ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਦਫ਼ਤਰੀ ਮੁਲਾਜ਼ਮ ਤੇ ਵਿਸ਼ੇਸ਼ ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਸਹਿਮਤੀ ਬਣੀ

ਵਿੱਤ ਮੰਤਰੀ ਨੇ ਪੱਕੇ ਕਰਨ ਤੇ ਤਨਖ਼ਾਹ ਕਟੌਤੀ ਫੌਰੀ ਬੰਦ ਕਰਨ ਲਈ ਸਿੱਖਿਆ ਤੇ ਵਿੱਤ ਵਿਭਾਗ ਦੇ ਅਫ਼ਸਰਾਂ ਨੂੰ ਦਿੱਤੇ ਨਿਰਦੇਸ਼

ਦਫ਼ਤਰੀ ਮੁਲਾਜ਼ਮਾਂ ਵੱਲੋਂ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਫਿਲਹਾਲ ਮੁਲਤਵੀ ਕਰਨ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 15 ਮਾਰਚ:
ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਕਰਮਚਾਰੀਆਂ ਨੂੰ ਪੱਕੇ ਹੋਣ ਦੀ ਆਸ ਬੱਝ ਗਈ ਹੈ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਾਂ ਨੂੰ ਜਾਇਜ਼ ਦੱਸਦਿਆਂ ਭਰੋਸਾ ਦਿੱਤਾ ਕਿ ਕੱਚੇ ਅਧਿਆਪਕਾਂ ਵਾਂਗ ਦਫ਼ਤਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਜਾਣਗੀਆਂ। ਸਰਵ ਸਿੱਖਿਆ ਅਭਿਆਨ ਦਫ਼ਤਰੀ/ਮਿਡ-ਡੇਅ-ਮੀਲ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਰਮੇਸ਼ ਸਹਾਰਨ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਗੁਰਮੀਤ ਸਿੰਘ ਮਾਂਗਟ, ਸੁਖਰਾਜ ਸਿੰਘ, ਚਮਕੌਰ ਸਿੰਘ ਅਤੇ ਵਰਿੰਦਰ ਸਿੰਘ ਨੇ ਪਿਛਲੇ ਕਈ ਦਿਨਾਂ ਤੋਂ ਲੜੀਵਾਰ ਸੰਘਰਸ਼ ਦੇ ਰਾਹ ਪਏ ਦਫ਼ਤਰੀ ਕਰਮਚਾਰੀਆਂ ਅਤੇ ਵਿਸ਼ੇਸ਼ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਬਾਰੇ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਸਹਿਮਤੀ ਬਣ ਗਈ ਹੈ।
ਜਦੋਂਕਿ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਹਰੀ ਝੰਡੀ ਮਿਲਣ ਦੇ ਬਾਵਜੂਦ ਦਫ਼ਤਰੀ ਸਟਾਫ਼ ਨੂੰ ਪੱਕੇ ਹੋਣ ਸਬੰਧੀ ਨਿਯੁਕਤੀ ਪੱਤਰ ਨਾ ਮਿਲਣ ਕਰਕੇ ਉਹ ਕਾਫ਼ੀ ਨਿਰਾਸ਼ ਸਨ ਅਤੇ ਕਲਮਛੋੜ ਹੜਤਾਲ ਕਰਕੇ ਸਿੱਖਿਆ ਭਵਨ ਦੇ ਬਾਹਰ ਪੱਕਾ ਮੋਰਚਾ ਲਗਾ ਕੇ ਬੈਠ ਗਏ ਸਨ। ਹਾਲਾਂਕਿ ਵਿਧਾਨ ਸਭਾ ਚੋਣਾਂ ਵੇਲੇ ਵੀ ਉਨ੍ਹਾਂ ਨੂੰ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਦਾ ਵਾਅਦਾ ਕਰਕੇ ਉਨ੍ਹਾਂ ਦਾ ਭਰੋਸਾ ਜਿੱਤ ਕੇ ਵੋਟਾਂ ਬਰੋਟੀਆਂ ਸਨ ਪਰ ਹੁਣ ਲੋਕ ਸਭਾ ਚੋਣਾਂ ਵਿੱਚ ਵੀ ਆਪ ਲੀਡਰਸ਼ਿਪ ਪੁਰਾਣਾ ਪੈਂਤੜਾ ਵਰਤਣਾ ਚਾਹੁੰਦੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ, ਵਿੱਤ ਸਕੱਤਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡੀਜੀਐਸਈ ਵਿਨੈ ਬੁਬਲਾਨੀ ਅਤੇ ਪ੍ਰਸੋਨਲ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਮੌਜੂਦ ਸਨ।
ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਕੱਚੇ ਦਫ਼ਤਰੀ ਸਟਾਫ਼ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਲੰਮੀ ਚਰਚਾ ਉਪਰੰਤ ਸਾਲ 2018 ਦੌਰਾਨ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤੇ 8886 ਅਧਿਆਪਕਾਂ ਦੀ ਤਰਜ਼ ’ਤੇ ਦਫ਼ਤਰੀ ਕਰਮਚਾਰੀਆਂ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਵੀ ਰੈਗੂਲਰ ਕਰਨ ’ਤੇ ਸਹਿਮਤੀ ਬਣੀ। ਇਸ ਮੌਕੇ ਵਿੱਤ ਮੰਤਰੀ ਨੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਤੁਰੰਤ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਨਾਲ ਹੀ ਤਨਖ਼ਾਹ ਵਿੱਚ ਕਟੌਤੀ ਬੰਦ ਕੀਤੀ ਜਾਵੇ।
ਮੀਟਿੰਗ ਤੋਂ ਬਾਅਦ ਮੁਹਾਲੀ ਵਿੱਚ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਦਫ਼ਤਰੀ ਮੁਲਾਜ਼ਮਾਂ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਪੂਰੇ ਮਾਮਲੇ ਤੋਂ ਜਾਣੂ ਕਰਵਾਇਆ। ਜਿਸ ਨੂੰ ਧਰਨਾਕਾਰੀਆਂ ਨੇ ਸੰਘਰਸ਼ ਦੀ ਜਿੱਤ ਦੱਸਦਿਆਂ ਸੰਘਰਸ਼ ਮੁਲਤਵੀ ਕਰਨ ਦਾ ਐਲਾਨ ਕੀਤਾ। ਨਾਲ ਹੀ ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ ਹੁਣ ਵੀ ਕਿਸੇ ਵੀ ਪੱਧਰ ’ਤੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਵਿੱਚ ਕੋਈ ਦਿੱਕਤ ਪੈਦਾ ਹੋਈ ਤਾਂ ਉਹ ਲੜੀਵਾਰ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ ਅਤੇ ਚੋਣਾਂ ਦੌਰਾਨ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ‘ਆਪ’ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…