ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧ ਛੇਤੀ ਮੁਕੰਮਲ ਕੀਤੇ ਜਾਣ: ਬਰਸਟ

ਮੰਡੀ ਬੋਰਡ ਦੇ ਚੇਅਰਮੈਨ ਨੇ ਜ਼ਿਲ੍ਹਾ ਮੰਡੀ ਅਫ਼ਸਰਾਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 27 ਮਾਰਚ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮੂਹ ਜ਼ਿਲ੍ਹਾ ਮੰਡੀ ਅਫ਼ਸਰਾਂ ਨਾਲ ਮੀਟਿੰਗ ਕਰਕੇ ਹਾੜ੍ਹੀ ਸੀਜ਼ਨ ਦੀ ਮੁੱਖ ਫਸਲ ਕਣਕ ਦੇ ਅਗਾਊਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 1 ਅਪਰੈਲ ਤੋਂ ਪੰਜਾਬ ਦੀਆਂ ਸਾਰੀਆਂ ਮੰਡੀਆਂ ਅਤੇ ਸੀਜ਼ਨਲ ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼-ਸਫ਼ਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ ਅਤੇ ਛਾਂ ਸਬੰਧੀ ਪੁਖਤਾ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
ਚੇਅਰਮੈਨ ਬਰਸਟ ਨੇ ਜ਼ਿਲ੍ਹਾ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕਰਕੇ ਚੰਗੀ ਕਾਰਗੁਜ਼ਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ ਤਾਂ ਜੋ ਕਿਸਾਨ ਵੀ ਖੁਸ਼ੀ-ਖੁਸ਼ੀ ਆਪਣੀਆਂ ਫਸਲਾਂ ਨੂੰ ਬਿਨਾਂ ਕਿਸੇ ਸਮੱਸਿਆ ਤੋਂ ਵੇਚ ਸਕਣ। ਬਰਸਟ ਨੇ ਸਮੂਹ ਅਫ਼ਸਰਾਂ ਨੂੰ ਜਿੱਥੇ ਹਰਿਆਵਲ ਮੁਹਿੰਮ ਤਹਿਤ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ, ਉੱਥੇ ਹੀ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਕਿਸਾਨਾਂ ਨੂੰ ਪਿੰਡ ਪੱਧਰ ’ਤੇ ਜਾਗਰੂਕ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਸਹੂਲਤਾਂ ਦਾ ਲਾਭ ਲੈ ਸਕਣ।
ਮੀਟਿੰਗ ਵਿੱਚ ਮੁੱਖ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਤੇ ਗੁਰਿੰਦਰ ਸਿੰਘ ਚੀਮਾ, ਜੀਐਮ ਅਸਟੇਟ ਮਨਜੀਤ ਸਿੰਘ ਸੰਧੂ, ਡੀਜੀਐਮ ਮਾਰਕੀਟਿੰਗ ਸਵਰਨ ਸਿੰਘ, ਡੀਜੀਐਮ ਅਸਟੇਟ ਸ੍ਰੀਮਤੀ ਭਜਨ ਕੌਰ, ਕਾਰਜਕਾਰੀ ਇੰਜੀਨੀਅਰ ਗੁਰਿੰਦਰ ਪਾਲ ਸਿੰਘ ਸਮੇਤ ਹੋਰ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…