Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਨੇ ਮੁਹਾਲੀ ਸਣੇ ਰਾਜ ਭਰ ਦੇ ਡਰੱਗ ਹੌਟਸਪੌਟਸ ’ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੀ ਅਗਵਾਈ ਹੇਠ ਮੁਹਾਲੀ ਵਿੱਚ ਪੁਲੀਸ ਜਵਾਨ ਮੈਦਾਨ ’ਚ ਉਤਰੇ 140 ਕੇਸ ਦਰਜ ਕਰਕੇ 166 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, 2.7 ਕਿੱਲੋ ਹੈਰੋਇਨ, 1.50 ਲੱਖ ਦੀ ਡਰੱਗ ਮਨੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ, 16 ਜੂਨ: ਪੰਜਾਬ ਪੁਲੀਸ ਨੇ ਸੂਬੇ ਵਿੱਚ ਨਸ਼ਿਆਂ ਦੇ ਪਛਾਣੇ ਗਏ ਹੌਟਸਪੌਟਸ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਸ਼ਾ ਸਪਲਾਈ ਦੀ ਕੜੀ ਨੂੰ ਵਿਰਕੀ ਦੇ ਪੱਧਰ (ਪੁਆਇੰਟ ਆਫ਼ ਸੇਲ) ਤੋਂ ਤੋੜਨ ਦੇ ਉਦੇਸ਼ ਨਾਲ ਮੁਹਾਲੀ ਸਮੇਤ ਰਾਜ ਭਰ ਵਿੱਚ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਪਰੇਸ਼ਨ ਚਲਾਇਆ ਗਿਆ। ਮੁਹਾਲੀ ਵਿੱਚ ਸਰਚ ਅਭਿਆਨ ਦੀ ਅਗਵਾਈ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਕੀਤੀ। ਇਸ ਮੌਕੇ ਰੂਪਨਗਰ ਰੇਂਜ ਦੇ ਡੀਆਈਜੀ ਨੀਲਾਂਬਰੀ ਜਗਦਲੇ ਅਤੇ ਐੱਸਐੱਸਪੀ ਸੰਦੀਪ ਗਰਗ, ਐਸਪੀ ਸਿਟੀ ਹਰਬੀਰ ਸਿੰਘ ਅਟਵਾਲ, ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਅਪਰੇਸ਼ਨ 28 ਪੁਲੀਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਸ਼ਾਮ ਤੱਕ ਇੱਕੋ ਸਮੇਂ ਚਲਾਇਆ ਗਿਆ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਸਰਹੱਦੀ ਸੂਬੇ ਤੋਂ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਇਨਫੋਰਸਮੈਂਟ, ਡੀ-ਐਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਨੂੰ ਨਾਮਜ਼ਦ ਕਰਕੇ ਨਸ਼ਾ ਸਪਲਾਈ ਦੀ ਕੜੀ ਨੂੰ ਵਿਰਕੀ ਦੇ ਪੱਧਰ ਤੋਂ ਹੀ ਤੋੜਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਵੱਡੀਆਂ ਮੱਛੀਆਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ। ਜੇਲ੍ਹਾਂ ਵਿੱਚ ਬੰਦ ਸਾਰੇ ਨਸ਼ਾ ਤਸਕਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਅਰਪਿਤ ਸ਼ੁਕਲਾ ਨੇ ਦੱਸਿਆ ਕਿ 2017 ਤੋਂ ਹੁਣ ਤੱਕ ਹੈਰੋਇਨ ਦੀ ਬਰਾਮਦਗੀ ਵਿੱਚ 5.6 ਗੁਣਾ (567 ਫ਼ੀਸਦ) ਵਾਧਾ ਹੋਇਆ ਹੈ। ਪਿਛਲੇ ਸਾਲ ਪੁਲੀਸ ਵੱਲੋਂ ਰਿਕਾਰਡ 1346 ਕਿੱਲੋਗਰਾਮ ਹੈਰੋਇਨ ਜ਼ਬਤ ਕੀਤੀ ਗਈ ਜਦਕਿ 2022 ਵਿੱਚ 594 ਕਿੱਲੋਗਰਾਮ, 2021 ਵਿੱਚ 571 ਕਿੱਲੋਗਰਾਮ, 2020 ਵਿੱਚ 760 ਕਿੱਲੋਗਰਾਮ, 2019 ਵਿੱਚ 460 ਕਿੱਲੋਗਰਾਮ, 2018 ਵਿੱਚ 424 ਕਿੱਲੋਗਰਾਮ ਅਤੇ 2017 ਵਿੱਚ 179 ਕਿੱਲੋਗਰਾਮ ਹੈਰੋਇਨ ਜ਼ਬਤ ਕੀਤੀ ਗਈ ਸੀ। ਇੰਜ ਹੀ ਐਨਡੀਪੀਐਸ ਐਕਟ ਤਹਿਤ ਦੋਸ਼ ਸਾਬਤ ਹੋਣ ਦੀ ਦਰ ਵੀ 2018 ਵਿੱਚ 59 ਫੀਸਦ ਤੋਂ ਵਧ ਕੇ 2023 ਵਿੱਚ 81 ਫੀਸਦ ਹੋ ਗਈ ਹੈ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਅੱਜ 450 ਤੋਂ ਵੱਧ ਪੁਲੀਸ ਟੀਮਾਂ ਵੱਲੋਂ ਪੰਜਾਬ ਭਰ ਦੇ 280 ਡਰੱਗ ਹੌਟਸਪੌਟਸ ’ਤੇ ਇਹ ਅਪਰੇਸ਼ਨ ਚਲਾਇਆ ਗਿਆ। ਇਸ ਅਪਰੇਸ਼ਨ ਦੌਰਾਨ 140 ਪਰਚੇ ਦਰਜ ਕਰਕੇ 166 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2.7 ਕਿੱਲੋਗਰਾਮ ਹੈਰੋਇਨ, 1.50 ਲੱਖ ਰੁਪਏ ਦੀ ਡਰੱਗ ਮਨੀ, 12.2 ਕਿੱਲੋ ਭੁੱਕੀ, 5820 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਜਾਇਜ਼ ਅਤੇ ਨਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕਰਨ ਤੋਂ ਇਲਾਵਾ 16 ਮੋਟਰ ਸਾਈਕਲ ਅਤੇ ਤਿੰਨ ਕਾਰਾਂ ਜ਼ਬਤ ਕੀਤੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ