ਐਸਸੀ\ਬੀਸੀ ਮਹਾਂ ਪੰਚਾਇਤ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

ਸਰਕਾਰਾਂ ਸਤਾਏ ਹੋਏ ਦਲਿਤ ਤੇ ਪਛੜੀਆਂ ਸ਼ੇ੍ਰਣੀਆਂ ਦੇ ਲੋਕ ਇੱਕਜੁੱਟ ਹੋਣ ਲੱਗੇ

ਨਬਜ਼-ਏ-ਪੰਜਾਬ, ਮੁਹਾਲੀ, 6 ਅਪਰੈਲ:
ਐਸਸੀ\ਬੀਸੀ ਮਹਾ ਪੰਚਾਇਤ ਦੇ ਬੈਨਰ ਹੇਠ ਵੱਖ-ਵੱਖ ਦਲਿਤ ਸੰਗਠਨਾਂ ਵੱਲੋਂ ਮੁਹਾਲੀ ਦੇ ਫੇਜ਼-7 ਸਥਿਤ ਟਰੈਫ਼ਿਕ ਲਾਈਟ ਚੌਕ ਨੇੜੇ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਕੈਂਪਸ ਵਿਖੇ ਸੰਘਰਸ਼ਸ਼ੀਲ ਆਗੂਆਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਦਲਿਤ ਸਮਾਜ ਦੀਆਂ ਮੰਗਾਂ ਖ਼ਾਸ ਕਰਕੇ ਜਾਅਲੀ ਐਸਸੀ\ਬੀਸੀ ਸਰਟੀਫਿਕੇਟਾਂ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਲੈਣ ਵਾਲੇ ਵਿਅਕਤੀਆਂ ਅਤੇ ਸਬੰਧਤ ਵਿਭਾਗ ਦੇ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਐਲਾਨ ਕੀਤਾ ਕਿ 14 ਅਪਰੈਲ ਨੂੰ ਰੋਸ ਵਜੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਦਲਿਤ ਆਗੂ ਬਲਵਿੰਦਰ ਸਿੰਘ ਕੁੰਭੜਾ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਬੀਤੀ 5 ਮਾਰਚ ਨੂੰ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਕਸੂਰਵਾਰ ਵਿਅਕਤੀਆਂ ਅਤੇ ਅਫ਼ਸਰਾਂ ਖ਼ਿਲਾਫ਼ ਜਲਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਪਰ ਮਹੀਨਾ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਕੋਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਜਦੋਂਕਿ ਸਰਕਾਰ ਦਲਿਤ ਲੋਕਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਤੋਂ ਵੀ ਰੋਕ ਰਹੀ ਹੈ। ਇਸ ਸਬੰਧੀ ਸੈਂਟਰਲ ਥਾਣਾ ਫੇਜ਼-8 ਵਿੱਚ ਬਲਵਿੰਦਰ ਸਿੰਘ, ਉਸ ਦੀ ਪਤਨੀ ਗੁਰਨਾਮ ਕੌਰ ਤੇ ਹੋਰਨਾਂ ਮੁਜ਼ਾਹਰਾਕਾਰੀਆਂ ਖ਼ਿਲਾਫ਼ ਝੂਠਾ ਪਰਚਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਕਈ ਹੋਰ ਕੇਸਾਂ ਵਿੱਚ ਦਲਿਤ ਲੋਕ ਇਨਸਾਫ਼ ਲਈ ਥਾਣਿਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ।
ਆਗੂਆਂ ਨੇ ਕਿਹਾ ਕਿ ਉਪਰੋਕ ਮਸਲਿਆਂ ਦੇ ਹੱਲ ਲਈ ਪੀੜਤ ਲੋਕ ਐੱਸਐੱਸਪੀ ਸਮੇਤ ਹੋਰ ਉੱਚ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਮਾਰ ਕੇ ਥੱਕ ਗਏ ਹਨ ਪ੍ਰੰਤੂ ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਪੱਲੇ ਨਹੀਂ ਪਿਆ। ਉਨ੍ਹਾਂ ਐਲਾਨ ਕੀਤਾ ਕਿ 14 ਅਪਰੈਲ ਨੂੰ ਪੱਕੇ ਮੋਰਚੇ ਵਾਲੀ ਥਾਂ ਦਲਿਤ ਸੰਗਠਨਾਂ ਦਾ ਵੱਡਾ ਇਕੱਠਾ ਕੀਤਾ ਜਾਵੇਗਾ। ਇੱਥੇ ਖ਼ਾਲਸਾ ਸਾਜਨਾ ਦਿਵਸ ਅਤੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਉਣ ਉਪਰੰਤ ਦੁਪਹਿਰ 1 ਵਜੇ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਜੇਕਰ ਪੁਲੀਸ ਨੇ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਸੜਕ ’ਤੇ ਚੱਕਾ ਜਾਮ ਕਰਕੇ ਧਰਨਾ ਦਿੱਤਾ ਜਾਵੇਗਾ।
ਇਸ ਮੌਕੇ ਰੇਸ਼ਮ ਸਿੰਘ ਕਾਹਲੋਂ, ਗੁਰਮੁੱਖ ਸਿੰਘ ਢੋਲਣ ਮਾਜਰਾ, ਜਸਵੀਰ ਸਿੰਘ ਮਹਿਤਾ, ਪ੍ਰਵੀਨ ਟਾਂਕ, ਅਜੈਬ ਸਿੰਘ ਬਠੋਈ, ਬਲਜੀਤ ਸਿੰਘ ਕਕਰਾਲੀ, ਅਵਤਾਰ ਸਿੰਘ ਸੈਂਪਲਾ, ਹਰਨੇਕ ਸਿੰਘ ਮਲੋਆ, ਕਰਮਜੀਤ ਸਿੰਘ, ਗੁਰਸ਼ਰਨ ਸਿੰਘ ਬਠੋਈ, ਬਲਵਿੰਦਰ ਸਿੰਘ ਗਿੱਲ, ਮੁਖ਼ਤਿਆਰ ਸਿੰਘ, ਮਲਕੀਤ ਸਿੰਘ, ਸਰਵਣ ਸਿੰਘ, ਬਲਵਿੰਦਰ ਸਿੰਘ ਮਾਣਕਪੁਰ ਕੱਲਰ ਅਤੇ ਸਤਨਾਮ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…