Share on Facebook Share on Twitter Share on Google+ Share on Pinterest Share on Linkedin ਮੁਹਾਲੀ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਜ਼ੀਰੋ ਬਰਨਿੰਗ ਦਾ ਟੀਚਾ ਮਿਥਿਆ ਨਬਜ਼-ਏ-ਪੰਜਾਬ, ਮੁਹਾਲੀ, 4 ਅਪਰੈਲ: ਖੇਤੀਬਾੜੀ ਵਿਭਾਗ ਵੱਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਜ਼ਿਲ੍ਹੇ ਪ੍ਰਦੂਸ਼ਣ ਮੁਕਤ ਕਰਨ ਲਈ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ ਦਾ ਟੀਚਾ ਮਿਥਿਆ ਗਿਆ ਹੈ। ਇਸ ਟੀਚੇ ਦੀ ਪੂਰਤੀ ਲਈ ਵਿਭਾਗ ਨੇ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਕਿਹਾ ਕਿ ਕਣਕ ਕੱਟਣ ਅਤੇ ਤੂੜੀ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਖੇਤ ਵਿੱਚ ਵਾਹ ਕੇ ਝੋਨਾ ਲਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ( ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੁਹਾਲੀ ਜ਼ਿਲ੍ਹੇ ਵਿੱਚ ਕੱਚਾ ਦਾਣਾ ਕੱਟਣ ’ਤੇ ਮੁਕੰਮਲ ਰੋਕ ਲਗਾਉਣ ਲਈ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਰੋਕ ਲਗਾਉਣ ਦੇ ਹੁਕਮਾਂ ਜਾਰੀ ਕੀਤੇ ਗਏ ਹਨ। ਨਾਲ ਹੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਾਈ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਕਣਕ ਦੀ ਮੌਜੂਦਾ ਸਥਿਤੀ ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਸੁਚੱਜੀ ਰੋਕਥਾਮ, ਕਣਕ ਦਾ ਆਪਣਾ ਬੀਜ ਖ਼ੁਦ ਤਿਆਰ ਕਰਨ, ਮਿੱਟੀ ਦੀ ਸਿਹਤ ਵਿੱਚ ਆ ਰਹੇ ਨਿਘਾਰ ਅਤੇ ਇਸ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਕਿ ਕਣਕ ਕੱਟਣ ਸਮੇਂ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ, ਟਰਾਂਸਫ਼ਾਰਮਰ ਤੋਂ ਚੰਗਿਆੜੇ ਨਿਕਲਣ, ਮਜ਼ਦੂਰ ਵੱਲੋਂ ਸੁਲਗਦੀ ਬੀੜੀ/ਸਿਗਰਟ ਖੇਤ ਵਿੱਚ ਸੁੱਟਣ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫ਼ਸਲ ਜਾਂ ਨਾੜ ਨੂੰ ਅੱਗ ਲੱਗ ਜਾਂਦੀ ਹੈ, ਜਿਸ ਨਾਲ ਫ਼ਸਲ ਦੇ ਨੁਕਸਾਨ ਹੋਣ ਦੇ ਨਾਲ-ਨਾਲ ਖੇਤੀ ਮਸ਼ੀਨਰੀ, ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਾਂ ਦੇ ਉੱਪਰੋਂ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ ਤਾਂ ਪਾਵਰਕੌਮ ਦੇ ਧਿਆਨ ਵਿੱਚ ਲਿਆ ਕੇ ਤਾਰਾਂ ਕੱਸਵਾਂ ਲੈਣੀਆਂ ਚਾਹੀਦੀਆਂ ਹਨ। ਟਰਾਂਸਫ਼ਾਰਮਰ ਦੇ ਆਲੇ ਦੁਆਲੇ ਇੱਕ ਮਰਲੇ ਰਕਬੇ ਵਿੱਚ ਕਣਕ ਦੀ ਕਟਾਈ ਪਹਿਲਾਂ ਕਰ ਲੈਣੀ ਚਾਹੀਦੀ ਹੈ, ਅੱਗ ਲੱਗਣ ਦੀ ਦੁਰਘਟਨਾ ਤੋਂ ਬਚਣ ਲਈ ਚੁਬੱਚਿਆਂ ਅਤੇ ਸਪਰੇਅ ਪੰਪਾਂ ਦੀਆਂ ਟੈਂਕੀਆਂ ਵਿੱਚ ਪਾਣੀ ਭਰ ਕੇ ਰੱਖਣਾ ਚਾਹੀਦਾ ਹੈ। ਜੇਕਰ ਕਿਤੇ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨਾਲ ਸੰਪਰਕ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ