Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਅਵਾਂ ਦਾ ਫੌਰੀ ਹੱਲ ਕਰੇ ‘ਆਪ’ ਸਰਕਾਰ: ਸੰਯੁਕਤ ਕਿਸਾਨ ਮੋਰਚਾ ਐਸਕੇਐਮ ਦੇ ਆਗੂਆਂ ਨੇ ਡੀਸੀ ਮੁਹਾਲੀ ਰਾਹੀਂ ਮੁੱਖ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ ਨਬਜ਼-ਏ-ਪੰਜਾਬ, ਮੁਹਾਲੀ, 4 ਨਵੰਬਰ: ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂਆਂ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਲਿਖਿਆ ਮੰਗ ਪੱਤਰ ਸੌਂਪਿਆ। ਜਿਸ ਵਿੱਚ ਕਿਸਾਨਾਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਫੌਰੀ ਹੱਲ ਕੀਤਾ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਸਾਲ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਲਗਪਗ 59 ਇਨਸਾਨਾਂ ਦੀ ਜਾਨ ਚਲੀ ਗਈ, ਘਰ ਢਹਿ ਗਏ, ਪਸ਼ੂ ਰੁੜ੍ਹ ਗਏ, ਜ਼ਮੀਨਾਂ ਖੁਰਦ ਬੁਰਦ ਹੋ ਗਈਆਂ, ਖੇਤਾਂ ਵਿੱਚ ਗਾਰ ਭਰ ਗਈ ਅਤੇ ਫਸਲਾਂ ਤਬਾਹ ਹੋ ਗਈਆਂ ਹਨ। ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਪੱਕੇ ਤੌਰ ਤੇ ਰੋਕਣ ਅਤੇ ਪ੍ਰਭਾਵਿਤ ਕਿਸਾਨਾਂ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਮੁੜ ਲੀਹ ਤੇ ਲਿਆਉਣ ਲਈ ਠੋਸ ਵਿਉਂਤਬੰਦੀ ਅਤੇ ਲੋੜੀਂਦਾ ਮੁਆਵਜ਼ਾ ਦੇਣ ਦੀ ਥਾਂ ਸਿਰਫ਼ ਦਰਸ਼ਨੀ ਕਾਰਵਾਈਆਂ ਹੀ ਕੀਤੀਆਂ ਗਈਆਂ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਵਾਰ ਬਾਰਿਸ਼ ਤੋਂ ਇਲਾਵਾ ਝੋਨੇ ਤੇ ਹਲਦੀ ਰੋਗ ਅਤੇ ਬੌਨਾ ਰੋਗ ਦਾ ਹਮਲਾ ਹੋਣ ਕਾਰਨ ਝੋਨੇ ਦਾ ਝਾੜ ਪ੍ਰਤੀ ਏਕੜ 8 ਤੋੱ 10 ਕੁਇੰਟਲ ਤੱਕ ਘਟ ਗਿਆ। ਸਰਕਾਰ ਵੱਲੋਂ ਪਰਾਲੀ ਦਾ ਪ੍ਰਬੰਧ ਕਰਨ ਲਈ ਨਾ ਤਾਂ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਮਸ਼ੀਨਰੀ ਦਿੱਤੀ ਗਈ ਅਤੇ ਨਾ ਹੀ ਕੋਈ ਨਕਦ ਸਹਾਇਤਾ। ਇਨ੍ਹਾਂ ਪ੍ਰਬੰਧਾਂ ਦੀ ਅਣਹੋੱਦ ਵਿੱਚ ਜਦੋਂ ਕਿਸਾਨ ਮਜ਼ਬੂਰੀ ਵੱਸ ਪਰਾਲ਼ੀ ਸਾੜਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਕੇਸ ਦਰਜ਼ ਕੀਤੇ ਜਾ ਰਹੇ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਡੀਏਪੀ ਖਾਦ ਦੀ ਭਾਰੀ ਘਾਟ ਕਾਰਨ ਕਿਸਾਨ ਕਣਕ ਬੀਜਣ ਤੋਂ ਲੇਟ ਹੋ ਰਹੇ ਹਨ। ਜੇਕਰ ਡੀਏਪੀ ਖਾਦ ਮਿਲ ਰਹੀ ਹੈ ਤਾਂ ਉਸਦੇ ਨਾਲ ਨੈਨੋ ਯੂਰੀਆ ਅਤੇ ਹੋਰ ਗੈਰ ਜ਼ਰੂਰੀ ਵਸਤਾਂ ਕਿਸਾਨਾਂ ਨੂੰ ਜਬਰੀ ਮੜ੍ਹੀਆਂ ਜਾ ਰਹੀਆਂ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਬੀਤੀ 8 ਅਕਤੂਬਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਹੜ੍ਹ ਪੀੜਤਾਂ ਦੀਆਂ ਮੰਗਾਂ ਅਤੇ ਕੁਝ ਹੋਰ ਮਸਲਿਆਂ ਬਾਰੇ ਮੰਗ ਪੱਤਰ ਭੇਜੇ ਗਏ ਸਨ ਪ੍ਰੰਤੂ ਕੁੱਝ ਨਹੀਂ ਹੋਇਆ। ਪੱਤਰ ਵਿੱਚ ਮੰਗ ਕੀਤੀ ਮੰਗ ਪੱਤਰ ਵਿੱਚ ਦਰਜ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਲੋੜੀਂਦੀ ਠੋਸ ਕਾਰਵਾਈ ਕੀਤੀ ਜਾਵੇ। ਮੋਰਚੇ ਨੇ ਮੰਗ ਕੀਤੀ ਕਿ ਹੜ੍ਹਾਂ ਦੀ ਪੱਕੇ ਤੌਰ ਤੇ ਰੋਕਥਾਮ ਕੀਤੀ ਜਾਵੇ ਅਤੇ ਮੁਆਵਜ਼ੇ ਵਗੈਰਾ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ, ਬਿਜਲੀ ਸੋਧ ਬਿੱਲ 2025 ਦੀ ਤਜਵੀਜ਼ ਨੂੰ ਰੱਦ ਕਰਨ ਲਈ ਅੱਠ ਨਵੰਬਰ ਤੋਂ ਪਹਿਲਾਂ ਪਹਿਲਾਂ ਕੇਂਦਰ ਸਰਕਾਰ ਨੂੰ ਲਿਖਿਆ ਜਾਵੇ, ਹਲਦੀ ਰੋਗ ਅਤੇ ਮਧਰਾ/ ਬੌਨਾ ਰੋਗ ਕਾਰਨ ਝੋਨੇ ਦੇ ਘਟੇ ਹੋਏ ਝਾੜ ਦੀ ਪੂਰਤੀ ਲਈ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਇਸ ਰੋਗ ਕਾਰਨ ਫ਼ਸਲ ਵਾਹੁਣੀ ਪਈ ਹੈ ਅਤੇ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ। ਇਹ ਵੀ ਮੰਗ ਕੀਤੀ ਗਈ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲ਼ੀ ਦੇ ਨਿਪਟਾਰੇ ਲਈ ਸਰਕਾਰ ਵੱਲੋੱ ਕਿਸਾਨਾਂ ਨੂੰ ਮਸ਼ੀਨਰੀ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਤਹਿਤ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਜਾਂ 7,000 ਰੁਪਏ ਪ੍ਰਤੀ ਏਕੜ ਨਕਦ ਸਹਾਇਤਾ ਦਿੱਤੀ ਜਾਵੇ ਅਤੇ ਇਸਦੀ ਅਣਹੋੱਦ ਕਾਰਨ ਮਜ਼ਬੂਰੀ ਵੱਸ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੀਤੀ ਜਾਣ ਵਾਲੀ ਹਰ ਕਿਸਮ ਦੀ ਕਾਰਵਾਈ ਬੰਦ ਕੀਤੀ ਜਾਵੇ, ਡੀਏਪੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਡੀਏਪੀ ਅਤੇ ਯੂਰੀਆ ਖਾਦ ਦੇ ਨਾਲ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਜਬਰਦਸਤੀ ਕਿਸਾਨਾਂ ਦੇ ਸਿਰ ਮੜ੍ਹਨੀਆਂ ਬੰਦ ਕੀਤੀਆਂ ਜਾਣ, ਝੋਨੇ ਵਿੱਚ ਨਮੀ ਦੀ ਮਾਤਰਾ 17 ਦੀ ਥਾਂ 22 ਕੀਤੀ ਜਾਵੇ। ਨਮੀ ਅਤੇ ਬਦਰੰਗ ਦਾਣੇ ਦੇ ਬਹਾਨੇ ਮੰਡੀਆਂ ਵਿੱਚ ਕਿਸਾਨਾਂ ਦੀ ਲੱਟ/ਝੋਨੇ ਤੇ ਕਾਟ ਲੱਗਣੀ ਬੰਦ ਕੀਤੀ ਜਾਵੇ, ਕਿਸਾਨਾਂ ਵੱਲੋੱ ਮਿੱਲਾਂ ਨੂੰ ਵੇਚੇ ਗਏ ਗੰਨੇ ਦਾ ਸਹਿਕਾਰੀ ਮਿਲਾਂ ਵੱਲ 109 ਕਰੋੜ ਰੁਪਏ ਚੋ ਬਾਕੀ ਰਹਿੰਦੀ ਬਕਾਇਆ ਰਾਸ਼ੀ ਬਿਨਾਂ ਕਿਸੇ ਦੇਰੀ ਤੋੱ ਕਿਸਾਨਾਂ ਨੂੰ ਜਾਰੀ ਕੀਤੀ ਜਾਵੇ ਅਤੇ ਗੰਨੇ ਦਾ ਭਾਅ ਵਧਾ ਕੇ 470 ਪ੍ਰਤੀ ਕਇੰਟਲ ਕੀਤਾ ਜਾਵੇ। ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਰੇਲ ਰੋਕੋ ਅੰਦੋਲਨਾਂ ਦੌਰਾਨ ਕਿਸਾਨਾਂ ਤੇ ਬਣੇ ਸਾਰੇ ਕੇਸ ਰੱਦ ਕੀਤੇ ਜਾਣ। ਇਸ ਮੌਕੇ ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਜਸਪਾਲ ਸਿੰਘ ਨਿਆਮੀਆਂ, ਜਗਜੀਤ ਸਿੰਘ ਕਰਾਲਾ, ਕਮਲਜੀਤ ਲਾਂਡਰਾਂ, ਦਵਿੰਦਰ ਸਿੰਘ ਦੇਹ ਕਲਾਂ, ਦਰਸ਼ਨ ਸਿੰਘ ਦੁਰਾਲੀ, ਅੰਗਰੇਜ਼ ਸਿੰਘ ਭਦੌੜ, ਮਨਪ੍ਰੀਤ ਸਿੰਘ ਅਮਲਾਲਾ, ਸ਼ੇਰ ਸਿੰਘ, ਦਰਸ਼ਨ ਸਿੰਘ ਦੁਰਾਲੀ, ਸੰਦੀਪ ਰਾਣਾ, ਕੁਲਦੀਪ ਸਿੰਘ ਸਰਸੀਣੀ, ਗੁਰਵਿੰਦਰ ਸਿੰਘ ਸਿਆਊ, ਹਰਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਜੜੌਤ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ