Share on Facebook Share on Twitter Share on Google+ Share on Pinterest Share on Linkedin ਕੰਗਨਾ ਰਣੌਤ ਮਾਮਲਾ: ਕਿਸਾਨ ਜਥੇਬੰਦੀਆਂ ਵੱਲੋਂ ਐੱਸਐੱਸਪੀ ਦਫ਼ਤਰ ਤੱਕ ਵਿਸ਼ਾਲ ਇਨਸਾਫ਼ ਮਾਰਚ ਬੌਲੀਵੁੱਡ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਨਬਜ਼-ਏ-ਪੰਜਾਬ, ਮੁਹਾਲੀ, 9 ਜੂਨ: ਇੱਥੋਂ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਪਿਛਲੇ ਦਿਨੀਂ ਸੀਆਈਐੱਸਐੱਫ਼ ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਵੱਲੋਂ ਬੌਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ’ਤੇ ਥੱਪੜ ਮਾਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਮੇਤ ਹੋਰਨਾਂ ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਮੁਹਾਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ। ਐਤਵਾਰ ਨੂੰ ਸਵੇਰੇ 10 ਵਜੇ ਹੀ ਪੰਜਾਬ ਭਰ ਚੋਂ ਕਿਸਾਨ, ਬੀਬੀਆਂ ਅਤੇ ਨੌਜਵਾਨ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ ਤੱਕ ਵੱਡੀ ਭੀੜ ਜਮ੍ਹਾਂ ਹੋ ਗਈ। ਇੱਥੇ ਉਨ੍ਹਾਂ ਨੇ ਤਾਜ਼ਾ ਮਾਮਲੇ ’ਤੇ ਵਿਚਾਰ-ਚਰਚਾ ਕੀਤੀ। ਉਪਰੰਤ ਜਗਜੀਤ ਸਿੰਘ ਡੱਡੇਵਾਲ ਅਤੇ ਸਵਰਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨ ਅਤੇ ਬੀਬੀਆਂ ਅੱਤ ਦੀ ਗਰਮੀ ਵਿੱਚ ਰੋਸ ਮਾਰਚ (ਇਨਸਾਫ਼ ਮਾਰਚ) ਕਰਦੇ ਹੋਏ ਐੱਸਐੱਸਪੀ ਦਫ਼ਤਰ ਪਹੁੰਚੇ। ਜਿੱਥੇ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਕਿਸਾਨਾਂ ਤੋਂ ਮੰਗ ਪੱਤਰ ਹਾਸਲ ਕੀਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਮੰਗ ਕੀਤੀ ਕਿ ਕੰਗਨਾ ਰਣੌਤ ਦੇ ਖ਼ਿਲਾਫ਼ ਵੀ ਫੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਪਿਛਲੇ ਕਾਫ਼ੀ ਸਮੇਂ ਤੋਂ ਲਗਾਤਾਰ ਕਿਸਾਨਾਂ ਅਤੇ ਪੰਜਾਬੀਆਂ ਨੂੰ ਅਤਿਵਾਦੀ ਅਤੇ ਖਾਲਿਸਤਾਨੀ ਦੱਸ ਕੇ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਦੀ ਜ਼ੁਬਾਨ ਨੂੰ ਲਗਾਮ ਪਾਉਣੀ ਬਹੁਤ ਜ਼ਰੂਰੀ ਹੋ ਗਈ ਹੈ। ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਸਤਨਾਮ ਸਿੰਘ ਬਹਿਰੂ, ਸੁਖਜਿੰਦਰ ਸਿੰਘ ਖੋਸਾ, ਬਲਵੰਤ ਸਿੰਘ ਬਹਿਰਾਮਕੇ, ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਅਤੇ ਕਿਸਾਨ ਯੂਨੀਅਨ (ਕਾਦੀਆ) ਦੇ ਬੁਲਾਰੇ ਕਮਲਜੀਤ ਸਿੰਘ ਲਾਂਡਰਾਂ, ਜਸਵੰਤ ਸਿੰਘ ਮਾਣਕਮਾਜਰਾ, ਜਸਪਾਲ ਸਿੰਘ ਲਾਂਡਰਾਂ, ਬਲਬੀਰ ਸਿੰਘ ਬੈਂਰੋਪੁਰ, ਸ਼ੇਰ ਸਿੰਘ ਮਹੀਂਵਾਲ, ਸੁਖਜੀਤ ਸਿੰਘ ਹਰਦੋਝੰਡੇ, ਮਨਜੀਤ ਸਿੰਘ ਰਾਏ, ਗੁਰਿੰਦਰ ਸਿੰਘ ਭੰਗੂ, ਅਮਰਜੀਤ ਸਿੰਘ ਮੋਹੜੀ, ਦਿਲਬਾਗ ਸਿੰਘ ਗਿੱਲ, ਸੁਖਦੇਵ ਸਿੰਘ ਭੋਜਰਾਜ, ਜਸਵਿੰਦਰ ਸਿੰਘ ਲੌਂਗੋਵਾਲ, ਰਘਵੀਥ ਸਿੰਘ ਭੰਗਾਲਾ, ਜੰਗ ਸਿੰਘ ਭਤੇਹੜੀ, ਸੁਰਜੀਤ ਸਿੰਘ ਫੂਲ, ਉਕਾਰ ਸਿੰਘ ਭੰਗਾਲਾ, ਸੰਦੀਪ ਸਿੰਘ ਰਾਜਸਥਾਨ, ਅਸੋਕ ਬੁਲਾਰਾ, ਮਨਜੀਤ ਸਿੰਘ ਘੁਮਾਣਾ, ਗਿਆਨ ਸਿੰਘ ਧੜਾਕ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ, ਬੀਬੀਆਂ ਅਤੇ ਨੌਜਵਾਨ ਮੌਜੂਦ ਸਨ। ਉਧਰ, ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਅਤੇ ਜਨਰਲ ਸਕੱਤਰ ਸੁਖਵਿੰਦਰ ਕੌਰ ਨੇ ਵੀ ਕੁਲਵਿੰਦਰ ਕੌਰ ਦੇ ਨਾਲ ਖੜਨ ਦਾ ਐਲਾਨ ਕੀਤਾ ਹੈ। ਦਿਸ਼ਾ ਵਿਮੈਨ ਟਰੱਸਟ ਦੀ ਪ੍ਰਧਾਨ ਹਰਦੀਪ ਕੌਰ ਵਿਰਕ ਨੇ ਕਿਹਾ ਕਿ ਅਗਲੇ ਸਾਲ ਮਹਿਲਾ ਦਿਵਸ ‘ਤੇ ਕੁਲਵਿੰਦਰ ਕੌਰ ਦਾ ਸਨਮਾਨ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ