ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 9 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਕੁਲਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਜੁਝਾਰ ਸਿੰਘ ਦੇ ਪੂਰੇ ਜੀਵਨ ਬ੍ਰਿਤਾਂਤ ਬਾਰੇ ਜਾਣੂ ਕਰਵਾਇਆ। ਭਾਈ ਸਿਮਰਨਜੀਤ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਵੱਲੋਂ ਛੋਟੀ ਉਮਰੇ ਜਬਰ ਤੇ ਜੁਲਮ ਖ਼ਿਲਾਫ਼ ਮੁਗਲ ਹਕੂਮਤ ਨਾਲ ਚਮਕੌਰ ਸਾਹਿਬ ਦੀ ਜੰਗ ਵਿੱਚ ਅਦੁੱਤੀ ਤੇ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਭਾਈ ਏਕਮਜੋਤ ਸਿੰਘ, ਭਾਈ ਹਰਬੀਰ ਸਿੰਘ, ਅਕਾਲ ਕਵੀਸ਼ਰੀ ਜਥਾ, ਭਾਈ ਹਰਪ੍ਰੀਤ ਸਿੰਘ, ਮਾਤਾ ਸੁੰਦਰ ਕੌਰ ਸਰਬ ਸਾਂਝੀ ਸੁਸਾਇਟੀ, ਬੀਬੀ ਤੇਜਿੰਦਰ ਕੌਰ, ਭਾਈ ਜਸਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ, ਭਾਈ ਸੁਖਵਿੰਦਰ ਸਿੰਘ, ਬੀਬੀ ਉੱਤਮਜੀਤ ਕੌਰ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 13 ਅਪਰੈਲ ਨੂੰ ਇਸ ਪਵਿੱਤਰ ਅਸਥਾਨ ’ਤੇ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਹਜ਼ੂਰੀ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਸਵੇਰੇ 10 ਵਜੇ ਵਿਸ਼ਾਲ ਅੰਮ੍ਰਿਤ ਸੰਚਾਰ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…