ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਨਬਜ਼-ਏ-ਪੰਜਾਬ, ਮੁਹਾਲੀ, 16 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਭਾਈ ਨਰੰਗ ਸਿੰਘ ਮਲੇਰਕੋਟਲੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਭਾਈ ਤਾਰੂ ਸਿੰਘ ਜੀ ਵੱਲੋਂ ਧਰਮ ਦੀ ਖਾਤਰ (ਗੁਰਸਿੱਖੀ ਦੀ ਮੋਹਰ) ਕੇਸਾਂ ਨੂੰ ਕਤਲ ਕਰਵਾਉਣ ਦੀ ਥਾਂ ਆਪਣੀ ਖੋਪਰੀ ਲੁਹਾ ਕੇ ਪ੍ਰਾਪਤ ਕੀਤੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ।
ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਦੇ ਰਾਗੀ ਜਥੇ ਨੇ ਆਪਣੇ ਰਸਭਿੰਨੇ ਕੀਰਤਨ ਨਾਲ ਇਲਾਹੀ ਬਾਣੀ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਸੇਵਕ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾ ਰਾਹੀ ਸੰਗਤ ਨੂੰ ਭਾਈ ਤਾਰੂ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਭਾਈ ਰਮਿੰਦਰ ਸਿੰਘ ਸਮਰਾਲੇ ਵਾਲੇ, ਭਾਈ ਹਰਵਿੰਦਰ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਮਿੱਤਰ ਪਿਆਰੇ ਨੂੰ ਕਵੀਸ਼ਰੀ ਜਥਾ, ਭਾਈ ਹਰਪ੍ਰੀਤ ਸਿੰਘ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਗੁਰਮੀਤ ਸਿੰਘ ਖਾਲਸਾ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ। ਸਾਵਨ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ’ਤੇ ਸੰਗਤ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 20 ਜੁਲਾਈ ਨੂੰ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ।