23 ਫ਼ਸਲਾਂ ਤੇ ਐਮਐਸਪੀ, ਅੌਰਤਾਂ ਨੂੰ ਹਜ਼ਾਰ ਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਭੱਜੀ ‘ਆਪ’ ਸਰਕਾਰ: ਚੰਦੂਮਾਜਰਾ

ਚੰਡੀਗੜ੍ਹ ਵਿੱਚ ਕਾਂਗਰਸ ਤੇ ‘ਆਪ’ ਵੱਲੋਂ ਇਕੱਠੇ ਚੋਣਾਂ ਲੜਨ ਨਾਲ ਸੱਚ ਉਜਾਗਰ ਹੋਇਆ: ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 14 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਲਾਂਡਰਾਂ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਡੇ-ਵੱਡੇ ਵਾਅਦੇ ਅਤੇ ਗਰੰਟੀਆਂ ਦੇਣ ਵਾਲੀ ਪੰਜਾਬ ਦੀ ਆਪ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਕਿਸਾਨਾਂ ਨੂੰ 23 ਫ਼ਸਲਾਂ ’ਤੇ ਐਮਐਸਪੀ ਦੇਣ, ਅੌਰਤਾਂ ਨੂੰ 1000 ਰੁਪਏ ਪੈਨਸ਼ਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਤੋਂ ਸੂਬਾ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਿੰਨ ਗਰੰਟੀਆਂ ’ਚੋਂ ਇੱਕ ਵਾਅਦਾ ਪੂਰੀ ਨਹੀਂ ਕੀਤਾ ਅਤੇ ਹੁਣ ਫਿਰ ਝੂਠੇ ਲਾਰੇ ਲਗਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।
ਚੰਦੂਮਾਜਰਾ ਨੇ ਕਿਹਾ ਕਿ ਮੁਫ਼ਤ ਬਿਜਲੀ ਦੇਣ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਨੇ ਪਾਵਰਕੌਮ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ ਹੈ। ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਹੀਂ ਮਿਲ ਰਹੀਆਂ ਹਨ। ਜਦੋਂਕਿ ਅਕਾਲੀ ਸਰਕਾਰ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ-ਪਾਣੀ ਅਤੇ ਗਰੀਬਾਂ ਨੂੰ ਆਟਾ-ਦਲ, ਲੋੜਵੰਦ ਬੱਚਿਆਂ ਨੂੰ ਮੁਫ਼ਤ ਪੜ੍ਹਾਈ ਦਾ ਲਾਭ ਦੇਣ ਲਈ ਕਦੇ ਖ਼ਜ਼ਾਨੇ ਦਾ ਮੂੰਹ ਬੰਦ ਨਹੀਂ ਕੀਤਾ। ਇਸ ਤੋਂ ਇਲਾਵਾ ਵਿਕਾਸ ਕੰਮਾਂ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ।
ਚੰਦੂਮਾਜਰਾ ਨੇ ਕਿਹਾ ਕਿ ਇੰਡੀਆ ਗੱਠਜੋੜ ਨੇ ਕਾਂਗਰਸ ਨੂੰ ਪੰਜਾਬ ਵਿੱਚ ਵਿਰੋਧੀ ਧਿਰ ਦਾ ਰੋਲ ਨਿਭਾਉਣ ਤੋਂ ਖ਼ਾਮੋਸ਼ ਕਰ ਦਿੱਤਾ ਹੈ। ‘ਆਪ’ ਅਤੇ ਕਾਂਗਰਸ ਵੱਲੋਂ ਪੰਜਾਬ ਵਿੱਚ ਵੱਖੋ-ਵੱਖਰੇ ਚੋਣਾਂ ਲੜਨ ਨੂੰ ਮਹਿਜ਼ ਡਰਾਮਾ ਦੱਸਦਿਆਂ ਚੰਦੂਮਾਜਰਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੇ ਆਗੂ ਅੰਦਰਖਾਤੇ ਇੰਡੀਆ ਗੱਠਜੋੜ ਦੇ ਧਰਮ ਨੂੰ ਨਿਭਾ ਰਹੇ ਹਨ। ਚੰਡੀਗੜ੍ਹ ਵਿਚ ਕਾਂਗਰਸ ਅਤੇ ‘ਆਪ’ ਵੱਲੋਂ ਇਕੱਠੇ ਚੋਣਾਂ ਲੜਨ ਨਾਲ ਸੱਚ ਉਜਾਗਰ ਹੋ ਗਿਆ ਹੈ। ਇੱਥੇ ‘ਆਪ’ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਭੱਜੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦੀ ਮਦਦ ਕੀਤੀ ਜਾ ਰਹੀ ਹੈ।
ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲਾਂਡਰਾਂ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਸੋਨੀ ਬੜੀ, ਮਨਜੀਤ ਸਿੰਘ, ਰਣਜੀਤ ਸਿੰਘ, ਬਰਿੰਦਰ ਸਿੰਘ ਗਿੱਲ, ਕੁਲਵੰਤ ਸਿੰਘ, ਰਵੀ ਸੈਦਪੁਰ, ਸਤਵਿੰਦਰ ਸਿੰਘ, ਅਮਰਿੰਦਰ ਸਿੰਘ, ਬਲਵਿੰਦਰ ਸਿੰਘ ਲਖਨੌਰ, ਅਮਨ ਪੂਨੀਆ, ਨੰਬਰਦਾਰ ਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…