ਮੇਅਰ ਅਤੇ ਕਮਿਸ਼ਨਰ ਦੇ ਭਰੋਸੇ ਮਗਰੋਂ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ, ਲੋਕਾਂ ਨੇ ਸੁੱਖ ਦਾ ਸਾਹ ਲਿਆ

ਸਫ਼ਾਈ ਸੇਵਕਾਂ ਦੀ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਗਈਆਂ ਹਨ: ਮੇਅਰ ਜੀਤੀ ਸਿੱਧੂ

ਨਬਜ਼-ਏ-ਪੰਜਾਬ, ਮੁਹਾਲੀ, 24 ਅਗਸਤ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕਮਿਸ਼ਨਰ ਡਾ. ਨਵਜੋਤ ਕੌਰ ਵੱਲੋਂ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਮਿਲਣ ਤੋਂ ਬਾਅਦ ਸਫ਼ਾਈ ਸੇਵਕਾਂ ਨੇ ਲੜੀਵਾਰ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੱਦੇ ’ਤੇ ਸਮੂਹ ਸਫ਼ਾਈ ਸੇਵਕ ਪਿਛਲੇ ਤਿੰਨ ਦਿਨਾਂ ਤੋਂ ਹੜਤਾਲ ’ਤੇ ਹਨ। ਜਿਸ ਕਾਰਨ ਸ਼ਹਿਰ ਵਿੱਚ ਚਾਰ-ਚੁਫੇਰੇ ਗੰਦਗੀ ਹੀ ਗੰਦਗੀ ਫੈਲ ਗਈ ਸੀ। ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਨਾਲ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਕਿਉਂਕਿ ਜੇਕਰ ਕੁੱਝ ਦਿਨ ਹੜਤਾਲ ਹੋਰ ਜਾਰੀ ਰਹਿੰਦੀ ਤਾਂ ਸਫ਼ਾਈ ਪੱਖੋਂ ਸ਼ਹਿਰ ਦੇ ਹਾਲਾਤ ਬਦਤਰ ਹੋ ਜਾਣੇ ਸਨ।
ਸ਼ੁੱਕਰਵਾਰ ਨੂੰ ਸਫ਼ਾਈ ਸੇਵਕਾਂ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ ਮੇਅਰ ਅਤੇ ਕਮਿਸ਼ਨਰ ਦੇ ਪੁਤਲੇ ਸਾੜ ਕੇ ਨਾਅਰੇਬਾਜ਼ੀ ਕੀਤੀ ਸੀ ਅਤੇ 27 ਅਗਸਤ ਨੂੰ ਮੇਅਰ ਅਤੇ ਸਹਾਇਕ ਕਮਿਸ਼ਨਰ ਦੇ ਘਰਾਂ ਅੱਗੇ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਸ਼ਹਿਰ ਵਿੱਚ ਫੈਲੀ ਗੰਦਗੀ ਨੂੰ ਦੇਖਦੇ ਹੋਏ ਅੱਜ ਛੁੱਟੀ ਵਾਲੇ ਦਿਨ ਮੇਅਰ ਜੀਤੀ ਸਿੱਧੂ ਨੇ ਸਫ਼ਾਈ ਮਜ਼ਦੂਰਾਂ ਦੀ ਜਥੇਬੰਦੀ ਦੇ ਮੋਹਰੀ ਆਗੂਆਂ ਦੀ ਐਮਰਜੈਂਸੀ ਮੀਟਿੰਗ ਸੱਦੀ ਗਈ। ਜਿਸ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਹਾਇਕ ਕਮਿਸ਼ਨਰ ਰੰਜੀਵ ਕੁਮਾਰ ਅਤੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਪਵਨ ਗੋਡਯਾਲ ਸਮੇਤ ਹੋਰ ਆਗੂ ਹਾਜ਼ਰ ਸਨ। ਪਵਨ ਗੋਡਯਾਲ ਨੇ ਕਿਹਾ ਕਿ ਪਹਿਲੀਆਂ ਮੀਟਿੰਗਾਂ ਵਿੱਚ ਹੋਏ ਫ਼ੈਸਲਿਆਂ ਅਨੁਸਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨਾਲ ਸਬੰਧਤ ਮਤਾ ਏਜੰਡੇ ਵਿੱਚ ਸ਼ਾਮਲ ਨਾ ਕੀਤੇ ਕਾਰਨ ਸਫ਼ਾਈ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸਫ਼ਾਈ ਸੇਵਕਾਂ ਦੀਆਂ ਲਗਪਗ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਡੀਸੀ ਰੇਟ ’ਤੇ ਮੁਹਾਲੀ ਵਿੱਚ ਸਫ਼ਾਈ ਸੇਵਕਾਂ ਦੀ ਨਵੀਂ ਭਰਤੀ ਕੀਤੀ ਜਾਵੇਗੀ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਕੂੜੇਦਾਨਾਂ ਦੀ ਗਿਣਤੀ ਵਧਾਈ ਜਾਵੇਗੀ, ਤਾਂ ਜੋ ਕੂੜਾ ਚੁੱਕਣ ਅਤੇ ਸੁੱਟਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਹੜਤਾਲ ਪੀਰੀਅਡ ਦੀ ਰੋਕੀ ਗਈ ਤਨਖ਼ਾਹ ਵੀ ਸਫ਼ਾਈ ਸੇਵਕਾਂ ਨੂੰ ਜਲਦੀ ਰਿਲੀਜ਼ ਕੀਤੀ ਜਾਵੇਗੀ।
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਪਵਨ ਗੋਡਯਾਲ ਨੇ ਕਿਹਾ ਕਿ ਭਾਵੇਂ ਮੇਅਰ ਅਤੇ ਕਮਿਸ਼ਨਰ ਦੇ ਭਰੋਸੇ ’ਤੇ ਅੱਜ ਹੜਤਾਲ ਖ਼ਮ ਕਰ ਦਿੱਤੀ ਹੈ ਪ੍ਰੰਤੂ ਜੇਕਰ ਹੁਣ ਮੇਅਰ ਅਤੇ ਕਮਿਸ਼ਨਰ ਆਪਣੇ ਵਾਅਦੇ ਤੋਂ ਪਿੱਛੇ ਹਟੇ ਤਾਂ ਆਉਂਦੇ ਦਿਨਾਂ ਵਿੱਚ ਸ਼ਹਿਰ ਦੀ ਸਫ਼ਾਈ ਦਾ ਕੰਮ ਬੰਦ ਕਰਕੇ ਸਾਰੇ ਸਫ਼ਾਈ ਸੇਵਕ ਮੁੜ ਲੜੀਵਾਰ ਹੜਤਾਲ ਸ਼ੁਰੂ ਕਰਨ ਲਈ ਮਜਬੂਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…