nabaz-e-punjab.com

ਐਸਡੀਐਮ ਦਫ਼ਤਰ ਦਾ ਕਲਰਕ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ਼ਨਾਟਾ ਪਸਰਿਆ

ਨਬਜ਼-ਏ-ਪੰਜਾਬ, ਮੁਹਾਲੀ, 20 ਮਾਰਚ:
ਪੰਜਾਬ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1 ਦੀ ਵਿਸ਼ੇਸ਼ ਟੀਮ ਨੇ ਬੁੱਧਵਾਰ ਨੂੰ ਦੁਪਹਿਰ ਸਮੇਂ ਮੁਹਾਲੀ ਦੇ ਐਸਡੀਐਮ ਦਫ਼ਤਰ ਵਿੱਚ ਤਾਇਨਾਤ ਬਿੱਲ ਕਲਰਕ ਨਰਿੰਦਰ ਕੁਮਾਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਮੁਲਜ਼ਮ ਕਲਰਕ ਦੇ ਖ਼ਿਲਾਫ਼ ਵਿਜੀਲੈਂਸ ਦੇ ਮੁਹਾਲੀ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਯਾਦਵਿੰਦਰ ਸਿੰਘ ਵਾਸੀ ਪਿੰਡ ਲਾਂਡਰਾਂ (ਮੁਹਾਲੀ) ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿੱਚ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਸਹੁਰੇ ਕੇਸਰ ਸਿੰਘ ਵਾਸੀ ਪਿੰਡ ਚਾਚੂ ਮਾਜਰਾ (ਮੁਹਾਲੀ) ਦੇ ਜ਼ਮੀਨੀ ਸਮਝੌਤੇ ਦੇ ਮੁਕੱਦਮੇ ਦੀ ਅਦਾਲਤੀ ਫੀਸ ਦੀ ਵਾਪਸੀ ਨਾਲ ਸਬੰਧਤ 4,09,390 ਰੁਪਏ ਦੇ ਦੋ ਬਿੱਲਾਂ ਦੀ ਕਲੀਅਰੈਂਸ ਬਦਲੇ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਯਾਦਵਿੰਦਰ ਸਿੰਘ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਐਸਡੀਐਮ ਦਫ਼ਤਰ ਦਾ ਉਕਤ ਬਿੱਲ ਕਲਰਕ ਪਹਿਲਾਂ ਹੀ ਉਨ੍ਹਾਂ ਕੋਲੋਂ 20 ਹਜ਼ਾਰ ਰੁਪਏ ਵਸੂਲ ਕਰ ਚੁੱਕਾ ਹੈ ਅਤੇ ਹੁਣ ਰਿਸ਼ਵਤ ਦੀ ਬਕਾਇਆ ਰਾਸੀ ਦੇਣ ਲਈ ਲਗਾਤਾਰ ਦਬਾਅ ਬਣਾ ਰਿਹਾ ਸੀ। ਵਿਜੀਲੈਂਸ ਅਨੁਸਾਰ ਪੀੜਤ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਬਿੱਲ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਧਰ, ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿੱਚ ਇੱਕ ਸ਼ਨਾਟਾ ਪਸਰ ਗਿਆ। ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਦਾ ਅਮਲਾ ਬਾਹਰੀ ਵਿਅਕਤੀ ਨਾਲ ਫੋਨ ’ਤੇ ਗੱਲ ਕਰਨ ਤੋਂ ਵੀ ਕਤਰਾ ਰਿਹਾ ਸੀ। ਦਫ਼ਤਰੀ ਸਟਾਫ਼ ਆਪਣੇ ਸਾਥੀ ਕਰਮਚਾਰੀਆਂ ਨਾਲ ਵਸਟਅੱਪ ’ਤੇ ਕਾਲ ਕਰਕੇ ਪੂਰੇ ਮਾਮਲੇ ਦੀ ਸਚਾਈ ਜਾਣਨ ਵਿੱਚ ਲੱਗਾ ਹੋਇਆ ਸੀ। ਇਹ ਵੀ ਪਤਾ ਲੱਗਾ ਹੈ ਕਿ ਬਿੱਲ ਕਲਰਕ ਦੀ ਗ੍ਰਿਫ਼ਤਾਰੀ ਮਗਰੋਂ ਕਈ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ ਲੰਚ ਤੋਂ ਬਾਅਦ ਦਫ਼ਤਰਾਂ ਤੋਂ ਖਿਸਣਕੇ ਸ਼ੁਰੂ ਹੋ ਗਏ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…