Share on Facebook Share on Twitter Share on Google+ Share on Pinterest Share on Linkedin ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਹੀ ਮੁਹਾਲੀ ਵਿੱਚ ਪੁਲੀਸ ਨੇ ਚੌਕਸ ਵਧਾਈ, ਚੈਕਿੰਗ ਅਭਿਆਨ ਸ਼ੁਰੂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਨਬਜ਼-ਏ-ਪੰਜਾਬ, ਮੁਹਾਲੀ, 16 ਮਾਰਚ: ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਦੇਸ਼ ਵਿੱਚ ਲੋਕ ਸਭਾ ਦੀਆਂ ਆਮ ਚੋਣਾਂ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਪੁਲੀਸ ਨੇ ਮੁਹਾਲੀ ਵਿੱਚ ਚੌਕਸੀ ਵਧਾ ਦਿੱਤੀ ਹੈ। ਸਨਿੱਚਰਵਾਰ ਨੂੰ ਮੁਹਾਲੀ ਏਅਰਪੋਰਟ ਸੜਕ ਸਮੇਤ ਹੋਰ ਵੱਖ-ਵੱਖ ਪ੍ਰਮੁੱਖ ਥਾਵਾਂ ’ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੋਣਾਂ ਦੇ ਮੱਦੇਨਜ਼ਰ ਮੁਹਾਲੀ ਵਿੱਚ ਕੇਂਦਰੀ ਸੁਰੱਖਿਆ ਬਲਾਂ ਦੀਆਂ ਕਈ ਟੁਕੜੀਆਂ ਵੀ ਪਹੁੰਚ ਗਈਆਂ ਹਨ। ਇਸ ਦੌਰਾਨ ਸ਼ਹਿਰ ਵਿੱਚ ਫਲੈਗ ਮਾਰਚ ਕਰਕੇ ਆਮ ਲੋਕਾਂ ਨੂੰ ਸਖ਼ਤ ਸੁਰੱਖਿਆ ਇੰਤਜ਼ਾਮਾਂ ਦਾ ਅਹਿਸਾਸ ਕਰਵਾਇਆ ਗਿਆ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਚੋਣਾਂ ਨੂੰ ਮੁੱਖ ਰੱਖਦਿਆਂ ਪੁਲੀਸ ਨੇ ਚੌਕਸੀ ਵਧਾ ਦਿੱਤੀ ਹੈ। ਅੱਜ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨ ਵੀ ਤਾਇਨਾਤ ਰਹੇ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ’ਤੇ ਕਾਬੂ ਰੱਖਣ ਲਈ ਪੰਜਾਬ ਪੁਲੀਸ ਦੀ ਮਦਦ ਲਈ ਕੇਂਦਰੀ ਸੁਰੱਖਿਆ ਫੋਰਸ ਦੀਆਂ ਕਈ ਕੰਪਨੀਆਂ ਵੀ ਸ਼ਹਿਰ ਵਿੱਚ ਪਹੁੰਚ ਗਈਆਂ ਹਨ। ਮੁਹਾਲੀ ਕੌਮਾਂਤਰੀ ਏਅਰਪੋਰਟ, ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆਂ ਸਮੇਤ ਹੋਰ ਭੀੜਭਾੜ ਵਾਲੇ ਇਲਾਕਿਆਂ ’ਤੇ ਖ਼ਾਸ ਨਜ਼ਰ ਰੱਖੀ ਜਾਵੇਗੀ। ਡੀਐਸਪੀ ਬੱਲ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜਿਸ ਦੇ ਮੱਦੇਨਜ਼ਰ ਪੁਲੀਸ ਨੇ ਪਹਿਲਾਂ ਨਾਲੋਂ ਵਧੇਰੇ ਚੌਕਸੀ ਵਧਾ ਦਿੱਤੀ ਹੈ ਅਤੇ ਗਸ਼ਤ ਵੀ ਤੇਜ਼ ਕਰ ਦਿੱਤੀ ਹੈ ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਨੇ ਕੇਂਦਰੀ ਸੁਰੱਖਿਆ ਬਲਾਂ ਨਾਲ ਅੱਜ ਏਅਰਪੋਰਟ ਸੜਕ, ਬੁੜੈਲ ਰੋਡ, ਪੁਰਾਣੀ ਗੁਰੂ ਨਾਨਕ ਕਾਲੋਨੀ, ਫੇਜ਼-11 ਸਮੇਤ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਅਨਸਰਾਂ ਦੀ ਜਾਂਚ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਜਿਵੇਂ ਜਿਵੇਂ ਲੋਕ ਸਭਾ ਚੋਣਾਂ ਦਾ ਅਮਲ ਤੇਜ਼ ਹੋਵੇਗਾ, ਓਵੇਂ ਓਵੇਂ ਪੁਲੀਸ ਗਸ਼ਤ, ਪੈਟਰੋਲਿੰਗ ਵਧਾਈ ਜਾਵੇਗੀ ਅਤੇ ਸਾਰੇ ਐਂਟਰੀ ਪੁਆਇੰਟਾਂ ’ਤੇ 24 ਘੰਟੇ ਨਾਕਾਬੰਦੀ ਕਰਕੇ ਹਰ ਆਉਣ ਜਾਣ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ