nabaz-e-punjab.com

ਪਰਲਜ਼ ਘੁਟਾਲਾ: ਵਿਜੀਲੈਂਸ ਵੱਲੋਂ ਬੇਲਾ ਵਿਸਟਾ ਦਾ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਮੁੰਬਈ ਤੋਂ ਗ੍ਰਿਫ਼ਤਾਰ

ਵਿਜੀਲੈਂਸ ਦੇ ਸ਼ਿਕੰਜੇ ਤੋਂ ਬਚਨ ਲਈ ਦੁਬਈ ਫ਼ਰਾਰ ਹੋਣ ਦੀ ਤਾਕ ਵਿੱਚ ਸੀ ਮੁਲਜ਼ਮ

ਨਬਜ਼-ਏ-ਪੰਜਾਬ, ਮੁਹਾਲੀ, 19 ਜੁਲਾਈ:
ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਮੀਗਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈੱਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ) ਮਾਮਲੇ ਵਿੱਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਭਗੌੜੇ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਹਵਾਈ ਅੱਡੇ ਤੋਂ ਦੁਬਈ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਵਿਜੀਲੈਂਸ ਅਨੁਸਾਰ ਉਕਤ ਮੁਲਜ਼ਮ ਪਿੰਡ ਘੋਲੂਮਾਜਰਾ (ਡੇਰਾਬੱਸੀ) ਵਿੱਚ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ ਵਿੱਚ ਚਾਰ ਸਾਲ ਪਹਿਲਾਂ 16 ਜੁਲਾਈ 2020 ਨੂੰ ਧਾਰਾ 406, 420, 467, 468, 471 ਅਤੇ 120ਬੀ ਤਹਿਤ ਦਰਜ ਮਾਮਲੇ ਵਿੱਚ ਲੋੜੀਂਦਾ ਸੀ। ਮੁਲਜ਼ਮ ਇਸ ਗੱਲ ਤੋਂ ਜਾਣੂ ਸੀ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀਏਸੀਐਲ ਨੂੰ ਪਿੰਡ ਘੋਲੂਮਾਜਰਾ ਅਤੇ ਹੋਰਨਾਂ ਥਾਵਾਂ ਉੱਤੇ ਪਰਲਜ਼ ਗਰੁੱਪ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਜਾਇਦਾਦਾਂ ਨੂੰ ਵੇਚਣ ’ਤੇ ਰੋਕ ਲਗਾਈ ਹੋਈ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਫੀਨੋਮੀਨਲ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ/ਪ੍ਰਮੋਟਰਾਂ ਨੇ ਹੋਰਨਾਂ ਦੀ ਮਿਲੀਭੁਗਤ ਨਾਲ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿੱਚ ਪੀਏਸੀਐਲ ਦੀ ਅਦਾਲਤ ਵੱਲੋਂ ਵਿਵਾਦਿਤ ਕਰਾਰ ਦਿੱਤੀ 115 ਵਿੱਘੇ ਜ਼ਮੀਨ ’ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਂਅ ਦੀਆਂ ਦੋ ਕਲੋਨੀਆਂ ਤਿਆਰ ਕੀਤੀਆਂ ਗਈਆਂ ਸਨ। ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ/ਮਕਾਨ ਵੇਚ ਕੇ ਮੋਟਾ ਪੈਸਾ ਕਮਾਇਆ ਹੈ। ਇਸ ਦੇ ਚੱਲਦਿਆਂ ਵਿਜੀਲੈਂਸ ਵੱਲੋਂ ਮੁੱਢਲੀ ਜਾਂਚ ਤੋਂ ਬਾਅਦ ਉਕਤ ਮੁਕੱਦਮੇ ਵਿੱਚ ਇਨ੍ਹਾਂ ਕੰਪਨੀਆਂ ਦੇ ਪ੍ਰਮੋਟਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਇਸ ਵਿਕਰੀ ਨਾਲ ਇਕੱਤਰ ਕੀਤੀ ਰਾਸ਼ੀ ਇਸ ਕੰਪਨੀ ਵੱਲੋਂ ਪੇਸ਼ ਕੀਤੀ ਸਮੂਹਿਕ ਨਿਵੇਸ਼ ਯੋਜਨਾ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜਸਟਿਸ (ਸੇਵਾਮੁਕਤ) ਆਰਐਮ ਲੋਢਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਸੀ। ਵਿਜੀਲੈਂਸ ਨੇ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੰਜਾਬ ਲਿਆ ਕੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਮਾਮਲੇ ਦੀ ਡੂੰਘਾਈ ਦੀ ਨਾਲ ਜਾਂਚ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…