‘ਆਪ’ ਸਰਕਾਰ ਨੇ ਪੰਜਾਬ ਦੇ ਪਾਣੀਆਂ ਨੂੰ ਲੁਟਾਉਣ ਦੀ ਤਿਆਰੀ ਵਿੱਢੀ: ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 17 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਮੋਟੇਮਾਜਰਾ ਵਿਖੇ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ‘ਆਪ’ ਸਰਕਾਰ ਉੱਤੇ ਦੋਸ਼ ਲਾਇਆ ਹੈ ਕਿ ਉਸ ਨੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਦਿੱਲੀ ਤੇ ਹੋਰ ਸੂਬਿਆਂ ਨੂੰ ਦੇਣ ਦੀ ਤਿਆਰੀ ਕਰ ਲਈ ਹੈ। ਮੁਹਾਲੀ ਹਲਕੇ ਦੇ ਪਿੰਡ ਮੋਟੇਮਾਜਰਾ ਵਿਖੇ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਖੇਤਾਂ ਨੂੰ 100 ਫੀਸਦੀ ਨਹਿਰੀ ਪਾਣੀ ਮਿਲਣ ਸਬੰਧੀ ਜਾਅਲੀ ਅੰਕੜੇ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਇਹ ਸਿਧ ਕੀਤਾ ਜਾ ਸਕੇ ਕਿ ਪੰਜਾਬ ਕੋਲ ਆਪਣੀ ਲੋੜ ਤੋਂ ਵਾਧ ਪਾਣੀ ਉਪਲਭਦ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਮਾਨ ਵਲੋਂ ਇਹ ਚਾਲ ਕੇਂਦਰ ਸਰਕਾਰ ਨਾਲ ਮਿਲਕੇ ਚੱਲੀ ਜਾ ਰਹੀ ਹੈ।
ਸ੍ਰੀ ਚੰਦੂਮਾਜਰਾ ਨੇ ਇਸ ਸਬੰਧੀ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਨਹਿਰੀ ਪਟਵਾਰੀਆਂ ਉੱਪਰ ਗਲਤ ਅੰਕੜੇ ਬਣਾਉਣ ਲਈ ਦਬਾਅ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਕਰੀਬ 17 ਹਜ਼ਾਰ ਨਹਿਰੀ ਖਾਲਿਆਂ ਦੀ ਹੋਂਦ ਹੀ ਮਿੱਟ ਜਾਣ ਦੇ ਬਾਵਜੂਦ ਵੀ ਸਰਕਾਰ 100 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਹੋਣ ਦੇ ਝੂਠੇ ਦਾਅਵੇ ਪੇਸ਼ ਕਰਨ ਲਈ ਅੰਕੜੇ ਤਿਆਰ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਚਾਲ ਸੂਬੇ ਲਈ ਮਹਿੰਗੀ ਪਾਵੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੁਆਰਾ ਸੂਬੇ ਦੇ ਕਿਸਾਨਾਂ ਨਾਲ ਕੀਤੇ ਜਾ ਰਹੇ ਇਸ ਵਿਸ਼ਵਾਸ਼ਘਾਤ ਦਾ ਮਾੜਾ ਅਸਰ ਸਿੱਧਾ ਐੱਸਵਾਈਐੱਲ ਕੇਸ ਉੱਤੇ ਪਵੇਗਾ ਜਿਸ ਨਾਲ ਸੁਪਰੀਮ ਕੋਰਟ ਵਿੱਚ ਪੰਜਾਬ ਦਾ ਪੱਖ ਕਮਜ਼ੋਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਸੂਬੇ ਲਈ ਵੱਡੀ ਅਹਿਮੀਅਤ ਰੱਖਦਾ ਹੈ ਕਿਉਂਕਿ ਪੰਜਾਬ ਦੇ ਪਾਣੀਆਂ ਦਾ ਤਾਅਲੁੱਕ ਸਿੱਧਾ ਕਿਸਾਨਾਂ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਹੈ।
ਸ੍ਰੀ ਚੰਦੂਮਾਜਰਾ ਨੇ ਪੰਜਾਬ ਸਰਕਾਰ ਵਲੋਂ ਪਾਣੀ ਟੈਕਸ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਵੀ ਵਿਰੋਧ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਤੋਂ ਪਾਣੀ ਦਾ ਸੈੱਸ ਉਗਰਾਹ ਕਿ ਮੋਟੀ ਕਮਾਈ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ 14 ਮਈ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੁਆਰਾ ਸੂਬਾ ਸਰਕਾਰ ਨੇ ਕਿਸਾਨਾਂ ਤੋਂ 326 ਕਰੋੜ ਰੁਪਏ ਵਸੂਲਣ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਲ ਸੈੱਸ ਖ਼ਤਮ ਕਰਕੇ ਨਹਿਰੀ ਪਾਣੀ ਦੇ ‘ਜ਼ੀਰੋ ਬਿੱਲ‘ ਲਿਆਉਣ ਵਾਲੀ ਸਰਕਾਰ ਹੁਣ ਕਿਸਾਨਾਂ ਦੀਆਂ ਜੇਬਾਂ ਕੁਤਰਨ ਦੀ ਵਿਉਂਤਬੰਦੀ ਕਰ ਰਹੀ ਹੈ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਡਰਾਂ, ਸੁਰਜੀਤ ਸਿੰਘ ਗੜ੍ਹੀ, ਬਲਵਿੰਦਰ ਸਿੰਘ ਮੋਟੇਮਾਜਰਾ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ ਭਾਗੋਮਾਜਰਾ, ਬਲਵਿੰਦਰ ਸਿੰਘ, ਬਿਕਰਮਜੀਤ ਸਿੰਘ, ਗੁਰਪਾਲ ਸਿੰਘ ਮੋਟੇਮਾਜਰਾ, ਹਰਪਾਲ ਸਿੰਘ ਬਠਲਾਣਾ, ਗਗਨ ਬੈਦਵਾਨ, ਜਸਵੀਰ ਸਿੰਘ ਜੱਸੀ ਕਰੜਾ, ਪ੍ਰਿਤਪਾਲ ਸਿੰਘ ਕੁਰੜੀ, ਨੈਬ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…