ਵਕੀਲ ਭਾਈਚਾਰੇ ਵੱਲੋਂ ਲੋਕਤੰਤਰ ਨੂੰ ਬਚਾਉਣ ਦਾ ਸੱਦਾ

ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ:
ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਦੀ ਮੀਟਿੰਗ ਅੱਜ ਇੱਥੇ ਸੂਬਾ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੱਪਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਭਾਰਤ ਦੀ ਨਿਆਂਪਾਲਿਕਾ ਦੀ ਭਰੋਸੇਯੋਗਤਾ ਨੂੰ ਬਰਕਰਾਰ ਰੱਖਣ ਅਤੇ ਆਜ਼ਾਦ ਤੌਰ ’ਤੇ ਕੰਮ ਕਰਨ ਦੇਣ ਅਤੇ ਮੌਜੂਦਾ ਸਮੇਂ ਵਿੱਚ ਸਰਕਾਰ ਵੱਲੋਂ ਸ਼ਰ੍ਹੇਆਮ ਲੋਕਤੰਤਰ ਦੀਆਂ ਧੱਜੀਆਂ ਉਡਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਨ। ਚੋਣ ਕਮਿਸ਼ਨ ਤੋਂ ਦੇਸ਼ ਵਿੱਚ ਪਾਰਲੀਮੈਂਟ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ।
ਐਡਵੋਕੇਟ ਨਟਰਾਜਨ ਕੌਸ਼ਲ ਨੇ ਈਵੀਐਮ ਦੀ ਵਰਤੋਂ ਨਾਲ ਚੋਣਾਂ ਵਿੱਚ ਧਾਂਦਲੀ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ। ਨਾਲ ਹੀ ਚੋਣ ਕਮਿਸ਼ਨ ਵੱਲੋਂ ਸੱਤ ਪੜਾਵਾਂ ਵਿੱਚ ਚੋਣਾਂ ਕਰਵਾਉਣ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਦੇਸ਼ ਦੇ ਹੁਕਮਰਾਨ ਕੇਂਦਰੀ ਏਜੰਸੀਆਂ ਈਡੀ ਅਤੇ ਸੀਬੀਆਈ ਦੀ ਕਥਿਤ ਦੁਰਵਰਤੋਂ ਕਰਕੇ ਵਿਰੋਧੀ ਪਾਰਟੀਆਂ ਨੂੰ ਖ਼ਤਮ ਕਰਨਾ ਚਾਹੁੰਦੇ ਹਨ, ਜੋ ਲੋਕਤੰਤਰ ਲਈ ਖਤਰੇ ਦੀ ਘੰਟੀ ਹੈ ਅਤੇ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਡੂੰਘੀ ਸਾਜ਼ਿਸ਼ ਹੈ।
ਸੂਬਾ ਕਮੇਟੀ ਮੈਂਬਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ਵਿੱਚ ਹਕੂਮਤ ਕਰਨ ਵਾਲੀ ਜਮਾਤ ਤਾਨਾਸ਼ਾਹੀ ਵੱਲ ਵਧ ਰਹੀ ਹੈ ਅਤੇ ਦੇਸ਼ ਦੇ ਸੰਵਿਧਾਨ ਨੂੰ ਬਦਲ ਕੇ ਇਕ ਹਿੰਦੂਵਾਦੀ ਰਾਜ ਪੈਦਾ ਕਰਨਾ ਚਾਹੁੰਦੀ ਹੈ। ਜਿਸ ਨੂੰ ਵਕੀਲ ਭਾਈਚਾਰਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗਾ ਅਤੇ ਵਕੀਲ ਭਾਈਚਾਰਾ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਸੜਕਾਂ ’ਤੇ ਆਉਣ ਤੋਂ ਗੁਰੇਜ਼ ਨਹੀਂ ਕਰੇਗਾ। ਉਨ੍ਹਾਂ ਦੇਸ਼ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਨੂੰ ਧਰਮ ਅਤੇ ਜਾਤੀ ਅਧਾਰ ’ਤੇ ਵੰਡਣ ਵਾਲੀਆਂ ਸ਼ਕਤੀਆਂ ਨੂੰ ਹਰਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਕੌਮਾਂਤਰੀ ਪੱਧਰ ’ਤੇ ਇਹ ਸਾਬਤ ਹੋ ਚੁੱਕਾ ਹੈ ਕਿ ਈਵੀਐਮ ਮਸ਼ੀਨਾਂ ਵਿੱਚ ਘਪਲਾ ਕੀਤਾ ਜਾ ਸਕਦਾ ਹੈ। ਕਾਨੂੰਨ ਅਨੁਸਾਰ ਹਰੇਕ ਉਮੀਦਵਾਰ ਨੂੰ ਪਟੀਸ਼ਨ ਪਾ ਕੇ ਵੋਟਾਂ ਦੀ ਗਿਣਤੀ ਦੁਬਾਰਾ ਕਰਵਾਉਣ ਦਾ ਹੱਕ ਹੈ ਜੋ ਬਿਨਾਂ ਵੀਵੀਪੈਟ ਦੇ ਸੰਭਵ ਨਹੀਂ ਹੈ।
ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਵਲ ਕੁਮਾਰ ਛਿੱਬੜ, ਹਰਚੰਦ ਸਿੰਘ ਬਾਠ, ਪਰਮਜੀਤ ਸਿੰਘ ਖੰਨਾ, ਅੰਗਰੇਜ਼ ਸਿੰਘ ਕਲੇਰ, ਸੰਪੂਰਨ ਸਿੰਘ ਛਾਜਲੀ, ਸਾਬਕਾ ਪ੍ਰਧਾਨ ਅਮਰਜੀਤ ਸਿੰਘ ਲੌਂਗੀਆ, ਰਛਪਾਲ ਸਿੰਘ, ਇਕਬਾਲ ਸਿੰਘ, ਅਜੈ ਸ਼ੰਕਰ, ਸਲਮਾਨ ਖਾਨ, ਗੁਰਬੀਰ ਸਿੰਘ ਲਾਲੀ, ਕੁਲਦੀਪ ਸਿੰਘ ਹੈਦਰਾਵਾਦੀ, ਗੁਰਜਿੰਦਰ ਸਿੰਘ ਅਤੇ ਯਸ਼ਜੋਤ ਸਿੰਘ ਧਾਲੀਵਾਲ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…