ਜਨਤਕ ਸੰਘਰਸ਼ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ

ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਅੌਰਤਾਂ ਨੇ ਕੀਤੀ ਸ਼ਮੂਲੀਅਤ

ਨਬਜ਼-ਏ-ਪੰਜਾਬ, ਮੁਹਾਲੀ, 5 ਮਾਰਚ:
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੀ ਹਮਾਇਤ ਨਾਲ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ, ਰਹਿੰਦੀਆਂ ਮੰਗਾਂ ਮੰਨਵਾਉਣ ਲਈ ਅਤੇ ਇਹਨਾਂ ਮੰਗਾਂ ਲਈ ਦਿੱਲੀ ਜਾਣ ਵਾਲੀਆਂ ਜਥੇਬੰਦੀਆਂ ਦਾ ਜਨਤਕ ਸੰਘਰਸ਼ ਦਾ ਸੰਵਿਧਾਨਕ ਜਮਹੂਰੀ ਹੱਕ ਖੋਹਣ ਖ਼ਿਲਾਫ਼, ਅੱਜ ਪੰਜਾਬ ਭਰ ਦੇ ਜ਼ਿਲ੍ਹਾ/ਸਬ ਡਵੀਜ਼ਨ ਕੇਂਦਰਾਂ ‘ਤੇ ਭਾਜਪਾ ਸਰਕਾਰ ਵਿਰੁੱਧ ਵਿਸ਼ਾਲ ਧਰਨੇ ਦੇਣ ਉਪਰੰਤ ਸ਼ਹਿਰੀ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤੇ ਗਏ।
ਅੱਜ ਇੱਥੇ ਜਥੇਬੰਦੀਆਂ ਦੇ ਪ੍ਰਧਾਨ ਕ੍ਰਮਵਾਰ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ: ਦਰਸ਼ਨਪਾਲ ਅਤੇ ਨਿਰਭੈ ਸਿੰਘ ਢੁੱਡੀਕੇ ਨੇ ਦੱਸਿਆ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਦੀਆਂ ਮੁੱਖ ਮੰਗਾਂ ਵਿੱਚ ਦਸੰਬਰ ‘21 ਦੇ ਲਿਖਤੀ ਸਰਕਾਰੀ ਵਾਅਦੇ ਵਾਲੀਆਂ ਮੰਗਾਂ ਜਿਵੇਂ ਸਭ ਫ਼ਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼ ਦੇਣ ਵਰਗੀਆਂ ਲਟਕਦੀਆਂ ਮੰਗਾਂ ਤੋਂ ਇਲਾਵਾ ਭਾਰਤ ਨੂੰ ਡਬਲਯੂ ਟੀ ਓ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦੇ ਕਤਲ ਅਤੇ ਪ੍ਰਿਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਦਿੱਲੀ ਘੋਲ਼ ਦੇ ਅਤੇ ਮੌਜੂਦਾ ਪੰਜਾਬ/ਹਰਿਆਣਾ ਬਾਡਰਾਂ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਬਹਾਲ ਕਰਨ ਵਰਗੀਆਂ ਭੱਖਦੀਆਂ ਮੰਗਾਂ ਸ਼ਾਮਲ ਹਨ।

ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਕਿਸਾਨ-ਮਜ਼ਦੂਰ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਅੱਜ ਦੇ ਰੋਸ ਪ੍ਰਦਰਸ਼ਨ ਇਸ ਮਹਾਂ ਪੰਚਾਇਤ ਦੀ ਤਿਆਰੀ ਲਈ ਮਾਹੌਲ ਸਿਰਜਣਗੇ। ਇਤਿਹਾਸਕ ਦਿੱਲੀ ਕਿਸਾਨ ਘੋਲ ਵਾਂਗ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਘੱਟੋੋ-ਘੱਟ ਪ੍ਰੋਗਰਾਮ ’ਤੇ ਇੱਕਜੁਟਤਾ ਅਤੇ ਵਿਸ਼ਾਲ ਲਾਮਬੰਦੀ ਹੀ ਕਿਸਾਨਾਂ ਦੇ ਹਿੱਤਾਂ ਦੀ ਗਰੰਟੀ ਕਰ ਸਕਦੀ ਹੈ।
ਅੱਜ ਦੇ ਧਰਨਿਆਂ ਨੂੰ ਸੁਖਦੇਵ ਸਿੰਘ ਕੋਕਰੀ ਕਲਾਂ, ਹਰਨੇਕ ਸਿੰਘ ਮਹਿਮਾ, ਗੁਰਮੀਤ ਸਿੰਘ ਮਹਿਮਾ, ਰਮਿੰਦਰ ਸਿੰਘ ਪਟਿਆਲਾ, ਅੰਗਰੇਜ਼ ਸਿੰਘ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਅਵਤਾਰ ਸਿੰਘ ਮਹਿਮਾ, ਗੁਰਦੀਪ ਸਿੰਘ ਰਾਮਪੁਰਾ, ਹਰਿੰਦਰ ਕੌਰ ਬਿੰਦੂ, ਅੰਮ੍ਰਿਤਪਾਲ ਕੌਰ, ਚਰਨਜੀਤ ਕੌਰ ਧੂੜੀਆਂ ਅਤੇ ਸ਼ਿੰਗਾਰਾ ਸਿੰਘ ਮਾਨ ਤੋਂ ਇਲਾਵਾ ਜ਼ਿਲ੍ਹਾ ਆਗੂਆਂ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…