Share on Facebook Share on Twitter Share on Google+ Share on Pinterest Share on Linkedin ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ’ਤੇ ਨਿਯਮਾਂ ਅਨੁਸਾਰ ਹੋਵੇਗੀ ਸਖ਼ਤ ਕਾਰਵਾਈ: ਜ਼ਿਲ੍ਹਾ ਚੋਣ ਅਫ਼ਸਰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਸਖ਼ਤੀ ਨਾਲ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਬਜ਼-ਏ-ਪੰਜਾਬ, ਮੁਹਾਲੀ, 16 ਮਾਰਚ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਤੇ ਪਟਿਆਲਾ ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਕਰਵਾਉਣ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪੂਰੀ ਤਰ੍ਹਾਂ ਪੱਖਪਾਤ ਰਹਿਤ ਅਤੇ ਡਰ-ਮੁਕਤ ਵਾਤਾਵਰਨ ਵਿੱਚ ਚੋਣਾਂ ਦਾ ਅਮਲ ਮੁਕੰਮਲ ਕੀਤਾ ਜਾਵੇਗਾ। ਸਾਰੇ ਬੂਥਾਂ ’ਤੇ ਪ੍ਰਬੰਧ ਮੁਕੰਮਲ ਕਰਨ ’ਤੇ ਜ਼ੋਰ ਦਿੱਤਾ। ਸ੍ਰੀਮਤੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਸਖ਼ਤੀ ਨਾਲ ਆਖਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਚੋਣ ਜ਼ਾਬਤੇ ਸਬੰਧੀ ਸਾਰੀ ਕਾਰਵਾਈ ਸਮੇਂ ਸਿਰ ਅਤੇ ਤਨਦੇਹੀ ਨਾਲ ਕੀਤੀ ਜਾਵੇ। ਚੋਣ ਜ਼ਾਬਤੇ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਟੋਲ ਫ੍ਰੀ ਨੰਬਰ 1950 ’ਤੇ ਦਰਜ ਕਰਵਾਈ ਜਾ ਸਕਦੀ ਹੈ। ਸ਼ਿਕਾਇਤ ਸੈੱਲ ਤੋਂ ਇਲਾਵਾ ਬਾਕੀ ਸੈੱਲਾਂ ਦੇ ਟੈਲੀਫੋਨ ਚਾਲੂ ਹਾਲਤ ਵਿੱਚ ਹੋਣੇ ਚਾਹੀਦੇ ਹਨ ਅਤੇ ਸਬੰਧਤ ਕਰਮਚਾਰੀਆਂ ਦੀ ਤਾਇਨਾਤੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ’ਤੇ ਵੱਖ-ਵੱਖ ਪਾਰਟੀਆਂ ਦੇ ਲਗਾਏ ਗਏ ਪ੍ਰਚਾਰ ਬੋਰਡਾਂ ਨੂੰ ਸਰਕਾਰੀ ਇਮਾਰਤਾਂ/ਪ੍ਰਾਈਵੇਟ ਇਮਾਰਤਾਂ ਤੋਂ ਮਿਥੇ ਸਮੇਂ ਵਿੱਚ ਵਿੱਚ ਹਟਾਇਆ ਜਾਵੇ ਅਤੇ ਕਿਸੇ ਵੀ ਸਰਕਾਰੀ/ਪ੍ਰਾਈਵੇਟ ਜਾਇਦਾਦ ਦੀ ਦੁਰਵਰਤੋਂ ਨਹੀਂ ਹੋਣੀ ਚਾਹੀਦੀ। ਪ੍ਰਚਾਰ ਬੋਰਡਾਂ ਨੂੰ ਹਟਾਉਣ ਉਪਰੰਤ ਸਰਟੀਫਿਕੇਟ ਪੇਸ਼ ਕਰਨ ਲਈ ਕਿਹਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਬੰਧਤ ਵਿਅਕਤੀਆਂ ਵਿਰੁੱਧ ਨਿਯਮਾਂ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਰਿਪੋਰਟ ਤੁਰੰਤ ਮੁਹੱਈਆ ਕਰਵਾਈ ਜਾਵੇ। ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਜ਼ਿਲ੍ਹੇ ਵਿੱਚ ਕੋਈ ਵੀ ਨਵਾਂ ਵਿਕਾਸ ਕਾਰਜ ਸ਼ੁਰੂ ਨਹੀਂ ਕਰਵਾਇਆ ਜਾ ਸਕਦਾ ਅਤੇ ਨਾ ਹੀ ਕਿਸੇ ਭਲਾਈ ਸਕੀਮ ਦਾ ਕੋਈ ਨਵਾਂ ਲਾਭਪਾਤਰੀ ਬਣਾਇਆ ਜਾ ਸਕਦਾ ਹੈ। ਸਿਰਫ਼ ਉਹ ਵਿਕਾਸ ਕੰਮ ਚਾਲੂ ਰੱਖੇ ਜਾ ਸਕਦੇ ਹਨ, ਜਿਨ੍ਹਾਂ ਲਈ ਵਰਕ ਆਰਡਰ ਜਾਰੀ ਹੋ ਚੁੱਕਾ ਹੋਵੇ ਅਤੇ ਲੋੜੀਂਦਾ ਮਟੀਰੀਅਲ ਆ ਚੁੱਕਾ ਹੋਵੇ। ਸ੍ਰੀਮਤੀ ਆਸ਼ਿਕਾ ਜੈਨ ਨੇ ਪਾਵਰਕੌਮ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਜਾਇਦਾਦਾਂ ਜਿਵੇਂ ਬਿਜਲੀ ਦੇ ਸਬ ਸਟੇਸ਼ਨਾਂ, ਖੰਭਿਆਂ ਅਤੇ ਹੋਰ ਇਮਾਰਤਾਂ ਤੋਂ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਤਸਵੀਰਾਂ ਤੁਰੰਤ ਹਟਾਈਆਂ ਜਾਣ। ਜੇਕਰ ਫਿਰ ਵੀ ਕੋਈ ਉਲੰਘਣਾ ਹੋਈ ਤਾਂ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਾਰਜਸਾਧਕ ਅਫ਼ਸਰਾਂ ਤੇ ਬੀਡੀਪੀਓ ਨੂੰ ਵੀ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਐੱਸਐੱਸਪੀ ਸੰਦੀਪ ਗਰਗ, ਏਡੀਸੀ (ਜ) ਵਿਰਾਜ ਐਸ. ਤਿੜਕੇ, ਕਮਿਸ਼ਨਰ ਨਵਜੋਤ ਕੌਰ, ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸਹਾਇਕ ਕਮਿਸ਼ਨਰ ਇੰਦਰਪਾਲ, ਐਸਡੀਐਮ ਦੀਪਾਂਕਰ ਗਰਗ, ਏਸੀ (ਜ) ਡੇਵੀ ਗੋਇਲ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਸਡੀਐਮ ਖਰੜ ਗੁਰਮੰਦਰ ਸਿੰਘ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ