ਡੀਸੀ ਵੱਲੋਂ ਰੈੱਡ ਕਰਾਸ ਭਵਨ ਦੀ ਉਸਾਰੀ ਸਬੰਧੀ ਕਮੇਟੀ 15 ਦਿਨਾਂ ’ਚ ਰਿਪੋਰਟ ਦੇਣ ਦੇ ਹੁਕਮ

ਕੁਰਾਲੀ ਵਿੱਚ ਖੋਲ੍ਹਿਆ ਜਾਵੇਗਾ ਜਨ ਅੌਸ਼ਧੀ ਸਟੋਰ, ਪਿੰਡਾਂ ਵਿੱਚ ਲਾਏ ਜਾਣਗੇ ਸਿਹਤ ਜਾਂਚ ਕੈਂਪ

ਦਿਵਿਆਂਗਾਂ ਨੂੰ ਲੋੜੀਂਦੀ ਸਮਗਰੀ ਦੇਣ ਲਈ ਵੀ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਨਬਜ਼-ਏ-ਪੰਜਾਬ, ਮੁਹਾਲੀ, 12 ਜੂਨ:
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਹਿਤ ਰੈੱਡ ਕਰਾਸ ਭਵਨ ਬਣਾਉਣ ਦਾ ਮਸਲਾ ਕਾਫ਼ੀ ਸਮੇਂ ਤੋਂ ਲਟਕ ਰਿਹਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਦੀ ਵਿਸ਼ੇਸ਼ ਕਮੇਟੀ ਬਣਾ ਕੇ ਭਵਨ ਸਬੰਧੀ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਲੋਕ ਭਲਾਈ ਦੇ ਕਾਰਜਾਂ ਤਹਿਤ ਕੁਰਾਲੀ ਵਿੱਚ ਜਲਦੀ ਜਨ ਅੌਸ਼ਧੀ ਸਟੋਰ ਖੋਲ੍ਹਿਆ ਜਾ ਰਿਹਾ ਹੈ। ਸਰਕਾਰੀ ਹਸਪਤਾਲ ਕੁਰਾਲੀ ਦੀ ਹੱਦ ਅੰਦਰਲੇ ਕਮਰੇ ਦੀ ਮੁਰੰਮਤ ਅਤੇ ਬੁਨਿਆਦੀ ਢਾਂਚਾ ਵਿਕਸਤ ਕਰ ਕੇ ਕਰੀਬ 3 ਲੱਖ ਰੁਪਏ ਦੀ ਲਾਗਤ ਨਾਲ ਜਨ ਅੌਸ਼ਧੀ ਸਟੋਰ ਖੋਲ੍ਹਿਆ ਜਾ ਰਿਹਾ ਹੈ। ਜਿਸ ਦਾ ਲੋਕਾਂ ਨੂੰ ਕਾਫ਼ੀ ਲਾਭ ਮਿਲੇਗਾ। ਇੱਥੇ ਸੀਸੀਟੀਵੀ ਕੈਮਰੇ ਵੀ ਲਗਾਏ ਜਾਣਗੇ।
ਡੀਸੀ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਿੰਡਾਂ ਵਿੱਚ ਸਿਹਤ ਜਾਂਚ ਕੈਂਪ ਲਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਇਸ ਤੋਂ ਇਲਾਵਾ ਦਿਵਿਆਂਗਾਂ ਨੂੰ ਲੋੜੀਂਦੀ ਸਮਗਰੀ ਦੇਣ ਲਈ ਵੀ ਕੈਂਪ ਲਾਏ ਜਾਣਗੇ। ਇਸ ਮੌਕੇ ਗੈਰ ਸਰਕਾਰੀ ਮੈਂਬਰਾਂ ਨੇ ਰੈੱਡ ਕਰਾਸ ਦੀਆਂ ਗਤੀਵਿਧੀਆਂ ਵਧਾਉਣ ਸਬੰਧੀ ਸਲਾਹ ਦਿੰਦਿਆਂ ਕਿਹਾ ਕਿ ਰਿਹਾਇਸ਼ੀ ਸੁਸਾਇਟੀਆਂ ਵਿੱਚ ਮੁਫ਼ਤ ਸੀਪੀਆਰ ਸਿਖਲਾਈ ਦਿੱਤੀ ਜਾਵੇ। ਡੀਸੀ ਨੇ ਮੌਕੇ ’ਤੇ ਹੀ ਇਸ ਸੁਝਾਅ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਏਡੀਸੀ (ਜਨਰਲ) ਵਿਰਾਜ ਐੱਸ ਤਿੜਕੇ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸਿਵਲ ਸਰਜਨ ਦਵਿੰਦਰ ਕੁਮਾਰ ਪੁਰੀ, ਐਸਡੀਐਮ ਦੀਪਾਂਕਰ ਗਰਗ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਸਡੀਐਮ ਖਰੜ ਗੁਰਮੰਦਰ ਸਿੰਘ, ਜ਼ਿਲ੍ਹਾ ਰੈੱਡ ਕਰਾਸ ਦੇ ਸਕੱਤਰ ਹਰਬੰਸ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…