ਭਗਵੰਤ ਮਾਨ ਆਪਣੀ ਪਤਨੀ ਨਾਲ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਏ ਨਤਮਸਤਕ

ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ, ਸੰਗਤ ਨਾਲ ਬੈਠ ਕੇ ਸ਼ਬਦ ਕੀਰਤਨ ਸੁਣਿਆ

ਨਬਜ਼-ਏ-ਪੰਜਾਬ, ਮੁਹਾਲੀ, 16 ਮਾਰਚ:
ਦੇਸ਼ ਵਿੱਚ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਐਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਅੱਜ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ। ਦੋਵਾਂ ਨੇ ਸੰਗਤ ਵਿੱਚ ਬੈਠ ਕੇ ਸ਼ਬਦ ਕੀਰਤਨ ਵੀ ਸੁਣਿਆ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐੱਸਐੱਸਪੀ ਸੰਦੀਪ ਗਰਗ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ।
ਗੁਰਦੁਆਰਾ ਸਾਹਿਬ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਵਿਧਾਨ ਸਭਾ ਦੀਆਂ 117 ’ਚੋਂ 92 ਸੀਟਾਂ ਜਿੱਤ ਕੇ ਨਵਾਂ ਰਿਕਾਰਡ ਕਾਇਮ ਕੀਤਾ ਸੀ ਪਰ ਹੁਣ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਦੂਜੀ ਵਾਰ ਇਤਿਹਾਸ ਸਿਰਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੀ ਆਪ ਸਰਕਾਰ ਦੇ ਸ਼ਾਸ਼ਨ ਵਿੱਚ ਰਿਕਾਰਡ-ਤੋੜ ਵਿਕਾਸ ਹੋਇਆ ਹੈ ਅਤੇ ਉਹ ਵਿਕਾਸ ਦੇ ਨਾਂ ’ਤੇ ਹੀ ਵੋਟਾਂ ਮੰਗਣ ਲਈ ਲੋਕਾਂ ਕੋਲ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਸਮੇਂ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਪੜਾਅਵਾਰ ਲਗਪਗ ਸਾਰੇ ਪੂਰੇ ਕਰ ਦਿੱਤੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਦਿਨ ਉਨ੍ਹਾਂ ਨੇ ਖਟਕੜ ਕਲਾਂ ਤੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ। ਜਿੱਥੋਂ ਪ੍ਰੇਰਣਾ ਲੈ ਕੇ ਉਨ੍ਹਾਂ ਨੇ ਪੰਜਾਬ ਵਿੱਚ ਆਪਸੀ ਭਾਈਚਾਰੇ ਨੂੰ ਮਜਬੂਤ ਬਣਾਉਣ ਦੇ ਨਾਲ-ਨਾਲ ਵਿਕਾਸ ਦੀ ਗੱਡੀ ਨੂੰ ਲੀਹ ’ਤੇ ਪਾਇਆ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦਾ ਭਲਾ ਤਾਂ ਮੰਗਿਆ ਹੀ ਨਾਲ ਪੰਜਾਬ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਤਨਦੇਹੀ, ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਦਾ ਬੱਲ ਬਖ਼ਸ਼ਣ ਦੀ ਵੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣ ਦਾ ਟੀਚਾ ਮਿਥਿਆ ਹੈ। ਜਿਸ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਾਈ ਜਾਵੇਗੀ।
ਮੁੱਖ ਮੰਤਰੀ ਨੇ ਮਹਿਜ਼ ਦੋ ਸਾਲ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ 829 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਮੁਹਾਲੀ ਵਿੱਚ ਪੰਜਾਬ ਦਾ ਪਹਿਲਾ ਲਿਵਰ ਇੰਸਟੀਚਿਊਟ ਸਮੇਤ ਥਰਮਲ ਪਲਾਂਟ ਦੀ ਖ਼ਰੀਦ, 90 ਫੀਸਦੀ ਘਰਾਂ ਵਿੱਚ ਮੁਫ਼ਤ ਬਿਜਲੀ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, 65 ਹਜ਼ਾਰ ਕਰੋੜ ਦਾ ਨਿਵੇਸ਼, 42 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਅਤੇ ਬਾਕੀ ਰਹਿੰਦੇ ਮੁਲਾਜ਼ਮਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਪਤੀਆਂ ਬਹੁਤ ਜ਼ਿਆਦਾ ਹਨ, ਦੱਸਣ ਲੱਗਿਆ ਸ਼ਾਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪ ਕੇ ਦੁਆਰ ਸਕੀਮ ਤਹਿਤ ਪਿੰਡਾਂ ਦੀਆਂ ਸੱਥਾਂ ਵਿੱਚ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਬੂਹੇ ’ਤੇ 44 ਤੋਂ ਵੱਧ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਦਿੱਤਾ ਗਿਆ। ਜਿਸ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ ਜਦੋਂਕਿ ਪਹਿਲਾਂ ਲੋਕ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਹੁੰਦੇ ਰਹਿੰਦੇ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਧਰਮ ਅਤੇ ਜਾਤ-ਪਾਤ ਦੀ ਰਾਜਨੀਤੀ ਨਹੀਂ ਕਰਦੇ, ਸਗੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਚੋਣਾਂ ਦੌਰਾਨ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਾਰੀਆਂ ਪਾਰਟੀਆਂ ਦੀਆਂ ਰੈਲੀਆਂ ਵਿੱਚ ਜਾਣ ਪਰ ਵੋਟ ਆਪਣੀ ਮਰਜ਼ੀ ਨਾਲ ਪੰਜਾਬ ਦੀ ਖ਼ੁਸ਼ਹਾਲੀ ਨੂੰ ਮੱਦੇਨਜ਼ਰ ਰੱਖਦੇ ਹੋਏ ਚੰਗੇ ਉਮੀਦਵਾਰ ਨੂੰ ਹੀ ਪਾਉਣ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…