ਬਾਹਰੀ ਸੂਬਿਆਂ ਦੇ ਲੋਕਾਂ ਦੀ ਗੈਰ ਕਾਨੂੰਨੀ ਭਰਤੀ ਰੱਦ ਕਰੇ ਸਰਕਾਰ: ਲੱਖੋਵਾਲ ‘ਆਪ’ ਸਰਕਾਰ ਦੇ ਚੋਣ ਵਾਅਦੇ ਤੇ ਦਾਅਵੇ ਖੋਖਲੇ ਸਾਬਤ ਹੋਏ: ਬਲਵਿੰਦਰ ਕੁੰਭੜਾ ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ: ਹਿਊਮਨ ਵੈੱਲਫੇਅਰ ਐਸੋਸੀਏਸ਼ਨ ਅਤੇ ਹੋਰਨਾਂ ਸਮਾਜਿਕ ਜਥੇਬੰਦੀਆਂ ਵੱਲੋਂ ਪ੍ਰਧਾਨ ਸ਼ਵਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਫੇਜ਼-8 ਸਥਿਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਟਕਸਾਲੀ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਧਰਨੇ ਵਿੱਚ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ। ਸ਼ਵਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੇ ਯੋਗ ਵਸਨੀਕਾਂ ਨੂੰ ਅਣਡਿੱਠ ਕਰਕੇ ਬਾਹਰੀ ਸੂਬਿਆਂ ਦੇ ਅਯੋਗ ਵਿਅਕਤੀਆਂ ਦੀ ਕਥਿਤ ਗੈਰ ਕਾਨੂੰਨੀ ਭਰਤੀ ਮੁੱਢੋਂ ਰੱਦ ਕੀਤੀ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਿਜ਼ਰਵੇਸ਼ਨ ਨੀਤੀ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲਾ ਬੈਕਲਾਗ ਪੂਰਾ ਕਰਨ ਅਤੇ ਪੰਜਾਬ ਦੇ ਵਸਨੀਕਾਂ ਦੀ ਪੱਕੀ ਭਰਤੀ ਕਰਨ ਲਈ ਸੰਸਥਾ ਕਾਫ਼ੀ ਸਮੇਂ ਤੋਂ ਜੱਦੋ-ਜਹਿਦ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਲੋਕਾਂ ਵੱਲੋਂ ਆਪਣੇ ਵਕੀਲਾਂ ਰਾਹੀਂ ਭੇਜੇ ਗਏ ਕਾਨੂੰਨੀ ਨੋਟਿਸਾਂ ਦਾ ਜਵਾਬ ਸਮੇਂ ਸਿਰ ਦੇਣਾ ਯਕੀਨੀ ਬਣਾਇਆ ਜਾਵੇ। ਦਰਜਾ ਚਾਰ ਕਰਮਚਾਰੀਆਂ ਨੂੰ ਤੁਰੰਤ ਤਰੱਕੀਆਂ ਦਿੱਤੀਆਂ ਜਾਣ। ਉਨ੍ਹਾਂ ਅਦਾਰੇ ਦੇ ਇੰਜੀਨੀਅਰਿੰਗ ਵਿੰਗ ਵਿੱਚ ਹੋਈਆਂ ਬੇਨਿਯਮੀਆਂ ਦੀ ਵੀ ਜਾਂਚ ਮੰਗੀ। ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਚੋਣਾਂ ਵਿੱਚ ਕੀਤੇ ਵਾਅਦੇ ਅਤੇ ਦਾਅਵੇ ਵੀ ਖੋਖਲੇ ਨਜ਼ਰ ਆ ਰਹੇ ਹਨ। ਗਰੀਬ ਲੋਕ ਪੰਜ-ਪੰਜ ਮਰਲੇ ਦੇ ਪਲਾਟ ਲੈਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਹੋ ਰਹੇ ਹਨ। ਨੌਜਵਾਨਾਂ ਨੂੰ ਵੀ ਬੇਰੁਜ਼ਗਾਰੀ ਭੱਤਾ ਵੀ ਨਹੀਂ ਮਿਲ ਰਿਹਾ ਅਤੇ ਨਾ ਹੀ ਅੌਰਤਾਂ ਨੂੰ 1000 ਰੁਪਏ ਮਿਲਣਾ ਸ਼ੁਰੂ ਹੋਇਆ ਹੈ। ਇਸ ਮੌਕੇ ਜਥੇਦਾਰ ਅਮਰੀਕ ਸਿੰਘ ਮੁਹਾਲੀ, ਅਮਰਜੀਤ ਸਿੰਘ ਰੰਧਾਵਾ, ਮਨਜੀਤ ਸਿੰਘ ਬਾਜਵਾ, ਪ੍ਰਿੰਸੀਪਲ ਬਨਵਾਰੀ ਲਾਲ, ਲਖਵੀਰ ਸਿੰਘ ਬਡਾਲਾ, ਰਾਜ ਕੁਮਾਰ ਜੋਸ਼ੀ, ਸ਼ਮਸ਼ੇਰ ਪੁਰਖਾਲਵੀ, ਜੈ ਸਿੰਘ ਲੁਧਿਆਣਾ, ਸੁਖਵਿੰਦਰ ਸਿੰਘ ਰੂਪਨਗਰ, ਗੁਰਮੁੱਖ ਸਿੰਘ ਢੋਲਣ ਮਾਜਰਾ ਨੇ ਵੀ ਸੰਬੋਧਨ ਕੀਤਾ। ਉਧਰ, ਪੰਜਾਬ ਸਿਹਤ ਨਿਗਮ ਦੇ ਡਾਇਰੈਕਟਰ ਨੇ ਧਰਨਾਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਮੰਗਾਂ ਪ੍ਰਤੀ ਸਹਿਮਤੀ ਪ੍ਰਗਟਾਉਂਦੇ ਹੋਏ ਜਲਦੀ ਹੀ ਅਗਲੀ ਮੀਟਿੰਗ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ। ਇਸ ਸਮੇਂ ਰੋਸ ਪ੍ਰਦਰਸ਼ਨ ਵਿੱਚ ਬਲਜੀਤ ਸਿੰਘ ਕਕਰਾਲੀ, ਕਰਮਜੀਤ ਸਿੰਘ ਐਨਓ ਬਲਵਿੰਦਰ ਸਿੰਘ ਮੱਕੜਿਆਂ, ਅਜੈਬ ਸਿੰਘ ਭਾਗੋ ਮਾਜਰਾ, ਬੰਟੀ ਕੁੰਭੜਾ, ਸਿਮਰਨਜੀਤ ਕੌਰ ਬਡਾਲਾ, ਅਮਰੀਕ ਸਿੰਘ ਖਰੜ ਅਤੇ ਰਜਿੰਦਰ ਕੌਰ ਆਦਿ ਨੇ ਸ਼ਮੂਲੀਅਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ