ਮੁੱਖ ਮੰਤਰੀ ਭਗਵੰਤ ਮਾਨ ਚੁਨੌਤੀਪੂਰਨ ਹਾਲਤਾਂ ਨਾਲ ਨਜਿੱਠਣ ’ਚ ਬੁਰੀ ਤਰ੍ਹਾਂ ਫੇਲ: ਸਿੱਧੂ

ਹੜ੍ਹਾਂ ਨੇ ‘ਆਪ’ ਸਰਕਾਰ ਦੇ ਮਾੜੇ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਕੀਤਾ ਪਰਦਾਫਾਸ਼

ਨਬਜ਼-ਏ-ਪੰਜਾਬ, ਮੁਹਾਲੀ, 18 ਜੁਲਾਈ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਸ ਦੇ ਕੈਬਨਿਟ ਸਾਥੀਆਂ ਉੱਤੇ ਹੜ੍ਹਾਂ ਦੀ ਨਾਜ਼ਕ ਸਥਿਤੀ ਅਤੇ ਚੁਨੌਤੀਪੂਰਨ ਹਾਲਾਤਾਂ ਨਾਲ ਨਜਿੱਠਣ ਲਈ ਫੇਲ ਸਾਬਤ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮਹਿਜ਼ ਆਪਣੀ ਬੱਲੇ-ਬੱਲੇ ਕਰਾਉਣ ਤੱਕ ਸੀਮਤ ਰਹੀ ਹੈ ਕਿਉਂਕਿ ਸਰਕਾਰੀ ਦਾਅਦੇ ਅਤੇ ਜ਼ਮੀਨੀ ਹਕੀਕਤ ਕੋਹਾਂ ਦੂਰ ਹੈ। ਅੱਜ ਇੱਥੇ ਬਲਬੀਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਹੜ੍ਹਾਂ ਉੱਤੇ ਵੀ ਸੌੜੀ ਰਾਜਨੀਤੀ ਕਰਨ ਵਿੱਚ ਐਨੇ ਰੁੱਝੇ ਹੋਏ ਹਨ ਕਿ ਨੁਕਸਾਨ ਦੇ ਅੰਦਾਜ਼ਾ ਲਗਾਉਣ ਅਤੇ ਮੁਆਵਜ਼ਾ ਦੇਣ ਬਾਰੇ ਨਿਰਦੇਸ਼ ਜਾਰੀ ਕਰਨਾ ਹੀ ਭੁੱਲ ਗਏ ਹਨ। ਜਦੋਂਕਿ ਸਮੇਂ ਦੀ ਲੋੜ ਹੈ ਕਿ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਜਲ ਨਿਕਾਸੀ ਦਾ ਪ੍ਰਬੰਧ ਕਰਨ, ਨੁਕਸਾਨ ਦਾ ਜਾਇਜ਼ਾ ਲੈਣ ਅਤੇ ਫੌਰੀ ਮੁਆਵਜ਼ਾ ਦੇਣਾ ਯਕੀਨੀ ਬਣਾਉਣ।
ਸ੍ਰੀ ਸਿੱਧੂ ਨੇ ਕਿਹਾ ਕਿ ਹਾਲਾਤ ਇਹ ਹਨ ਕਿ ਮੁੱਖ ਮੰਤਰੀ ਕੋਲ ਮਾਨਸਾ ਨਾਲ ਲਗਦੇ ਹਰਿਆਣਾ ਦੇ ਚਾਂਦਪੁਰਾ ਬੰਨ੍ਹ ਵਿੱਚ ਤਿੰਨ ਦਿਨ ਪਹਿਲਾਂ ਪਏ ਘੱਗਰ ਵਿਚਲੇ ਪਾੜ ਨੂੰ ਪੂਰਨ ਲਈ ਹਰਿਆਣਾ ਵੱਲੋਂ ਖੜੇ ਕੀਤੇ ਜਾ ਰਹੇ ਅੜਿੱਕੇ ਨੂੰ ਹਰਿਆਣਾ ਸਰਕਾਰ ਕੋਲ ਚੁੱਕਣ ਦਾ ਸਮਾਂ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਈ ਇਲਾਕਿਆਂ ਵਿੱਚ ਪਾਣੀ ਕਾਰਨ ਡਰਾਉਣੇ ਹਾਲਾਤ ਪੈਦਾ ਹੋ ਗਏ ਹਨ। ਪਿਛਲੇ ਹਫ਼ਤੇ ਤੋਂ ਜਨਜੀਵਨ ਠੱਪ ਹੈ, ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਇਲਾਵਾ ਹੁਣ ਬਿਮਾਰੀਆਂ ਫੈਲ ਰਹੀਆਂ ਹਨ ਪਰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ।
ਭਾਜਪਾ ਆਗੂ ਨੇ ਕਿਹਾ ਕਿ ਹੜ੍ਹਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਅਜਿਹੇ ਨਾਜ਼ੁਕ ਹਾਲਾਤਾਂ ਨੂੰ ਸੰਭਾਲਣ ਲਈ ਅਸਮਰੱਥ ਹੈ ਅਤੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸਿਰਫ਼ ਦੂਜਿਆਂ ’ਤੇ ਦੋਸ਼ ਮੜ੍ਹਨ ਤੱਕ ਸੀਮਤ ਹਨ। ਉਨ੍ਹਾਂ ਭਗਵੰਤ ਮਾਨ ਦੇ ਇਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਕਿ ਉਹ ਕੇਂਦਰ ਤੋਂ ਵਿੱਤੀ ਸਹਾਇਤਾ ਦੀ ਭੀਖ ਨਹੀਂ ਮੰਗਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਸਹਾਇਤਾ ਤੋਂ ਬਿਨਾਂ ਪੰਜਾਬ ਮੌਜੂਦਾ ਸਥਿਤੀ ’ਤੇ ਕਾਬੂ ਨਹੀਂ ਪਾ ਸਕਦਾ ਕਿਉਂਕਿ ਪੰਜਾਬ ਪਹਿਲਾਂ ਹੀ ਗੰਭੀਰ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਹਮੇਸ਼ਾ ਮੁੱਖ ਰੱਖਣਾ ਚਾਹੀਦਾ ਹੈ।
ਸ਼੍ਰੀ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੜਾਂ ਦੀ ਸਥਿਤੀ ਉਤੇ ਕਾਬੂ ਪਾਉਣ ਲਈ ਲੋੜੀਂਦੀਆਂ ਸ਼ਰਤਾਂ ਵਿੱਚ ਛੋਟ ਦੇ ਕੇ 218.40 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ, ਸਗੋਂ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਅਤੇ ਪੀੜਤਾਂ ਸੀ ਸਹਾਇਤਾ ਲਈ ਜੰਗੀ ਪੱਧਰ ‘ਤੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੁੱਝ ਆਗੂਆਂ ਵੱਲੋਂ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਧਮਕੀਆਂ ਦੇਣ ਵਾਲੀਆਂ ਵੀਡੀਓ ਜਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…