ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਜ਼ਿਲ੍ਹੇ ਦੇ ਲੋਕਾਂ ਨੂੰ ਦਿੱਤਾ 13 ਕਰੋੜ ਰੁਪਏ ਦਾ ਤੋਹਫਾ

ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਨਬਜ਼-ਏ-ਪੰਜਾਬ, ਮਲੇਰਕੋਟਲਾ, 18 ਜੁਲਾਈ 2025:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 6 ਕਰੋੜ 36 ਲੱਖ ਖਰਚ ਕੀਤੇ ਗਏ ਹਨ ਜਦਕਿ ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੀ ਇਮਾਰਤ ਦੀ ਉਸਾਰੀ ’ਤੇ 6 ਕਰੋੜ 86 ਲੱਖ ਰੁਪਏ ਦੀ ਲਾਗਤ ਆਈ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰਗੜ੍ਹ ਤਹਿਸੀਲ ਕੰਪਲੈਕਸ 27 ਹਜ਼ਾਰ ਸੁਕੈਅਰ ਫੁੱਟ ਰਕਬੇ ਵਿੱਚ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਵੱਡਾ ਹਾਲ, 26 ਕੈਬਿਨ ਅਤੇ ਹੋਰ ਦਫ਼ਤਰ ਸਥਾਪਤ ਕੀਤੇ ਗਏ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਅਹਿਮਦਗੜ੍ਹ ਦਾ ਨਵਾਂ ਤਹਿਸੀਲ ਕੰਪਲੈਕਸ 2.39 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਮੰਜ਼ਲੀ ਤਹਿਸੀਲ ਕੰਪਲੈਕਸ ਵਿੱਚ ਐਸ.ਡੀ.ਐਮ. ਕੋਰਟ ਰੂਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਪਟਵਾਰਖਾਨਾ, ਸਟਾਫ ਰੂਮਜ਼, ਰਜਿਸਟ੍ਰੇਸ਼ਨ ਕਾਊਂਟਰ ਅਤੇ ਹੋਰ ਵਿਭਾਗਾਂ ਦੇ ਦਫ਼ਤਰ ਸਥਾਪਤ ਸਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਰੈਂਪ ਅਤੇ ਲਿਫਟਾਂ ਵੀ ਸਥਾਪਤ ਕੀਤੀਆਂ ਗਈਆਂ ਹਨ ਤਾਂ ਕਿ ਉਨ੍ਹਾਂ ਨੂੰ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮਕਾਜ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਹਜ਼ਾਰਾਂ ਲੋਕ ਹਰ ਰੋਜ਼ ਆਪਣੇ ਕੰਮਕਾਜ ਲਈ ਇਨ੍ਹਾਂ ਦਫ਼ਤਰਾਂ ਵਿੱਚ ਆਉਂਦੇ ਹਨ ਅਤੇ ਇਸੇ ਕਰਕੇ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਕੰਪਲੈਕਸਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਵਿੱਖ ਦੀਆਂ ਲੋੜਾਂ ਦੇ ਮੱਦੇਨਜ਼ਰ ਇਨ੍ਹਾਂ ਇਮਾਰਤਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਲੋਕ ਪੱਖੀ ਕਾਰਜਾਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਦਫ਼ਤਰਾਂ ਨਾਲ ਸਟਾਫ ਨੂੰ ਢੁਕਵਾਂ ਮਾਹੌਲ ਮਿਲੇਗਾ ਜਿਸ ਨਾਲ ਉਹ ਬਿਨਾਂ ਕਿਸੇ ਖੱਜਲ-ਖੁਆਰੀ ਦੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦੇਣਗੇ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …