Share on Facebook Share on Twitter Share on Google+ Share on Pinterest Share on Linkedin ਜਾਸੂਸੀ ਮਾਮਲੇ ਵਿੱਚ ਇੱਕ ਹੋਰ ਯੂ-ਟਿਊਬਰ ਗ੍ਰਿਫ਼ਤਾਰ, 3 ਦਿਨ ਦਾ ਪੁਲੀਸ ਰਿਮਾਂਡ ਐਸਐਸਓਸੀ ਦੀ ਏਆਈਜੀ ਡਾ. ਰਵਜੋਤ ਗਰੇਵਾਲ ਦੀ ਨਿਗਰਾਨੀ ਹੇਠ ਮੁਹਾਲੀ ਟੀਮ ਨੇ ਕੀਤਾ ਕਾਬੂ ਨਬਜ਼-ਏ-ਪੰਜਾਬ, ਮੁਹਾਲੀ, 4 ਜੂਨ: ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਦੀ ਮੁਹਾਲੀ ਟੀਮ ਨੇ ਪਾਕਿਸਤਾਨ ਲਈ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਯੂ-ਟਿਊਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਵਾਸੀ ਪਿੰਡ ਮੱਲਣ (ਰੂਪਨਗਰ) ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਐਸਐਸਓਸੀ ਦੇ ਮੁਹਾਲੀ ਸਥਿਤ ਥਾਣੇ ਵਿੱਚ ਐਫ਼ਆਈਆਰ ਦਰਜ ਕੀਤੀ ਗਈ ਹੈ। ਜਸਬੀਰ ਸਿੰਘ ਦੇ ਜਾਸੂਸੀ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਯੂ-ਟਿਊਬਰ ਜਯੋਤੀ ਮਲਹੋਤਰਾ ਅਤੇ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਂ ਦੇ ਵਿਅਕਤੀ ਨਾਲ ਸਬੰਧ ਦੱਸੇ ਜਾ ਰਹੇ ਹਨ। ਇਨ੍ਹਾਂ ਸਾਰਿਆਂ ’ਤੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਅਤੇ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੌਰਾਨ ਭਾਰਤ ਦੀ ਸੁਰੱਖਿਆ ਅਤੇ ਹੋਰ ਖ਼ੁਫ਼ੀਆ ਜਾਣਕਾਰੀ ਪਾਕਿਸਤਾਨ ਨੂੰ ਦੇਣ ਦਾ ਦੋਸ਼ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਮੁਹਾਲੀ ਦੀ ਟੀਮ ਨੇ ਜਸਬੀਰ ਸਿੰਘ ਨਾਲ ਜੁੜੇ ਇੱਕ ਮਹੱਤਵਪੂਰਨ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਜਸਬੀਰ ਸਿੰਘ ‘ਜਾਨ ਮਹਿਲ’ ਨਾਮਕ ਇੱਕ ਯੂ-ਟਿਊਬ ਚੈਨਲ ਚਲਾਉਂਦਾ ਹੈ, ਨੂੰ ਪੀਆਈਓ ਸ਼ਕੀਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਪਾਇਆ ਗਿਆ ਹੈ, ਜੋ ਇੱਕ ਅੱਤਵਾਦੀ-ਸਮਰਪਿਤ ਜਾਸੂਸੀ ਨੈੱਟਵਰਕ ਦਾ ਵੱਡਾ ਹਿੱਸਾ ਹੈ। ਉਸ ਨੇ ਹਰਿਆਣਾ ਆਧਾਰਿਤ ਯੂ-ਟਿਊਬਰ ਜੋਤੀ ਮਲਹੋਤਰਾ ਜੋ ਜਾਸੂਸੀ ਲਈ ਪਹਿਲਾਂ ਹੀ ਗ੍ਰਿਫ਼ਤਾਰ ਕੀਤੀ ਜਾ ਚੁੱਕੀ ਹੈ ਅਤੇ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਇੱਕ ਪਾਕਿਸਤਾਨੀ ਨਾਗਰਿਕ ਅਤੇ ਕੱਢੇ ਗਏ ਪਾਕਿਸਤਾਨ ਹਾਈ ਕਮਿਸ਼ਨ ਅਧਿਕਾਰੀ ਨਾਲ ਵੀ ਨਜ਼ਦੀਕੀ ਸੰਪਰਕ ਬਣਾਈ ਰੱਖਿਆ ਸੀ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜਸਬੀਰ ਸਿੰਘ ਨੇ ਦਾਨਿਸ਼ ਦੇ ਸੱਦੇ ’ਤੇ ਦਿੱਲੀ ਵਿੱਚ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ, ਜਿੱਥੇ ਉਹ ਪਾਕਿਸਤਾਨੀ ਸੈਨਾ ਅਧਿਕਾਰੀਆਂ ਅਤੇ ਵਲੌਗਰਾਂ ਨੂੰ ਮਿਲਿਆ ਸੀ। ਉਸ ਨੇ ਤਿੰਨ ਵਾਰ (ਸਾਲ 2020, ਸਾਲ 2021 ਅਤੇ ਸਾਲ 2024) ਪਾਕਿਸਤਾਨ ਦੀ ਯਾਤਰਾ ਕੀਤੀ ਅਤੇ ਉਸ ਦੇ ਇਲੈੱਕਟ੍ਰਾਨਿਕ ਡਿਵਾਈਸਾਂ ਵਿੱਚ ਕਈ ਪਾਕਿਸਤਾਨ ਆਧਾਰਿਤ ਨੰਬਰ ਸਨ, ਜੋ ਹੁਣ ਫੋਰੈਂਸਿਕ ਜਾਂਚ ਅਧੀਨ ਹਨ। ਡੀਜੀਪੀ ਗੌਰਵ ਯਾਦਵ ਮੁਤਾਬਕ ਮਹਿਲਾ ਯੂ-ਟਿਊਬਰ ਜਯੋਤੀ ਮਲਹੋਤਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਸਬੀਰ ਸਿੰਘ ਨੇ ਇਨ੍ਹਾਂ ਪੀਆਈਓਜ਼ ਨਾਲ ਆਪਣੇ ਸੰਪਰਕਾਂ ਦੇ ਸਾਰੇ ਨਿਸ਼ਾਨ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਉਨ੍ਹਾਂ ਦਾ ਪਤਾ ਨਾ ਲੱਗ ਸਕੇ। ਉਨ੍ਹਾਂ ਦੱਸਿਆ ਕਿ ਵਿਆਪਕ ਜਾਸੂਸੀ-ਅੱਤਵਾਦ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਉੱਚੀ ਪੱਧਰੀ ਜਾਂਚ ਜਾਰੀ ਹੈ। ਪੰਜਾਬ ਪੁਲੀਸ ਰਾਸ਼ਟਰੀ ਸੁਰੱਖਿਆ ਦੀ ਰਾਖੀ ਅਤੇ ਅਜਿਹੇ ਰਾਸ਼ਟਰ ਵਿਰੋਧੀ ਤੱਤਾਂ ਵੱਲੋਂ ਪੈਦਾ ਹੋਏ ਸਾਰੇ ਖ਼ਤਰਿਆਂ ਨੂੰ ਬੇਅਸਰ ਕਰਨ ਲਈ ਆਪਣੀ ਅਟੱਲ ਵਚਨਬੱਧਤਾ ਦੀ ਪੁਸ਼ਟੀ ਕਰਦੀ ਹੈ। ਉਧਰ, ਐਸਐਸਓਸੀ ਮੁਹਾਲੀ ਦੇ ਡੀਐਸਪੀ ਗੁਰਚਰਨ ਸਿੰਘ ਨੇ ਦੱਸਿਆ ਕਿ ਯੂਟਿਊਬਰ ਜਸਬੀਰ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਪੁਲੀਸ ਨੇ ਸੱਤ ਦਿਨ ਦਾ ਪੁਲੀਸ ਰਿਮਾਂਡ ਮੰਗਦਿਆਂ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਕੋਲੋਂ ਪਤਾ ਕਰਨਾ ਹੈ ਕਿ ਉਸ ਦੇ ਪਾਕਿਸਤਾਨ ਨਾਲ ਕਿਵੇਂ ਸਬੰਧ ਬਣੇ ਅਤੇ ਹੁਣ ਤੱਕ ਉਸ ਨੇ ਭਾਰਤ ਦੀ ਸੁਰੱਖਿਆ ਬਾਬਤ ਕਿਹੜੀ-ਕਿਹੜੀ ਖ਼ੁਫ਼ੀਆ ਜਾਣਕਾਰੀ ਗੁਆਂਢੀ ਮੁਲਕ ਨਾਲ ਸਾਂਝੀ ਕੀਤੀ ਹੈ ਅਤੇ ਇਸ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਲੋਕ ਸ਼ਾਮਲ ਹਨ ਅਤੇ ਉਨ੍ਹਾਂ ਦਾ ਮੰਤਵ ਕੀ ਹੈ। ਐਸਐਸਓਸੀ ਦੀ ਏਆਈਜੀ ਡਾ. ਰਵਜੋਤ ਗਰੇਵਾਲ ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਾਹਲ 11 ਲੱਖ ਤੋਂ ਵੱਧ ਸਬਸਕ੍ਰਾਈਬਰਾਂ ਵਾਲਾ ਇੱਕ ਸੋਸ਼ਲ ਮੀਡੀਆ ਇਨਫਲੂਐਂਸਰ ‘ਜਾਨ ਮਾਹਲ ਵੀਡੀਓ’ ਨਾਮ ਦਾ ਯੂਟਿਊਬ ਚੈਨਲ ਚਲਾ ਰਿਹਾ ਸੀ। ਜਿੱਥੇ ਸਫ਼ਰਨਾਮਿਆਂ ਅਤੇ ਖਾਣਾ ਪਕਾਉਣ ਸਬੰਧੀ ਵਲੌਗ ਪੋਸਟ ਕੀਤੇ ਜਾਂਦੇ ਸਨ। ਏਆਈਜੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਪੁਲੀਸ ਨੂੰ ਭਰੋਸੇਯੋਗ ਇਤਲਾਹ ਮਿਲੀ ਸੀ ਕਿ ਜਸਬੀਰ ਸਿੰਘ, ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਏਜੰਟਾਂ ਸਮੇਤ ਕਈ ਪਾਕਿਸਤਾਨੀ ਸੰਸਥਾਵਾਂ ਦੇ ਸੰਪਰਕ ਵਿੱਚ ਹੈ ਅਤੇ ਭਾਰਤੀ ਫੌਜ ਦੀ ਤਾਇਨਾਤੀ ਅਤੇ ਦੇਸ਼ ਦੀਆਂ ਹੋਰ ਅੰਦਰੂਨੀ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਨੂੰ ਪ੍ਰਦਾਨ ਕਰ ਰਿਹਾ ਹੈ। ਸ਼ੱਕੀ ਨੂੰ ਉਸਦੇ ਮੋਬਾਈਲ ਡਿਵਾਈਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਦੇ ਮੋਬਾਈਲ ਫੋਨ ਦੀ ਸ਼ੁਰੂਆਤੀ ਫੋਰੈਂਸਿਕ ਜਾਂਚ ਤੋਂ ਲਗਪਗ 150 ਪਾਕਿਸਤਾਨੀ ਸੰਪਰਕ ਮਿਲੇ ਹਨ, ਜਿਨ੍ਹਾਂ ਵਿੱਚ ਪਾਕਿਸਤਾਨੀ ਆਈਐਸਆਈ ਏਜੰਟਾਂ, ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਅਤੇ ਹੋਰ ਪਾਕਿਸਤਾਨੀ ਸੰਸਥਾਵਾਂ ਦੇ ਮੋਬਾਈਲ ਨੰਬਰ ਸ਼ਾਮਲ ਹਨ। ਏਆਈਜੀ ਨੇ ਦੱਸਿਆ ਕਿ ਆਪਣੇ ਬਾਰੇ ਜਾਣਕਾਰੀ ਨੂੰ ਛੁਪਾਉਣ ਦੀ ਕੋਸ਼ਿਸ਼ ਵਿੱਚ ਮੁਲਜ਼ਮ ਨੇ ਆਪਣੇ ਮੋਬਾਈਲ ਫੋਨ ਤੋਂ ਚੈਟ, ਸੰਪਰਕ ਰਿਕਾਰਡ ਅਤੇ ਪਾਕਿਸਤਾਨੀ ਖ਼ੁਫ਼ੀਆ ਹੈਂਡਲਰਾਂ ਨਾਲ ਆਦਾਨ-ਪ੍ਰਦਾਨ ਕੀਤੇ ਗਏ ਦਸਤਾਵੇਜ਼ਾਂ ਸਮੇਤ ਮਹੱਤਵਪੂਰਨ ਡਿਜੀਟਲ ਸਬੂਤ ਮਿਟਾ ਦਿੱਤੇ ਹਨ। ਉਸ ਵੱਲੋਂ ਮਿਟਾਇਆ ਗਿਆ ਡਾਟਾ ਅਤੇ ਲੀਕ ਕੀਤੀ ਜਾਣਕਾਰੀ ਨੂੰ ਮੁੜ ਪ੍ਰਾਪਤ ਕਰਨ ਲਈ ਤਕਨੀਕੀ ਰਿਕਵਰੀ ਅਤੇ ਫੋਰੈਂਸਿਕ ਜਾਂਚ ਜਾਰੀ ਹੈ। ਏਆਈਜੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਮੁਲਜ਼ਮ ਜਸਬੀਰ ਸਿੰਘ ਦੀ ਪਿਛਲੇ ਸਾਲ ਪਾਕਿਸਤਾਨ ਦੂਤਾਵਾਸ ਵੱਲੋਂ ਕਰਵਾਏ ਇੱਕ ਸਮਾਗਮ ਵਿੱਚ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਰਾਹੀਂ ਜੋਤੀ ਮਲਹੋਤਰਾ ਨਾਲ ਜਾਣ-ਪਛਾਣ ਹੋਈ ਸੀ। ਜਸਬੀਰ ਅਤੇ ਜੋਤੀ ਮਲਹੋਤਰਾ ਦੋਵੇਂ ਇਕੱਠੇ ਪਾਕਿਸਤਾਨ ਵੀ ਗਏ ਸਨ। ਉਨ੍ਹਾਂ ਕਿਹਾ ਕਿ ਸੰਭਾਵੀ ਸਾਥੀਆਂ, ਡਿਜੀਟਲ ਸੰਚਾਰ ਵਿਧੀਆਂ ਅਤੇ ਵਿਦੇਸ਼ੀ ਸਬੰਧਾਂ ਦੀ ਪਛਾਣ ਕਰਨ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲੀਸ ਨੂੰ ਹੋਰ ਗ੍ਰਿਫ਼ਤਾਰੀਆਂ ਅਤੇ ਅਹਿਮ ਖੁਲਾਸੇ ਹੋਣ ਦੀ ਆਸ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ