ਮਹਾਨ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਪੰਜਾਬ ਦੀ ਆਪ ਸਰਕਾਰ ਵਚਨਬੱਧ: ਹਰਜੋਤ ਬੈਂਸ

ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਸ਼ਹੀਦ-ਏ-ਆਜ਼ਮ ਦਾ ਬੁੱਤ ਲਾਏਗੀ ਸਰਕਾਰ

ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਵਿੱਚ ਮਨਾਇਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ

ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ:
ਮੁਹਾਲੀ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਦੇ ਗਰਾਉਂਡ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਸਮੇਤ ਮਾਰਚ ਪਾਸਟ ਤੋਂ ਸਲਾਮੀ ਲਈ। ਵਰ੍ਹਦੇ ਮੀਂਹ ਦੀ ਪ੍ਰਵਾਹ ਨਾ ਕਰਦੇ ਹੋਏ ਦੌਰਾਨ ਪੰਜਾਬ ਪੁਲੀਸ ਦੇ ਜਵਾਨਾਂ ਅਤੇ ਐਨਸੀਸੀ ਕੈਡੇਟਾਂ ਨੇ ਸ਼ਾਨਦਾਰ ਮਾਰਚ ਪਾਸਟ ਕਰਕੇ ਆਜ਼ਾਦੀ ਦਿਹਾੜੇ ਪ੍ਰਤੀ ਆਪਣੀ ਪ੍ਰਤੀਬੱਧਤਾ ਦਾ ਸਬੂਤ ਦਿੱਤਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾ ਕੇ ਆਜ਼ਾਦੀ ਪ੍ਰਵਾਨਿਆਂ ਪ੍ਰਤੀ ਸ਼ਰਧਾ ਦਾ ਪ੍ਰਮਾਣ ਦਿੱਤਾ ਹੈ।
ਸ੍ਰੀ ਬੈਂਸ ਨੇ ਕਿਹਾ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਰੱਖਣ ਲਈ ਅਹਿਮ ਭੂਮਿਕਾ ਨਿਭਾਉਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਇੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ। ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਬਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇਣ ਲਈ ਵੀ ਕੇਂਦਰ ਅੱਗੇ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ 1 ਕਰੋੜ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।
ਪਿਛਲੇ ਦੋ ਸਾਲਾਂ ਵਿੱਚ 24 ਹਜ਼ਾਰ 164 ਖਿਡਾਰੀਆਂ ਨੂੰ 75 ਕਰੋੜ ਦੀ ਨਗਦ ਇਨਾਮ ਰਾਸ਼ੀ ਵੰਡਣ ਸਮੇਤ ਹਾਲ ਹੀ ਵਿੱਚ ਉਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਆਈ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਵੱਲੋਂ ਇਕ-ਇਕ ਕਰੋੜ ਰੁਪਏ ਦੇ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਤੋਂ ਹਨ। ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਓਲੰਪਿਕ ਖੇਡਾਂ ਤੇ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਗਏ ਖਿਡਾਰੀਆਂ ਨੂੰ ਤਿਆਰੀ ਲਈ ਕ੍ਰਮਵਾਰ 15 ਲੱਖ ਅਤੇ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ। ਆਪਣੇ ਵਿਭਾਗ ਦੀ ਗੱਲ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਰੌਸ਼ਨ ਭਵਿੱਖ ਲਈ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਸੇ ਲੜੀ ਤਹਿਤ 118 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐੱਸਐੱਸਪੀ ਦੀਪਕ ਪਾਰਿਕ, ਏਡੀਸੀ ਵਿਰਾਜ ਐਸ ਤਿੜਕੇ ਅਤੇ ਸ੍ਰੀਮਤੀ ਸੋਨਮ ਚੌਧਰੀ, ਨਿਗਮ ਕਮਿਸ਼ਨਰ ਨਵਜੋਤ ਕੌਰ, ਐਸਡੀਐਮ ਦੀਪਾਂਕਰ ਗਰਗ, ਕਾਲਜ ਦੀ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਤੇ ਹੋਰ ਅਧਿਕਾਰੀ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…