ਗੁਰਦੁਆਰਾ ਸਾਹਿਬ ਚੱਪੜਚਿੜੀ ਦੇ ਪ੍ਰਬੰਧ ਨੂੰ ਲੈ ਕੇ ਦੋ ਅਕਾਲੀ ਧੜੇ ਤੇ ਕਾਂਗਰਸੀ ਆਹਮੋ ਸਾਹਮਣੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਚੱਪੜਚਿੜੀ ਦੇ ਪ੍ਰਬੰਧ ਨੂੰ ਲੈ ਕੇ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਦੀਆਂ ਦੋ ਬੀਬੀਆਂ ਦੇ ਧੜੇ ਅਤੇ ਕਾਂਗਰਸੀ ਆਹਮੋ ਸਾਹਮਣੇ ਆ ਗਏ ਹਨ। ਇੱਕ ਧੜੇ ਦੀ ਅਗਵਾਈ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਦੂਜੇ ਧੜੇ ਦੀ ਅਗਵਾਈ ਇਸਤਰੀ ਅਕਾਲੀ ਦਲ ਸ਼ਹਿਰੀ ਦੀ ਪ੍ਰਧਾਨ ਕੁਲਦੀਪ ਕੌਰ ਕੰਗ ਕਰ ਰਹੇ ਸੀ। ਏਨੇ ਵਿੱਚ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਵੀ ਉਥੇ ਪਹੁੰਚ ਗਏ ਅਤੇ ਸੰਗਤ ਨਾਲ ਗੱਲਬਾਤ ਕੀਤੀ।
ਅੱਜ ਪਿੰਡ ਦੀ ਪੰਚਾਇਤ ਚੱਪੜਚਿੜੀ ਵੱਲੋਂ ਇਸ ਅਸਥਾਨ ’ਤੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਥਿਤੀ ਉਸ ਸਮੇਂ ਤਣਾਅ ਪੂਰਨ ਹੋ ਗਈ ਜਦੋਂ ਕਾਰਸੇਵਾ ਵਾਲੇ ਬਾਬਿਆਂ ਦੇ ਸਮਰਥਕ ਅਤੇ ਇਲਾਕੇ ਦੀ ਸੰਗਤ ਉਥੇ ਪਹੁੰਚ ਗਈ ਅਤੇ ਐਸਜੀਪੀਸੀ ਨੂੰ ਸਾਰਾ ਪ੍ਰਬੰਧ ਮੁੜ ਬਾਬਿਆਂ ਨੂੰ ਦੇਣ ਦੀ ਜਿੱਦ ’ਤੇ ਅੜ ਗਏ। ਬਲੌਂਗੀ ਥਾਣੇ ਦੇ ਐਸਐਚਓ ਅਤੇ ਹੋਰ ਪੁਲੀਸ ਮੁਲਾਜ਼ਮ ਵੱਡੀ ਗਿਣਤੀ ਵਿੱਚ ਚੱਪੜਚਿੜੀ ਪਹੁੰਚ ਗਏ ਅਤੇ ਦੋਵਾਂ ਧਿਰਾਂ ਨੂੰ ਗੱਲੀਂ-ਬਾਤੀਂ ਸਮਝਾਉਣ ਦਾ ਯਤਨ ਕੀਤਾ।
ਇਸ ਮੌਕੇ ਬੀਬੀ ਲਾਂਡਰਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਚੱਪਚਿੜੀ ਦੀ ਨਵੀਂ ਪ੍ਰਬੰਧਕ ਕਮੇਟੀ ਅਤੇ ਗਰਾਮ ਪੰਚਾਇਤ ਨੇ ਗੁਰੂ ਘਰ ਦਾ ਸਾਰਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਲੈਣ ਲਈ ਐਸਜੀਪੀਸੀ ਦੇ ਪ੍ਰਧਾਨ ਨੂੰ ਲਿਖਤੀ ਰੂਪ ਵਿੱਚ ਬੇਨਤੀ ਕੀਤੀ ਸੀ। ਇਸ ਮੁੱਦੇ ’ਤੇ ਲੰਮੀ ਵਿਚਾਰ ਚਰਚਾ ਅਤੇ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਆਪਣੇ ਅਧੀਨ ਲੈਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੀ 8 ਜਨਵਰੀ ਨੂੰ ਚੱਪੜਚਿੜੀ ਗੁਰਦੁਆਰੇ ਦਾ ਲਿਖਤੀ ਰੂਪ ਵਿੱਚ ਪ੍ਰਬੰਧ ਲੈ ਲਿਆ ਗਿਆ ਸੀ ਅਤੇ ਅੱਜ ਗਰਾਮ ਪੰਚਾਇਤ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ ਲੇਕਿਨ ਇਸ ਦੌਰਾਨ ਅਚਾਨਕ ਕੁੱਝ ਸਿਆਸੀ ਆਗੂ ਉਥੇ ਪਹੁੰਚ ਗਏ ਅਤੇ ਐਸਜੀਪੀਸੀ ਦੇ ਪ੍ਰਬੰਧਾਂ ਦਾ ਵਿਰੋਧ ਕਰਦਿਆਂ ਸੰਗਤ ਨੂੰ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਯਤਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਐਸਜੀਪੀਸੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੂੰ ਲਿਖਤੀ ਰੂਪ ਵਿੱਚ ਸਮੁੱਚੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ ਜਾਵੇਗੀ।
ਉਧਰ, ਮੌਕੇ ’ਤੇ ਪਹੁੰਚੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵਿਰੋਧ ਕਰ ਰਹੀ ਸੰਗਤ ਦੀ ਪਿੱਠ ਥਾਪੜਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਰਸੇਵਾ ਵਾਲੇ ਬਾਬਿਆਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤ ਦੀ ਭਾਵਨਾ ਨਾਲ ਹੀ ਢੁਕਵਾਂ ਫੈਸਲਾ ਲਿਆ ਜਾਵੇ ਅਤੇ ਐਸਜੀਪੀਸੀ ਨੂੰ ਦਖ਼ਲ ਅੰਦਾਜੀ ਤੋਂ ਰੋਕਿਆ ਜਾਵੇ। ਇੰਝ ਹੀ ਬੀਬੀ ਕੰਗ ਨੇ ਐਸਜੀਪੀਸੀ ਦੇ ਪ੍ਰਬੰਧ ਦਾ ਵਿਰੋਧ ਕਰ ਰਹੀ ਸੰਗਤ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਕਿਸੇ ਕਿਸਮ ਦੀ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧ ਪਹਿਲਾਂ ਵਾਂਗ ਕਾਰਸੇਵਾ ਵਾਲੇ ਬਾਬਿਆਂ ਨੂੰ ਕੋਲ ਰਹਿਣ ਅਤੇ ਮਸਲੇ ਦੇ ਹੱਲ ਲਈ ਦੋਵੇਂ ਧਿਰਾਂ ਦੀ ਸਾਂਝੀ ਕਮੇਟੀ ਬਣਾਈ ਜਾਵੇ। ਉਨ੍ਹਾਂ ਕਿਸੇ ਦਾ ਨਾਂ ਲਏ ਬਿਨਾਂ ਇਹ ਵੀ ਦੋਸ਼ ਲਾਇਆ ਕਿ ਇੱਕ ਆਗੂ ਇਸ ਮਸਲੇ ਵਿੱਚ ਬਲਦੀ ’ਤੇ ਤੇਲ ਪਾਉਣ ਦਾ ਕੰਮ ਕਰ ਰਹੇ ਹਨ। ਇਸ ਕਾਰਵਾਈ ਤੋਂ ਪਹਿਲਾਂ ਕਾਰਸੇਵਾ ਵਾਲੇ ਬਾਬਿਆਂ ਨੂੰ ਭਰੋਸੇ ਵਿੱਚ ਲੈੈਣਾ ਬਣਦਾ ਸੀ।
ਉਧਰ, ਸੰਗਤ ਦੀ ਸੂਚਨਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਭਾਈ ਚਾਣਨ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਦੋਵਾਂ ਧਿਰਾਂ ਦੇ ਨੁਮਾਇੰਦਿਆਂ ਨਾਲ ਵੱਖੋ ਵੱਖਰੇ ਤੌਰ ’ਤੇ ਗੱਲਬਾਤ ਕੀਤੀ। ਕਾਫੀ ਜਦੋ ਜਾਹਿਦ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਐਸਜੀਪੀਸੀ ਕੋਲ ਹੀ ਰਹੇਗਾ। ਜਦੋਂ ਕਿ ਬਾਕੀ ਰਹਿੰਦੇ ਕੰਮ ਦੀ ਉਸਾਰੀ ਅਤੇ ਲੰਗਰ ਦਾ ਪ੍ਰਬੰਧ ਕਾਰਸੇਵਾ ਵਾਲੇ ਬਾਬੇ ਹੀ ਦੇਖਣਗੇ। ਜਦੋਂ ਮੀਟਿੰਗ ਤੋਂ ਬਾਅਦ ਬਾਬਾ ਸੁਰਮੁੱਖ ਸਿੰਘ ਨੇ ਇਸ ਫੈਸਲੇ ਤੋਂ ਸੰਗਤ ਨੂੰ ਜਾਣੂ ਕਰਵਾਇਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਭਾਵੇਂ ਸਾਰੇ ਪ੍ਰਬੰਧ ਐਸਜੀਪੀਸੀ ਹਵਾਲੇ ਕਰ ਦਿਓ, ਪਰ ਨਿਰਮਾਣ ਕਾਰਜਾਂ ਅਤੇ ਲੰਗਰ ਦੀ ਸੇਵਾ ਲਈ ਗੁਰੂ ਘਰ ਦੀ ਗੋਲਕ ਕਾਰਸੇਵਾ ਵਾਲੇ ਬਾਬਿਆਂ ਨੂੰ ਦਿੱਤੀ ਜਾਵੇ। ਇਸ ਤੋਂ ਬਾਅਦ ਫਿਰ ਮੀਟਿੰਗ ਹੋਈ ਅਤੇ ਇਹ ਫੈਸਲਾ ਹੋਇਆ ਕਿ ਐਸਜੀਸੀਪੀ ਦੇ ਬਰਾਬਰ ਕਾਰਸੇਵਾ ਵਾਲੇ ਬਾਬੇ ਵੀ ਆਪਣੀ ਵੱਖਰੀ ਗੋਲਕ ਰੱਖ ਸਕਣਗੇ। ਜਿਸ ਨੂੰ ਸੰਗਤ ਨੇ ਜੈਕਾਰੇ ਛੱਡ ਕੇ ਪ੍ਰਵਾਨ ਕਰ ਲਿਆ ਅਤੇ ਪੁਲੀਸ ਨੇ ਵੀ ਸੁੱਖ ਦਾ ਸਾਹ ਲਿਆ। ਇਸ ਤੋਂ ਬਾਅਦ ਦੋਵਾਂ ਧਿਰਾਂ ਦੇ ਸਮਰਥਕ ਅਤੇ ਸੰਗਤ ਆਪੋ ਆਪਣੇ ਘਰਾਂ ਨੂੰ ਪਰਤ ਗਏ।

Load More Related Articles
Load More By Nabaz-e-Punjab
Load More In Problems

Check Also

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ

ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ: ਮੇਅਰ ਜੀਤੀ ਸਿੱਧੂ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ…