nabaz-e-punjab.com

ਮਿਸ਼ਨ-2024: ਜਨਰਲ ਵਰਗ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਪੰਜਾਬ ਦੀ ਆਪ ਸਰਕਾਰ ਵੱਲੋਂ ਆਪਣੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਨਾ ਕੀਤੇ ਜਾਣ ਵਿਰੁੱਧ ਜਨਰਲ ਵਰਗ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਨਰਲ ਕੈਟਾਗਰੀ ਵਰਗ ਦੇ ਸਿਆਸੀ ਵਿੰਗ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਫੁੱਗਲਾਣਾ, ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਅਤੇ ਜਨਰਲ ਸਕੱਤਰ ਜਗਦੀਸ਼ ਸਿੰਗਲਾ ਨੇ ਐਲਾਨ ਕਿ ਪੰਜਾਬ ਵਿੱਚ ਇੱਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਜਨਰਲ ਵਰਗ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਅੱਜ ਇੱਥੇ ਜਨਰਲ ਕੈਟਾਗਰੀ ਵਰਗ ਦੇ ਆਗੂਆਂ ਨੇ ਦੱਸਿਆ ਕਿ ਦਲਿਤ ਵਰਗ ਨਾਲ ਸਬੰਧਤ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਜਨਰਲ ਕੈਟਾਗਰੀ ਕਮਿਸ਼ਨ ਸਥਾਪਿਤ ਕੀਤਾ ਗਿਆ ਸੀ ਲੇਕਿਨ ਸੱਤਾ ਪਰਿਵਰਤਨ ਤੋਂ ਬਾਅਦ ‘ਆਪ’ ਸਰਕਾਰ ਨੇ ਕਮਿਸ਼ਨ ਦਾ ਚੇਅਰਮੈਨ ਅਤੇ ਬਾਕੀ ਮੈਂਬਰ ਨਾਮਜ਼ਦ ਨਹੀਂ ਕੀਤੇ ਗਏ। ਇਹੀ ਨਹੀਂ ਸੂਬਾ ਸਰਕਾਰ ਨੇ ਕਮਿਸ਼ਨ ਦਫ਼ਤਰ ਦਾ ਅਮਲਾ ਫੈਲਾ ਵੀ ਤਾਇਨਾਤ ਨਹੀਂ ਕੀਤਾ ਗਿਆ ਹੈ। ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਜਨਰਲ ਵਰਗ ਨਾਲ ਸਬੰਧਤ ਹਨ।
ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਜਨਰਲ ਵਰਗ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਕਰਕੇ ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਬੀਤੀ 4 ਅਪਰੈਲ ਨੂੰ ਜਨਰਲ ਵਰਗ ਦੇ ਸਿਆਸੀ ਵਿੰਗ ਦਾ ਗਠਨ ਕੀਤਾ ਗਿਆ ਸੀ। ਅੱਜ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਜਿਸ ਵਿੱਚ ਸਰਬਸੰਮਤੀ ਨਾਲ ਸੁਰਿੰਦਰਪਾਲ ਸਿੰਘ ਖੱਟੜਾ ਨੂੰ ਮੁਹਾਲੀ, ਦਿਲਬਾਗ ਸਿੰਘ ਹਿੰਦੂਪੁਰ ਨੂੰ ਫਤਹਿਗੜ੍ਹ ਸਾਹਿਬ, ਅਵਤਾਰ ਸਿੰਘ ਨੂੰ ਪਟਿਆਲਾ, ਵਰਿੰਦਰ ਸਿੰਘ ਭਿੰਡਰ ਨੂੰ ਹੁਸ਼ਿਆਰਪੁਰ ਅਤੇ ਕਰਨੈਲ ਸਿੰਘ ਨੂੰ ਬਠਿੰਡਾ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਵਾਰ ਵਾਰ ਮੰਗ ਕਰਨ ਦੇ ਬਾਵਜੂਦ ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਨਾ ਲਗਾਉਣ ਨਾਲ ਸਾਫ਼ ਜਾਹਰ ਹੁੰਦਾ ਹੈ ਕਿ ‘ਆਪ’ ਸਰਕਾਰ ਜਨਰਲ ਵਰਗ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸੁਹਿਰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ 92 ਸੀਟਾਂ ਜਿਤਾਉਣ ਵਿੱਚ ਜਨਰਲ ਵਰਗ ਦੇ ਵੋਟਰਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਪਰ ਸਰਕਾਰ ਵੱਲੋਂ ਜਨਰਲ ਵਰਗ ਦੇ ਮੁਲਾਜ਼ਮਾਂ, ਕਿਸਾਨਾਂ ਅਤੇ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤੇ ਜਾਣ ਦੇ ਰੋਸ ਵਜੋਂ ਚੋਦਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਵਿਰੋਧ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀ ਵੀ ਸਿਆਸੀ ਪਾਰਟੀ ਕੇਂਦਰ ਵਿੱਚ ਜਨਰਲ ਕੈਟਾਗਰੀ ਕਮਿਸ਼ਨ ਬਣਾਉਣ ਦਾ ਐਲਾਨ ਕਰੇਗੀ ਅਤੇ ਆਪਣੀ ਪਾਰਟੀ ਵਿੱਚ ਜਨਰਲ ਕੈਟਾਗਰੀ ਵਿੰਗ ਸਥਾਪਿਤ ਕਰੇਗੀ, ਉਸ ਦਾ ਖੁੱਲ੍ਹ ਕੇ ਸਮਰਥਨ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…