ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਫ਼ਸਲ ਕੱਟਣ ’ਤੇ ਪਾਬੰਦੀ ਦੇ ਹੁਕਮ

ਨਬਜ਼-ਏ-ਪੰਜਾਬ, ਮੁਹਾਲੀ, 29 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਜਿੱਥੇ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਝੋਨੇ ਦੀ ਫ਼ਸਲ ’ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਸਿੱਲਾ ਹੋਣ ਦੀ ਸੰਭਾਵਨਾ ਵਧਣ ਕਾਰਨ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਕੰਬਾਈਨਾਂ ਜਦੋਂ ਰਾਤ ਵੇਲੇ ਝੋਨੇ ਦੀ ਫ਼ਸਲ ਕੱਟਦੀਆਂ ਹਨ ਤਾਂ ਜਿਹੜੀ ਫ਼ਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ ਅਤੇ ਅਜਿਹਾ ਕਰਨ ਨਾਲ ਝੋਨੇ ਵਿੱਚ ਵੱਧ ਨਮੀ ਹੋਣ ਕਾਰਨ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ। ਜਿਸ ਦਾ ਦੇਸ਼ ਦੇ ਉਤਪਾਦਨ ’ਤੇ ਵੀ ਅਸਰ ਪੈਂਦਾ ਹੈ। ਇਸ ਤਰ੍ਹਾਂ ਝੋਨੇ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਜ਼ ਤੋਂ ਉੱਪਰ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਅਜਿਹੇ ਝੋਨੇ ਨੂੰ ਖ਼ਰੀਦਣ ਤੋਂ ਅਸਮਰਥ ਹੁੰਦੀਆਂ ਹਨ। ਜਿਸ ਕਰਨ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਤੋਂ ਇਲਾਵਾ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦੇ ਆਸਾਰ ਵੱਧ ਜਾਂਦੇ ਹਨ।
ਇਸ ਤੋਂ ਇਲਾਵਾ ਕੰਬਾਈਨਾਂ ਦਾ ਮਾਲਕ ਬਿਨਾਂ ਐਸ.ਐਮ.ਐਸ. ਲਗਾਏ ਝੋਨੇ ਦੀ ਕਟਾਈ ਕਰਦੇ ਹਨ, ਜਿਸ ਨਾਲ ਪ੍ਰਦੂਸ਼ਣ ਫੈਲਦਾ ਹੈ, ਇਸ ਲਈ ਬਿਨਾਂ ਐਸ.ਐਮ.ਐਸ. ਲਗਾਏ ਝੋਨੇ ਦੀ ਕਟਾਈ ਕਰਨ ਦੀ ਵੀ ਕੰਬਾਈਨ ਹਾਰਵੈਸਟਰ ’ਤੇ ਮਨਾਹੀ ਹੋਵੇਗੀ। ਇੰਜ ਹੀ ਝੋਨਾ ਕੱਟਣ ਤੋਂ ਬਾਅਦ ਕਿਸਾਨਾਂ ਵੱਲੋਂ ਰਹਿੰਦ-ਖਹੂੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ। ਜਿਸ ਦੇ ਫਲਸਰੂਪ ਇਸ ’ਚੋਂ ਨਿਕਲਣ ਵਾਲੀਆਂ ਗੈਸਾਂ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਉੱਥੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫ਼ਾਰਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਝੋਨਾ ਕੱਟਣ ਤੋਂ ਬਾਅਦ ਫ਼ਸਲ ਦੀ ਰਹਿੰਦ-ਖਹੂੰਦ ਨੂੰ ਨਾ ਸਾੜਿਆ ਜਾਵੇ ਤਾਂ ਜੋ ਹਾਨੀਕਾਰਕ ਗੈਸਾਂ ਤੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਜ਼ਿਲ੍ਹਾ ਮੈਜਿਸਟਰੇਟ ਨੇ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਸ਼ਾਮ 7 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਫ਼ਸਲ ਕੱਟਣ, ਰਹਿੰਦ-ਖਹੂੰਦ ਨੂੰ ਸਾੜਨ ਅਤੇ ਕੰਬਾਈਨਾਂ ਦੇ ਬਿਨਾਂ ਐਸ.ਐਮ.ਐਸ. ਲਗਾਏ ਝੋਨਾ ਕੱਟਣ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 25 ਨਵੰਬਰ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…