Nabaz-e-punjab.com

ਪੰਜਾਬ ਵਿੱਚ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ 1 ਮਾਰਚ ਤੋਂ, ਸਾਰੇ ਪ੍ਰਬੰਧ ਮੁਕੰਮਲ: ਕਲੋਹੀਆ

ਚੇਅਰਮੈਨ, ਵਾਈਸ ਚੇਅਰਮੈਨ ਤੇ ਸਕੱਤਰ ਸਮੇਤ ਕੰਟਰੋਲਰ (ਪ੍ਰੀਖਿਆਵਾਂ) ਦੇ ਦਫ਼ਤਰਾਂ ਵਿੱਚ ਚਾਰ ਕੰਟਰੋਲ ਰੂਮ ਸਥਾਪਿਤ ਕੀਤੇ

ਬਾਰ੍ਹਵੀਂ ਦੀ ਪ੍ਰੀਖਿਆ ਲਈ 2484 ਪ੍ਰੀਖਿਆ ਕੇਂਦਰ ਬਣਾਏ, 176 ਸੰਵੇਦਨਸ਼ੀਲ ਤੇ 72 ਅਤਿ ਸੰਵੇਦਨਸ਼ੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਲਈ ਜਾਣ ਵਾਲੀ ਬਾਰ੍ਹਵੀਂ ਦੀ ਸਾਲਾਨਾ ਪ੍ਰੀਖਿਆ ਭਲਕੇ 1 ਮਾਰਚ ਨੂੰ ਸ਼ੁਰੂ ਹੋਵੇਗੀ ਅਤੇ ਪਹਿਲਾ ਪੇਪਰ ਪੰਜਾਬੀ ਵਿਸ਼ੇ ਦਾ ਹੋਵੇਗਾ। ਬੋਰਡ ਨੇ ਐਤਕੀਂ ਨਕਲ ਰਹਿਤ ਪ੍ਰੀਖਿਆ ਕਰਵਾਉਣ ਦਾ ਤਹੱਈਆ ਕੀਤਾ ਹੈ। ਇਸ ਸਬੰਧੀ ਪਹਿਲੇ ਸਮਿਆਂ ਨਾਲੋਂ ਵਧੇਰੇ ਸਖ਼ਤੀ ਅਤੇ ਚੌਕਸੀ ਵਰਤੀ ਜਾ ਰਹੀ ਹੈ। ਬੋਰਡ ਮੁਖੀ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ ਪੰਜਾਬ ਭਰ ਵਿੱਚ 2484 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ’ਚੋਂ 176 ਸੰਵੇਦਨਸ਼ੀਲ ਅਤੇ 72 ਕੇਂਦਰਾਂ ਨੂੰ ਅਤਿ ਸੰਵੇਦਨਸ਼ੀਲ ਐਲਾਨਿਆਂ ਗਿਆ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਪ੍ਰਸ਼ਨ ਪੱਤਰ 14 ਟਰੱਕਾਂ ਵਿੱਚ ਸੀਲ ਕਰਕੇ ਜ਼ਿਲ੍ਹਾ ਬੁੱਕ ਡਿੱਪੂਆਂ ਰਾਹੀਂ ਵੱਖ ਵੱਖ ਬੈਂਕਾਂ ਵਿੱਚ ਭੇਜੇ ਗਏ ਹਨ। ਇਸ ਤੋਂ ਪਹਿਲਾਂ ਚੇਅਰਮੈਨ ਨੇ ਆਪਣੇ ਦਫ਼ਤਰ ਵਿੱਚ ਕੰਟਰੋਲਰ (ਪ੍ਰੀਖਿਆਵਾਂ) ਸੁਖਵਿੰਦਰ ਕੌਰ ਸਰੋਇਆ ਸਮੇਤ ਹੋਰ ਸਬੰਧਤ ਸ਼ਾਖਾਵਾਂ ਦੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲਿਆ।
ਸ੍ਰੀ ਕਲੋਹੀਆ ਨੇ ਦੱਸਿਆ ਕਿ ਪ੍ਰੀਖਿਆਵਾਂ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਲਈ ਇੱਕ ਇੱਕ ਵਿਸ਼ੇਸ਼ ਜ਼ਿਲ੍ਹਾ ਕੋ-ਆਰਡੀਨੇਟਰ ਤਾਇਨਾਤ ਕੀਤਾ ਗਿਆ ਹੈ। ਜਿਸ ਦਾ ਮੁੱਖ ਕੰਮ ਪ੍ਰੀਖਿਆਵਾਂ ਵੇਲੇ ਆਉਣ ਵਾਲੀਆਂ ਮੁਸ਼ਕਲਾਂ ਨੂੰ ਫੌਰੀ ਤੌਰ ’ਤੇ ਹੱਲ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕੋ-ਆਰਡੀਨੇਟਰਾਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਗਏ ਹਨ ਕਿ ਹਰੇਕ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਵਿਧਾ ਲਈ ਮੁਕੰਮਲ ਇੰਤਜਾਮ ਯਕੀਨੀ ਬਣਾਉਣ ਤਾਂ² ਜੋ ਵਿਦਿਆਥੀਆਂ ਨੂੰ ਪ੍ਰੀਖਿਆ ਦੌਰਾਨ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਕੰਟਰੋਲਰ (ਪ੍ਰੀਖਿਆਵਾਂ) ਦੇ ਦਫ਼ਤਰ ਸਮੇਤ ਚੇਅਰਮੈਨ, ਵਾਈਸ ਚੇਅਰਮੈਨ ਅਤੇ ਸਕੱਤਰ ਦੇ ਦਫ਼ਤਰਾਂ ਵਿੱਚ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ।
ਕੰਟਰੋਲਰ (ਪ੍ਰੀਖਿਆਵਾਂ) ਸੁਖਵਿੰਦਰ ਕੌਰ ਸਰੋਇਆ ਨੇ ਦੱਸਿਆ ਕਿ ਬਾਰ੍ਹਵੀਂ ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਸ਼ਾਮ ਦੇ ਸੈਸ਼ਨ ਵਿੱ‘ਚ 1 ਮਾਰਚ ਤੋਂ 27 ਮਾਰਚ ਤੱਕ ਲਈ ਜਾਵੇਗੀ। ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਹੋਵੇਗਾ। ਡੇਟਸ਼ੀਟ, ਵਿਦਿਆਰਥੀਆਂ ਦੇ ਰੋਲ ਨੰਬਰ ਅਤੇ ਹੋਰ ਵਧੇਰੇ ਜਾਣਕਾਰੀ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ’ਤੇ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ 3 ਲੱਖ 13 ਹਜ਼ਾਰ 202 ਵਿਦਿਆਰਥੀ ਅਪੀਅਰ ਹੋਣਗੇ। ਇਸ ਸਬੰਧੀ ਪੰਜਾਬ ਭਰ ਵਿੱਚ 2484 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ’ਚੋਂ 176 ਸੰਵੇਦਨਸ਼ੀਲ ਅਤੇ 72 ਕੇਂਦਰਾਂ ਨੂੰ ਅਤਿ ਸੰਵੇਦਨਸ਼ੀਲ ਐਲਾਨਿਆਂ ਗਿਆ ਹੈ। ਇਨ੍ਹਾਂ ਥਾਵਾਂ ’ਤੇ ਸੀਸੀਟੀਵੀ ਕੈਮਰਿਆਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਕਲ ਰੋਕਣ ਲਈ ਠੋਸ ਕਦਮ ਚੁੱਕੇ ਗਏ ਹਨ। ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ 270 ਉਡਣ ਦਸਤੇ ਬਣਾਏ ਗਏ ਹਨ। ਜਿਨ੍ਹਾਂ ਨੂੰ ਬੀਟਾਂ ਦੀ ਵੰਡ ਕਰਕੇ ਡਿਊਟੀਆਂ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਓਵਰਆਲ ਇੰਚਾਰਜ ਹੋਣਗੇ। ਉਨ੍ਹਾਂ ਦੱਸਿਆ ਕਿ ਉਡਣ ਦਸਤਿਆਂ ਨੂੰ ਸਪੈਸ਼ਲ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਚੈਕਿੰਗ ਦੌਰਾਨ ਪ੍ਰੀਖਿਆ ਦਾ ਕੰਮ ਪ੍ਰਭਾਵਿਤ ਨਾ ਹੋਵੇ ਅਤੇ ਤਲਾਸ਼ੀ ਦੌਰਾਨ ਵਿਦਿਆਰਥੀਆਂ ਦੇ ਮਨਾਂ ਵਿੱਚ ਦਹਿਸ਼ਤ ਨਾ ਪਾਈ ਜਾਵੇ। ਉਨ੍ਹਾਂ ਦੱਸਿਆ ਕਿ ਹਰੇਕ ਪ੍ਰੀਖਿਆ ਕੇਂਦਰ ਵਿੱਚ 11 ਸੁਪਰਡੈਂਟ ਅਤੇ ਅਬਜ਼ਰਵਰ ਸਮੇਤ ਸਬੰਧਤ ਪ੍ਰੀਖਿਆ ਅਮਲੇ ਦੀ ਤਾਇਨਾਤੀ ਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਅਬਜ਼ਰਵਰਾਂ ਦੀ ਰੋਜ਼ਾਨਾ ਡਿਊਟੀ ਚੇਂਜ ਹੋਵੇਗੀ ਜਦੋਂਕਿ ਡਿਪਟੀ ਕੰਟਰੋਲਰ (ਵਿਜੀਲੈਂਸ) ਪ੍ਰੀਖਿਆ ਕੇਂਦਰਾਂ ਦੇ ਬਾਹਰ ਅਮਨ ਕਾਨੂੰਨ ਅਤੇ ਬਾਹਰਲੀ ਦਖ਼ਲਅੰਦਾਜ਼ੀ ਨੂੰ ਰੋਕਣ ਲਈ ਡਿਊਟੀ ਦੇਣਗੇ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸ਼ੁਰੂ ਹੋਣ ਤੋਂ ਮਹਿਜ਼ ਅੱਧਾ ਘੰਟਾ ਪਹਿਲਾਂ ਹੀ ਬੈਂਕਾਂ ’ਚੋਂ ਪ੍ਰਸ਼ਨ ਪੱਤਰ ਕੱਢੇ ਜਾ ਸਕਣਗੇ। ਇਸ ਸਬੰਧੀ ਬੈਂਕ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਪ੍ਰਸ਼ਨ ਪੱਤਰਾਂ ਦੇ ਬੰਡਲ ਸਿਰਫ਼ ਅਧਿਕਾਰਤ ਨੁਮਾਇੰਦਿਆਂ ਨੂੰ ਦਿੱਤੇ ਜਾਣ ਤਾਂ ਜੋ ਪ੍ਰਸ਼ਨ ਪੱਤਰ ਲੀਕ ਨਾ ਹੋ ਸਕਣ।

Load More Related Articles
Load More By Nabaz-e-Punjab
Load More In Education and Board

Check Also

ਸਹੁੰ ਚੁੱਕ ਸਮਾਗਮ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ

ਸਹੁੰ ਚੁੱਕ ਸਮਾਗਮ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ ਨਬਜ਼-ਏ…