ਸ਼ੁਕਰਾਨਾ ਸਮਾਗਮ: ਰੈਗੂਲਰ ਹੋਏ ਅਧਿਆਪਕਾਂ ਵੱਲੋਂ ਐਸਐਸ ਆਹਲੂਵਾਲੀਆ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 17 ਸਤੰਬਰ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਪੱਕੇ ਕੀਤੇ ਅਧਿਆਪਕਾਂ ਨੇ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ 200 ਤੋਂ ਵੱਧ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸਐਸ ਆਹਲੂਵਾਲੀਆ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਅਧਿਆਪਕ ਅਵਤਾਰ ਸਿੰਘ ਨੇ ਦੱਸਿਆ ਕਿ ਸਾਲ 2021 ਵਿੱਚ ਜਦੋਂ ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਬੋਰਡ ਦੇ ਕੋਲ ਧਰਨਾ ਲਗਾਇਆ ਸੀ। ਉਦੋਂ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਡਾ. ਐਸਐਸ ਆਹਲੂਵਾਲੀਆ ਨੇ ਧਰਨੇ ਵਿੱਚ ਆ ਕੇ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਜਿਸ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਉਨ੍ਹਾਂ ਸਮੇਤ 12710 ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ। ਹੁਣ ਉਨ੍ਹਾਂ ਦੀ ਤਨਖ਼ਾਹ 6000 ਤੋਂ ਵਧ ਕੇ 18000 ਹੋ ਗਈ ਹੈ। ਜਿਸ ਕਾਰਨ ਹਾਲ ਹੀ ਵਿੱਚ ਰੈਗੂਲਰ ਹੋਏ ਅਧਿਆਪਕਾਂ ਵੱਲੋਂ ਅੱਜ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਬੋਲਦਿਆਂ ਡਾ. ਐਸਐਸ ਆਹਲੂਵਾਲੀਆ ਨੇ ਕਿਹਾ ਕਿ ਆਪ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿੱਚ ਕਈ ਹੋਰ ਗਰੰਟੀਆਂ ਦਿੱਤੀਆਂ ਸਨ। ਜਿਨ੍ਹਾਂ ’ਚੋਂ ਜ਼ਿਆਦਾਤਰ ਗਰੰਟੀਆਂ ਮਾਨ ਸਰਕਾਰ ਵੱਲੋਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਪਿਛਲੀ ਦਿਨੀਂ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰ ਕਰਨ ਲਈ ਸਰਕਾਰ ਵੱਲੋਂ 1600 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿਸ ਨਾਲ ਸਕੂਲਾਂ ਦੇ ਬਨਿਆਦੀ ਢਾਂਚੇ ਨੂੰ ਸੁਧਾਰਿਆ ਜਾਵੇਗਾ। ਡਾ. ਆਹਲੂਵਾਲੀਆ ਨੇ ਸਨਮਾਨਿਤ ਕਰਨ ਲਈ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਨਾਲ ਉਹ ਵਾਅਦਾ ਕਦੇ ਵੀ ਨਹੀਂ ਕਰਦੀ, ਜਿਨ੍ਹਾਂ ਨੂੰ ਪੂਰਾ ਨਾ ਕੀਤਾ ਜਾ ਸਕਦਾ ਹੋਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੂਰਾ ਕੀਤਾ ਹੈ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…