ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ

ਨਾਜਾਇਜ਼ ਕਬਜ਼ਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੇ ਲਿਖਤੀ ਭਰੋਸੇ ਤੋਂ ਬਾਅਦ ਹੇਠਾਂ ਉਤਰਿਆ ਸਾਬਕਾ ਸਰਪੰਚ

ਡੀਡੀਪੀਓ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ, ਫ਼ੈਸਲਾ ਆਉਣ ’ਤੇ ਜ਼ਿੰੇਮਵਾਰਾਂ ਵਿਰੁੱਧ ਹੋਵੇਗੀ ਕਾਰਵਾਈ

ਨਬਜ਼-ਏ-ਪੰਜਾਬ, ਮੁਹਾਲੀ, 14 ਮਈ:
ਇੱਥੋਂ ਦੇ ਇਤਿਹਾਸਕ ਪਿੰਡ ਦਾਊਂ ਅਤੇ ਰਾਮਗੜ੍ਹ ਦੀ ਸ਼ਾਮਲਾਤ ਜ਼ਮੀਨ ’ਤੇ ਕਥਿਤ ਨਾਜਾਇਜ਼ ਕਬਜ਼ਿਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਬੀਤੇ ਦਿਨੀਂ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਅਜਮੇਰ ਸਿੰਘ ਅੱਜ ਸਰਕਾਰੀ ਭਰੋਸੇ ਤੋਂ ਬਾਅਦ ਥੱਲੇ ਉਤਰ ਆਇਆ ਹੈ। ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ 24 ਘੰਟਿਆਂ ਦੇ ਅੰਦਰ-ਅੰਦਰ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਨਾ ਹਟਾਏ ਗਏ ਤਾਂ ਉਹ ਆਪਣੇ ਉੱਤੇ ਡੀਜਲ ਪਾ ਕੇ ਅੱਗ ਲਗਾ ਲਵੇਗਾ। ਡੀਜ਼ਲ ਦੀ ਬੋਤਲ ਅਤੇ ਮਾਚਸ ਦੀ ਡੱਬੀ ਲੈ ਕੇ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨ ਦੀ ਨੀਂਦ ਖੁੱਲ੍ਹੀ।
ਅੱਜ ਪੰਚਾਇਤ ਅਤੇ ਰੈਵੀਨਿਊ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸਾਬਕਾ ਸਰਪੰਚ ਨੂੰ ਲਿਖਤੀ ਭਰੋਸਾ ਦਿੱਤਾ ਗਿਆ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਨਾਜਾਇਜ਼ ਕਬਜ਼ੇ ਹਟਾਏ ਜਾਣਗੇ। ਇਸ ਤੋਂ ਬਾਅਦ ਸਾਬਕਾ ਸਰਪੰਚ ਅਜਮੇਰ ਸਿੰਘ ਪਾਣੀ ਦੀ ਟੈਂਕੀ ਤੋਂ ਹੇਠਾਂ ਆ ਗਿਆ। ਮੌਕੇ ’ਤੇ ਪਹੁੰਚੇ ਅਧਿਕਾਰੀਆਂ ਨੇ ਕਿਹਾ ਕਿ ਬੀਤੇ ਦਿਨੀਂ ਰੈਵੀਨਿਊ ਵਿਭਾਗ ਵੱਲੋਂ ਰਾਮਗੜ੍ਹ ਪਿੰਡ ਦੀ ਸ਼ਾਮਲਾਤ ਜ਼ਮੀਨ ਦੀ ਨਿਸ਼ਾਨ ਦੇਹੀ ਕੀਤੀ ਗਈ ਸੀ, ਜਿਸ ਵਿੱਚ 4 ਵਿਅਕਤੀ ਕਬਜ਼ਾ ਕਰਦੇ ਪਾਏ ਗਏ ਸਨ। ਅੱਜ ਡੀਡੀਪੀਓ ਦੀ ਅਦਾਲਤ ਵਿੱਚ ਕੇਸ ਦਾਇਰ ਕਰ ਦਿੱਤਾ ਗਿਆ ਹੈ ਅਤੇ ਫ਼ੈਸਲਾ ਆਉਣ ਤੋਂ ਤੁਰੰਤ ਬਾਅਦ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਸਾਬਕਾ ਸਰਪੰਚ ਅਜਮੇਰ ਸਿੰਘ ਨੇ ਕਿਹਾ ਕਿ ਰਾਮਗੜ੍ਹ ਦੀ ਸ਼ਾਮਲਾਤ ਜ਼ਮੀਨ ਦੀ ਨਿਸ਼ਾਨ ਦੇਹੀ ਕਰ ਦਿੱਤੀ ਹੈ ਅਤੇ ਅਧਿਕਾਰੀਆਂ ਨੇ ਗਰਾਮ ਪੰਚਾਇਤ ਨੂੰ ਲਿਖ ਕੇ ਦਿੱਤਾ ਹੈ ਕਿ ਦਾਊਂ ਅਤੇ ਰਾਮਗੜ੍ਹ ਸ਼ਾਮਲਾਤ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਹਟਾਇਆ ਜਾਵੇਗਾ। ਇਸ ਮੌਕੇ ਨੌਜਵਾਨ ਆਗੂ ਨਰੇਸ਼ ਨੇਸ਼ੀ, ਸਲੀਮ, ਰਣਧੀਰ ਸਿੰਘ ਰਾਜੂ, ਰਵੀ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…