ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਵੱਲੋਂ ਗੁਰੂਘਰ ਤੇ ਮੰਦਰ ਵਿੱਚ ਮੱਥਾ ਟੇਕ ਕੇ ਚੋਣ ਮੁਹਿੰਮ ਦਾ ਆਗਾਜ਼

‘ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਲੋਕਾਂ ਦੀ ਉਮੀਦਾਂ ’ਤੇ ਖਰਾ ਉੱਤਰਾਂਗਾ:’ ਸੁਭਾਸ਼ ਸ਼ਰਮਾ

ਨਬਜ਼-ਏ-ਪੰਜਾਬ, ਮੁਹਾਲੀ, 9 ਮਈ:
ਭਾਜਪਾ ਨੇ ਪੰਥਕ ਹਲਕਾ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਹਿੰਦੂ ਚਿਹਰੇ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਅੱਜ ਗੁਰੂਘਰ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਉਂਜ ਉਹ ਪਿਛਲੇ ਕਾਫ਼ੀ ਸਮੇਂ ਤੋਂ ਸੰਭਾਵੀ ਉਮੀਦਵਾਰ ਵਜੋਂ ਹਲਕੇ ਵਿੱਚ ਵਿਚਰ ਰਹੇ ਸਨ। ਬੀਤੇ ਕੱਲ੍ਹ ਭਾਜਪਾ ਹਾਈ ਕਮਾਨ ਨੇ ਉਨ੍ਹਾਂ ਦੇ ਨਾਂ ’ਤੇ ਮੋਹਰ ਲਗਾਈ ਗਈ।
ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦਾ ਅੱਜ ਇੱਥੋਂ ਦੇ ਫੇਜ਼-4 ਵਿਖੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਵਰਕਰਾਂ ਅਤੇ ਆਮ ਸ਼ਹਿਰੀਆਂ ਨੂੰ ਭਾਜਪਾ ਦੇ ਹੱਕ ਵਿੱਚ ਫ਼ਤਵਾ ਦੇਣ ਦੀ ਅਪੀਲ ਕੀਤੀ। ਉਪਰੰਤ ਉਹ ਅਗਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ ਹੋਏ। ਇਸ ਮਗਰੋਂ ਭਾਜਪਾ ਉਮੀਦਵਾਰ ਨੇ ਮਾਤਾ ਨੈਣਾ ਦੇਵੀ ਮੰਦਰ ਵਿੱਚ ਵੀ ਮੱਥਾ ਟੇਕਿਆ। ਇਸ ਤੋਂ ਪਹਿਲਾਂ ਰਸਤੇ ਵਿੱਚ ਦੇਸੂਮਾਜਰਾ ਅਤੇ ਹੋਰਨਾਂ ਥਾਵਾਂ ’ਤੇ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਧਰਤੀ ਭਗਤੀ ਅਤੇ ਸ਼ਕਤੀ ਦੇ ਸਿਧਾਂਤਾਂ ਦੀ ਪ੍ਰਤੀਕ ਹੈ ਅਤੇ ਉਹ ਇੱਥੋਂ ਪ੍ਰੇਰਨਾ ਲੈ ਕੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਗੁਰੂ ਦੀ ਬਖ਼ਸ਼ੀਸ਼ ਨਾਲ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਫ਼ੈਸਲਾ ਲੋਕਾਂ ਦੇ ਹੱਥ ਵਿੱਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਉਹ ਲੋਕਾਂ ਵਿੱਚ ਜਾਣਗੇ ਅਤੇ ਵਿਕਾਸ ਅਤੇ ਦੇਸ਼ ਦੀ ਤਰੱਕੀ ਲਈ ਵੋਟਾਂ ਮੰਗਣਗੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਰਿਕਾਰਡਤੋੜ ਜਿੱਤ ਹਾਸਲ ਕਰੇਗੀ।
ਮੁਹਾਲੀ ਸਮੇਤ ਸਮੁੱਚੇ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਵਿਸ਼ਵ ਪ੍ਰਸਿੱਧ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ। ਬੰਗਲੁਰੂ ਵਾਂਗ ਮੁਹਾਲੀ ਨੂੰ ਵੀ ਆਈਟੀ ਹੱਬ ਵਜੋਂ ਤਰੱਕੀ ਕਰਨੀ ਚਾਹੀਦੀ ਹੈ। ਇਸ ਲਈ ਉਹ ਯਕੀਨੀ ਤੌਰ ’ਤੇ ਠੋਸ ਉਪਰਾਲੇ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…