ਸੀਐਮ ਭਗਵੰਤ ਮਾਨ ਨੇ ਲੋਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਕੀਤੀ ਭਾਵੁਕ ਅਪੀਲ

ਪੰਜਾਬੀਆਂ ਨੂੰ ਮਿਜ਼ਾਈਲ/ਡਰੋਨ ਪ੍ਰਭਾਵ ਵਾਲੇ ਖੇਤਰਾਂ ਤੋਂ ਬਚਣ, ਫੌਜਾਂ ਦੇ ਨਾਲ ਖੜ੍ਹੇ ਰਹਿਣ ਲਈ ਕਿਹਾ

ਨਬਜ਼-ਏ-ਪੰਜਾਬ, ਮੁਹਾਲੀ, 10 ਮਈ:
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ ’ਤੇ ਜਲਦੀ ਨਾ ਜਾਣ ਅਤੇ ਅਣਪਛਾਤੇ ਮਲਬੇ ਨੂੰ ਛੂਹਣ ਤੋਂ ਗੁਰੇਜ਼ ਕਰਨ, ਜਦੋਂ ਤੱਕ ਫੌਜ ਦੇ ਅਧਿਕਾਰੀਆਂ ਵੱਲੋਂ ਉਸ ਨੂੰ ਨਕਾਰਾ ਨਹੀਂ ਕਰ ਲਿਆ ਜਾਂਦਾ। ਅੱਜ ਮੁਹਾਲੀ ਦੇ ਸੈਕਟਰ-79 ਵਿਖੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨਾਂ ਨੂੰ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਡਰੋਨ ਜਾਂ ਮਿਜ਼ਾਈਲ ਦਾ ਕੋਈ ਵੀ ਹਿੱਸਾ ਮਿਲਦਾ ਹੈ, ਲੋਕਾਂ ਨੂੰ ਉਸ ਥਾਂ ਛੇਤੀ ਨਹੀਂ ਜਾਣਾ ਚਾਹੀਦਾ ਕਿਉਂਕਿ ਇਹ ਨਕਾਰਾ ਹੋਣ ਤੋਂ ਪਹਿਲਾਂ ਨੁਕਸਾਨਦੇਹ ਹੋ ਸਕਦਾ ਹੈ।
ਆਮ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਹ ਕੋਈ ਮਿਜ਼ਾਈਲ ਜਾਂ ਬੈਲਿਸਟਿਕ ਸਮੱਗਰੀ ਦੇਖਦੇ ਹਨ ਤਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਜਿਹੀਆਂ ਖ਼ਤਰਨਾਕ ਵਸਤੂਆਂ ਦੇ ਨੇੜੇ ਜਾਣ ਜਾਂ ਛੂਹਣ ਤੋਂ ਸੁਚੇਤ ਕੀਤਾ ਕਿਉਂਕਿ ਇਹ ਘਾਤਕ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਾਕਿਸਤਾਨ ਵਿਰੁੱਧ ਇਸ ਜੰਗ ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਹਰ ਸੰਭਵ ਮਦਦ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦਾ ਦੋਹਰਾ ਚਿਹਰਾ ਨੰਗਾ ਹੋ ਗਿਆ ਹੈ ਕਿਉਂਕਿ ਉਹ ਹਥਿਆਰਾਂ ਦੀ ਵਰਤੋਂ ਤੇਜ਼ ਕਰਕੇ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਦੂਜੇ ਪਾਸੇ ਸ਼ਾਂਤੀ ਦੀ ਗੱਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਗੇ ਹੋ ਕੇ ਅਗਵਾਈ ਕਰੇਗਾ ਅਤੇ ਹਮੇਸ਼ਾ ਵਾਂਗ ਅਸੀਂ ਦੇਸ਼ ਲਈ ਹਰ ਕੁਰਬਾਨੀ ਦੇਵਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਬਹੁਤ ਬਹਾਦਰ ਹਨ, ਜਿਨ੍ਹਾਂ ਨੇ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਖੜਗ ਭੁਜਾ ਵਾਂਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫੌਜਾਂ ਨੇ ਪਾਕਿਸਤਾਨ ਵਿੱਚ ਚੱਲ ਰਹੇ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਹੈ, ਜਦੋਂਕਿ ਗੁਆਂਢੀ ਦੇਸ਼ ਰਿਹਾਇਸ਼ੀ ਇਲਾਕਿਆਂ ’ਤੇ ਹਮਲਾ ਕਰ ਰਿਹਾ ਹੈ। ਸਿਵਲ ਅਤੇ ਫੌਜੀ ਖੇਤਰਾਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਇਰਤਾਪੂਰਨ ਕਾਰਵਾਈ ਹੈ ਕਿਉਂਕਿ ਗੁਆਂਢੀ ਦੇਸ਼ ਬੇਦੋਸਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੀਆਂ ਹਥਿਆਰਬੰਦ ਫੌਜਾਂ ਪਾਕਿਸਤਾਨ ਦੀਆਂ ਅਜਿਹੀਆਂ ਕਾਰਵਾਈਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਧਾਰਮਿਕ ਸਹਿਣਸ਼ੀਲਤਾ, ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਗਟਾਵਾ ਕਰਕੇ ਇਨ੍ਹਾਂ ਹਾਲਾਤ ਵਿੱਚ ਸੰਜਮ ਵਰਤਣ ਦੀ ਅਪੀਲ ਵੀ ਕੀਤੀ। ਪੰਜਾਬ ਦੀ ਬਹਾਦਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਭਾਰਤੀ ਫੌਜ ਦੇ ਨਾਲ ਡਟ ਕੇ ਨਾਲ ਖੜ੍ਹਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਪਹਿਰਾ ਦੇ ਰਹੀਆਂ ਹਥਿਆਰਬੰਦ ਸੈਨਾਵਾਂ ਨੂੰ ਪਹਿਲਾਂ ਹੀ ਹਰ ਸੰਭਵ ਮਦਦ ਦੇ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਹੱਦਾਂ ’ਤੇ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਖਰੀਦਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਪਾਕਿਸਤਾਨ ਨਾਲ ਲੱਗਦੀ 532 ਕਿੱਲੋਮੀਟਰ ਸਰਹੱਦ ’ਤੇ ਐਂਟੀ-ਡਰੋਨ ਸਿਸਟਮ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਵਿਵਸਥਾ ਡਰੋਨਾਂ ਰਾਹੀਂ ਸਰਹੱਦ ’ਤੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਵਿੱਚ ਮਦਦ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ’ਤੇ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਇਸ ਨੇਕ ਉਪਰਾਲੇ ਲਈ ਸੂਬਾ ਸਰਕਾਰ ਵੱਲੋਂ 51.41 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਯੁੱਧ ਵਿੱਚ ਹਥਿਆਰਬੰਦ ਸੈਨਾਵਾਂ ਵੱਲੋਂ ਮੰਗੀ ਗਈ ਹੋਰ ਮਦਦ ਨੂੰ ਸੂਬਾ ਸਰਕਾਰ ਹਰ ਤਰੀਕੇ ਨਾਲ ਪੂਰਾ ਕਰੇਗੀ।
ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਕੁਲਵੰਤ ਸਿੰਘ, ਵਧੀਕ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡੀਸੀ ਕੋਮਲ ਮਿੱਤਲ, ਐੱਸਐੱਸਪੀ ਦੀਪਕ ਪਾਰਿਕ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡੀਆਈਜੀ ਹਰਚਰਨ ਸਿੰਘ ਭੁੱਲਰ, ਨਿਗਮ ਕਮਿਸ਼ਨਰ ਪਰਮਿੰਦਰਪਾਲ ਸਿੰਘ, ਡੀਐਸਪੀ ਹਰਸਿਮਰਨ ਸਿੰਘ ਬੱਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…