Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਸੜਕਾਂ ’ਤੇ ਉਤਰੇ ‘ਆਪ’ ਵਲੰਟੀਅਰ, ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਪਾਣੀਆਂ ਦੇ ਮਾਮਲੇ ਵਿੱਚ ਕੇਂਦਰ ਪੰਜਾਬ ਨਾਲ ਮਤਰੇਆ ਵਿਹਾਰ ਕਰਨ ਤੋਂ ਬਾਜ ਆਏ: ਪ੍ਰਭਜੋਤ ਕੌਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ‘ਆਪ’ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਸੰਨੀ ਆਹਲੂਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 1 ਮਈ: ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਇੱਕ ਵਾਰ ਫਿਰ ਤੋਂ ਸਿਆਸਤ ਭਖ ਗਈ ਹੈ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਲੰਟੀਅਰਾਂ ਨੇ ਅੱਜ ਇੱਥੋਂ ਦੇ ਫੇਜ਼-7 ਵਿਖੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਹਰਿਆਣਾ ਨੂੰ ਧੱਕੇ ਨਾਲ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਨੂੰ ਪੰਜਾਬ ਵਿਰੋਧੀ ਕਰਦਿਆਂ ‘ਆਪ’ ਲੀਡਰਸ਼ਿਪ ਨੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਪਾਣੀਆਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਦੀ ਗੱਲ ਆਖੀ। ਧਰਨਾ ਪ੍ਰਦਰਸ਼ਨ ਦੀ ਅਗਵਾਈ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਨੇ ਕੀਤੀ। ਪ੍ਰਭਜੋਤ ਕੌਰ ਨੇ ਕਿਹਾ ਕਿ ਕੇਂਦਰ, ਪੰਜਾਬ ਨਾਲ ਮਤਰੇਆ ਵਿਹਾਰ ਕਰ ਰਿਹਾ ਹੈ ਪ੍ਰੰਤੂ ਸੂਬਾ ਸਰਕਾਰ ਪੰਜਾਬ ਦੇ ਪਾਣੀਆਂ ਦੀ ਬੂੰਦ ਅਜਾਈ ਨਹੀਂ ਜਾਣ ਦੇਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਪਾਣੀਆਂ ’ਤੇ ਡਾਕਾ ਨਹੀਂ ਵੱਜਣ ਦੇਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਨੇ 20 ਮਈ ਤੱਕ ਦਾ ਆਪਣਾ ਨਿਰਧਾਰਿਤ ਕੋਟਾ 31 ਮਾਰਚ ਤੱਕ ਖ਼ਤਮ ਕਰ ਲਿਆ ਹੈ ਪਰ ਹੁਣ ਧੱਕੇ ਨਾਲ ਨੱਕਾ ਨਹੀਂ ਤੋੜਨ ਦਿਆਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਿੰਨਾਂ ਡੈਮਾਂ ਵਿੱਚ ਪਾਣੀ ਲੋੜੀਦੇ ਪੱਧਰ ਤੋਂ ਥੱਲੇ ਹੈ, ਇਸ ਲਈ ਵਾਧੂ ਪਾਣੀ ਨਹੀਂ ਦਿੱਤਾ ਜਾ ਸਕਦਾ। ਸੰਨੀ ਆਹਲੂਵਾਲੀਆ ਨੇ ਕਿਹਾ ਕਿ ਹਰਿਆਣਾ ਲਈ ਵਾਧੂ ਪਾਣੀ ਦੇਣਾ ਪੰਜਾਬ ਦੇ ਕਿਸਾਨਾਂ ਨਾਲ ਸਰਾਸਰ ਧੱਕਾ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ 23 ਅਪਰੈਲ ਦੀ ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਪਹਿਲਾਂ ਹੀ ਇਹ ਗੱਲ ਰੱਖ ਚੁੱਕੇ ਹਨ ਕਿ ਸਾਡੇ ਕੋਲ ਵਾਧੂ ਪਾਣੀ ਨਹੀਂ ਹੈ ਤਾਂ ਕੇਂਦਰ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਧੱਕਾ ਕਰਨਾ ਕਿਸੇ ਵੀ ਪੱਖ ਤੋਂ ਜਾਇਜ਼ ਨਹੀਂ। ਅਜਿਹੇ ਹਾਲਤ ਵਿੱਚ ਜਦੋਂ ਪੰਜਾਬ ਵਿੱਚ ਸਿੰਚਾਈ ਲਈ ਪਾਣੀ ਦੀ ਵਰਤੋਂ ਵੱਧ ਗਈ ਹੈ ਤਾਂ ਦੂਜੇ ਰਾਜਾਂ ਨੂੰ ਪਾਣੀ ਦੇਣਾ, ਉਹ ਵੀ ਧੱਕੇ ਨਾਲ ਤਾਂ ਪੰਜਾਬ ਸਰਕਾਰ ਅਤੇ ‘ਆਪ’ ਕਿਸਾਨਾਂ ਨਾਲ ਹੋਣ ਵਾਲੇ ਅਜਿਹੇ ਧੱਕੇ ਵਿਰੁੱਧ ਡੱਟ ਕੇ ਖੜ੍ਹੀ ਰਹੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੋਵਿੰਦਰ ਮਿੱਤਲ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਕੌਂਸਲਰ ਗੁਰਮੀਤ ਕੌਰ, ਸੁਖਦੇਵ ਸਿੰਘ ਪਟਵਾਰੀ, ਸਾਬਕਾ ਏਆਈਜੀ ਸਰਬਜੀਤ ਸਿੰਘ ਪੰਧੇਰ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਭੜਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਡਾ. ਕੁਲਦੀਪ ਸਿੰਘ, ਬਲਜੀਤ ਸਿੰਘ ਹੈਪੀ ਸਮੇਤ ‘ਆਪ’ ਵਲੰਟੀਅਰ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ