nabaz-e-punjab.com

ਬਿਜਲੀ ਦਰਾਂ ’ਚ ਵਾਧਾ: ਚੋਣਾਂ ਵਿੱਚ ਮਿਲੀ ਹਾਰ ਦਾ ਬਦਲਾ ਲੈ ਰਹੀ ਹੈ ‘ਆਪ’ ਸਰਕਾਰ: ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 14 ਜੂਨ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਬਿਜਲੀ ਦਰਾਂ ਵਿੱਚ ਵਾਧਾ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਜ਼ਬਰਦਸਤ ਹਾਰ ਦਾ ਬਦਲਾ ਲੈਣ ਲਈ ਸੂਬਾ ਸਰਕਾਰ ਨੇ ਬਿਜਲੀ ਦਰਾਂ ਵਾਧਾ ਕੀਤਾ ਹੈ। ਅੱਜ ਇੱਥੇ ਉਨ੍ਹਾਂ ਕਿਹਾ ਕਿ ਨਾ ਸਿਰਫ਼ ਘਰੇਲੂ ਸਗੋਂ ਸਨਅਤਾਂ ਦੀਆਂ ਬਿਜਲੀ ਦਰਾਂ ਵਿਚ ਵੀ ਵਾਧਾ ਕੀਤਾ ਗਿਆ ਹੈ। ਕਿਸਾਨਾਂ ਦੇ ਟਿਊਬਵੈੱਲ ਕਨੈਕਸ਼ਨਾਂ ਦੀਆਂ ਦਰਾਂ ਵੀ ਵਧਾਈਆਂ ਗਈਆਂ ਹਨ।
ਕੁਲਜੀਤ ਬੇਦੀ ਨੇ ਕਿਹਾ ਕਿ ਇੱਕ ਪਾਸੇ ਸਰਕਾਰ 300 ਯੂਨਿਟ ਤੱਕ ਬਿਜਲੀ ਮੁਆਫ਼ ਕਰਨ ਦੀਆਂ ਗੱਲਾਂ ਕਰਕੇ ਲੋਕਾਂ ਨੂੰ ਸਹੂਲਤ ਦੇਣ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਬਿਜਲੀ ਰੇਟਾਂ ਵਿਚ ਵਾਧਾ ਕਰਕੇ ਲੋਕਾਂ ਦਾ ਕਚੂਮਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਵੇਂ ਤੁਗਲਕੀ ਹੁਕਮਾਂ ਅਨੁਸਾਰ ਪਾਵਰਕੌਮ ਵੱਲੋਂ 16 ਜੂਨ ਤੋਂ ਬਿਜਲੀ ਦੀਆਂ ਦਰਾਂ ਵਧਾਈਆਂ ਜਾ ਰਹੀਆਂ ਹਨ। ਇਸ ਦੇ ਤਹਿਤ 2ਕੇਵੀ ਘਰੇਲੂ ਬਿਜਲੀ ਤੱਕ 10 ਤੋਂ 12 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਹੋਵੇਗਾ। ਇੰਡਸਟਰੀ ਬਿਜਲੀ ਦੀਆਂ ਦਰਾਂ ਵਿੱਚ ਵੀ 15 ਪੈਸੇ ਦਾ ਵਾਧਾ ਕੀਤਾ ਗਿਆ ਹੈ, ਨਾਲ ਹੀ ਟਿਊਬਵੈੱਲ ਕੁਨੈਕਸ਼ਨ ਦੀਆਂ ਦਰਾਂ ‘ਚ ਵੀ 15 ਪੈਸੇ ਦਾ ਵਾਧਾ ਹੋਇਆ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਅਤਿ ਦੀ ਗਰਮੀ ਵਿਚ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਕੋਈ ਬਹੁਤਾ ਫਾਇਦਾ ਨਹੀਂ ਹੋ ਰਿਹਾ ਕਿਉਂਕਿ 300 ਯੂਨਿਟ ਤੋਂ ਇੱਕ ਯੂਨਿਟ ਵੀ ਉੱਪਰ ਪੂਰਾ ਬਿੱਲ ਭਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕ ਤ੍ਰਾਹੀ ਤ੍ਰਾਹੀ ਕਰ ਰਹੇ ਹਨ, ਦੂਜੇ ਪਾਸੇ ਬਿਜਲੀ ਦਰਾਂ ’ਚ ਵਾਧਾ ਕਰ ਦਿੱਤਾ ਹੈ, ਜੋ ਸਹਿਣ ਯੋਗ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦਰਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ ਅਤੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…