ਗਰੀਨ ਬੈਲਟ ਵਿੱਚ ਕੂੜੇ ਦੀ ਪ੍ਰੋਸੈਸਿੰਗ ਦਾ ਕੰਮ ਰੋਕਣ ਲਈ ਸ਼ਹਿਰ ਵਾਸੀ ਸੜਕਾਂ ’ਤੇ ਉਤਰੇ

ਮੇਅਰ ਜੀਤੀ ਸਿੱਧੂ ਨੇ ਮੌਕੇ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨਾਲ ਕੀਤੀ ਮੁਲਾਕਾਤ, ਲੋਕਾਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ, ਮੁਹਾਲੀ, 13 ਫਰਵਰੀ:
ਇੱਥੋਂ ਦੇ ਫੇਜ਼-5 ਨਾਲ ਲੱਗਦੀ ਗਰੀਨ ਬੈਲਟ ਵਿੱਚ ਆਰਐਮਸੀ ਕੇਂਦਰ ਦੇ ਨਾਲ ਮੁਹਾਲੀ ਨਗਰ ਨਿਗਮ ਵੱਲੋਂ ਕੂੜੇ ਦੀ ਪ੍ਰੋਸੈਸਿੰਗ ਪਲਾਂਟ ਲਗਾਉਣ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਸ਼ਹਿਰ ਵਾਸੀਆਂ ਨੇ ਅੱਜ ਭਾਜਪਾ ਆਗੂ ਤੇ ਸਾਬਕਾ ਕੌਂਸਲਰ ਅਸ਼ੋਕ ਝਾਅ ਦੀ ਅਗਵਾਈ ਹੇਠ ਰੋਸ ਪ੍ਰਗਟਾਇਆ ਅਤੇ ਉੱਥੇ ਕੂੜੇ ਦੇ ਪ੍ਰੋਸੈਸਿੰਗ ਪਲਾਂਟ ਦਾ ਕੰਮ ਰੋਕ ਦਿੱਤਾ। ਅਸ਼ੋਕ ਝਾਅ ਅਤੇ ਹੋਰਨਾਂ ਵਿਅਕਤੀਆਂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਹਿਲਾਂ ਹੀ ਨਿਯਮਾਂ ਦੀ ਉਲੰਘਣਾ ਕਰਕੇ ਗਰੀਨ ਬੈਲਟ ਵਿੱਚ ਕੂੜਾ ਇਕੱਠਾ ਕਰਨ ਲਈ ਆਰਐਮਸੀ ਕੇਂਦਰ (ਕੂੜਾਦਾਨ) ਬਣਾਇਆ ਗਿਆ ਹੈ। ਹੁਣ ਇੱਥੇ ਗਿੱਲੇ ਕੂੜੇ ਦੀ ਪ੍ਰੋਸੈਸਿੰਗ ਦਾ ਪਲਾਂਟ ਲਗਾਇਆ ਜਾ ਰਿਹਾ ਹੈ, ਜੋ ਪੂਰੀ ਤਰ੍ਹਾਂ ਗੈਰਕਾਨੂੰਨੀ ਹੈ।
ਸ਼ਹਿਰ ਵਾਸੀਆਂ ਨੇ ਕਿਹਾ ਕਿ ਗਾਰਬੇਜ ਪ੍ਰੋਸੈਸਿੰਗ ਯੂਨਿਟ ਨੂੰ ਰਿਹਾਇਸ਼ੀ ਖੇਤਰ ਤੋਂ ਦੂਰ ਲਗਾਇਆ ਜਾਵੇ ਕਿਉਂਕਿ ਇਹ ਖੇਤਰ ਫੇਜ਼-5, ਫੇਜ਼-4, ਇੰਡਸਟਰੀ ਏਰੀਆ ਫੇਜ਼-5, ਮਹਿੰਦਰਾ ਐਂਡ ਮਹਿੰਦਰਾ ਟਰੈਕਟਰ ਲਿਮਟਿਡ ਅਤੇ ਪਿੰਡ ਸ਼ਾਹੀਮਾਜਰਾ ਨਾਲ ਜੁੜਿਆ ਹੋਇਆ ਹੈ। ਇਸ ਪ੍ਰੋਸੈਸਿੰਗ ਯੂਨਿਟ ਦੇ ਕਾਰਨ ਆਲੇ-ਦੁਆਲੇ ਕੂੜੇ ਖਿੱਲਰਿਆ ਰਹਿੰਦਾ ਹੈ। ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਇਸ ਦਾ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ ਹੈ। ਮੌਕੇ ’ਤੇ ਪਹੁੰਚੇ ਕੌਂਸਲਰ ਜਗਦੀਸ਼ ਸਿੰਘ ਜੱਗਾ ਵੀ ਲੋਕਾਂ ਦੀ ਮੰਗ ਨੂੰ ਜਾਇਜ਼ ਦੱਸਦਿਆਂ ਉਨ੍ਹਾਂ ਦਾ ਸਮਰਥਨ ਕੀਤਾ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੌਕੇ ’ਤੇ ਪਹੁੰਚ ਕੇ ਕੰਮ ਬੰਦ ਨਾ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧੀ ਨਿਗਮ ਕਮਿਸ਼ਨਰ ਅਤੇ ਹੋਰਨਾਂ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਮਸਲੇ ਦਾ ਹੱਲ ਕੱਢਣਗੇ। ਇਸ ਮਗਰੋਂ ਸ਼ਹਿਰ ਵਾਸੀਆਂ ਦੇ ਵਫ਼ਦ ਨੇ ਡੀਸੀ ਮੰਗ ਪੱਤਰ ਦੇ ਕੇ ਇਸ ਮਸਲੇ ਦਾ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਨਗਰ ਨਿਗਮ ਵੱਲੋਂ ਗਮਾਡਾ ਤੋਂ ਲੋੜੀਂਦੀ ਮਨਜ਼ੂਰੀ ਨਹੀਂ ਲਈ ਗਈ ਹੈ। ਨਗਰ ਨਿਗਮ ਵੱਲੋਂ ਸਾਰੇ ਆਰਐਮਸੀ ਪਲਾਂਟ ਸ਼ਹਿਰ ਦੇ ਬਾਹਰ ਲਗਾਉਣ ਸਬੰਧੀ ਹਾਈਕੋਰਟ ਵਿੱਚ ਹਲਫ਼ੀਆ ਬਿਆਨ ਵੀ ਦਿੱਤਾ ਗਿਆ ਹੈ। ਇਸਦੇ ਬਾਵਜੂਦ ਰਿਹਾਇਸ਼ੀ ਖੇਤਰ ਵਿੱਚ ਇਹ ਪ੍ਰੋਸੈਸਿੰਗ ਪਲਾਂਟ ਲਗਾ ਕੇ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਰਾਜਿੰਦਰ ਸਿੰਘ ਰਾਜੂ, ਮਹਿੰਦਰ ਸਿੰਘ, ਰੁਪਿੰਦਰ ਸਿੰਘ, ਵਿਜੈ ਗੋਇਲ, ਸੁਖਵਿੰਦਰ ਸਿੰਘ, ਸਤਨਾਮ ਸਿੰਘ, ਦਲੀਪ ਸਿੰਘ, ਪ੍ਰਦੀਪ ਝਾਅ, ਰਣਵੀਰ ਸਿੰਘ, ਅਵਤਾਰ ਸਿੰਘ, ਜੋਗਿੰਦਰ ਕੌਰ, ਊਸ਼ਾ ਸਾਹੀ, ਰਣਜੀਤ ਕੌਰ, ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਸਨੀਕ ਹਾਜਿਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…